ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਵਿੱਚ ਐਮਰਜੈਂਸੀ ਲਾਗੂ

ਕੋਲੰਬੋ, 6 ਮਈ – ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਵਿੱਚ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਨੇ ਦੇਸ਼ ਵਿੱਚ ਐਮਰਜੈਂਸੀ ਐਲਾਨ ਦਿੱਤੀ ਹੈ ਅਤੇ ਇਹ ਸ਼ੁੱਕਰਵਾਰ ਅੱਧੀ ਰਾਤ ਤੋਂ ਲਾਗੂ ਹੋ ਗਈ ਹੈ। ਰਾਸ਼ਟਰਪਤੀ ਦੇ ਇਸ ਫ਼ੈਸਲੇ ਨਾਲ ਪੁਲੀਸ ਨੂੰ ਕਿਸੇ ਨੂੰ ਵੀ ਗ੍ਰਿਫ਼ਤਾਰ ਤੇ ਹਿਰਾਸਤ ਵਿੱਚ ਲੈਣ ਦੇ ਅਖ਼ਤਿਆਰ ਮਿਲ ਜਾਣਗੇ। ਰਾਸ਼ਟਰਪਤੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਐਮਰਜੈਂਸੀ ਲਾਉਣ ਪਿਛਲਾ ਅਸਲ ਮੰਤਵ ਲੋਕਾਂ ਦੀ ਸੁਰੱਖਿਆ ਅਤੇ ਜ਼ਰੂਰੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਹੈ। ਇਹ ਫ਼ੈਸਲਾ ਅਜਿਹੇ ਮੌਕੇ ਆਇਆ ਹੈ ਜਦੋਂ ਪਿਛਲੇ ਕੁੱਝ ਹਫ਼ਤਿਆਂ ਤੋਂ ਰਾਸ਼ਟਰਪਤੀ ਅਤੇ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਸ੍ਰੀਲੰਕਾ ‘ਚ ਜਾਰੀ ਗੰਭੀਰ ਆਰਥਿਕ ਸੰਕਟ ਦੇ ਚੱਲਦੇ ਮਹਿੰਦਰਾ ਰਾਜਪਕਸੇ ਸਰਕਾਰ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰ ਰਹੀ ਹੈ।