ਉਦੈਪੁਰ ਘਟਨਾ: ਦਰਜ਼ੀ ਕੱਨ੍ਹਈਆ ਲਾਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

ਉਦੈਪੁਰ, 1 ਜੁਲਾਈ – ਇੱਥੇ ਪੁਲੀਸ ਨੇ ਦਰਜ਼ੀ ਕੱਨ੍ਹਈਆ ਲਾਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦੋ ਵਿਅਕਤੀਆਂ ਮੋਸਿਨ ਤੇ ਆਸਿਫ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਦੋਹਾਂ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਹਾਂ ਨੂੰ ਇੱਕ ਦਿਨ ਦੇ ਟਰਾਂਜ਼ਿਟ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਨ੍ਹਾਂ ਦੋਹਾਂ ਨੂੰ ਹੁਣ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਵੱਲੋਂ ਸ਼ਨੀਵਾਰ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਏਟੀਐੱਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਅਸ਼ੋਕ ਰਾਠੌਰ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ‘ਤੇ ਅਪਰਾਧਿਕ ਸਾਜ਼ਿਸ਼ ਰਚਣ ਤੇ ਦਰਜ਼ੀ ਦੀ ਦੁਕਾਨ ਦੀ ਰੇਕੀ ਕਰਨ ਦਾ ਦੋਸ਼ ਹੈ। ਉਨ੍ਹਾਂ ਕਿਹਾ ਕਿ ਦੋਵੇਂ ਜਣੇ ਕੱਨ੍ਹਈਆ ਲਾਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਿੱਚ ਸ਼ਾਮਲ ਹਨ ਤੇ ਦੋਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਦਰਜ਼ੀ ਕੱਨ੍ਹਈਆ ਲਾਲ ਦੀ ਹੱਤਿਆ ਮੰਗਲਵਾਰ ਨੂੰ ਹੋਈ ਸੀ ਤੇ ਪੁਲੀਸ ਨੇ ਮੁੱਖ ਮੁਲਜ਼ਮ ਰਿਆਜ਼ ਅਖ਼ਤਰੀ ਤੇ ਗੌਸ ਮੁਹੰਮਦ ਨੂੰ ਇਸ ਘਟਨਾ ਦੇ ਕੁੱਝ ਘੰਟਿਆਂ ਮਗਰੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਹੀ ਹੱਤਿਆ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਅੱਪਲੋਡ ਕੀਤੀ ਸੀ। ਸ੍ਰੀ ਰਾਠੌਰ ਨੇ ਦੱਸਿਆ ਕਿ ਦੋਹੇਂ ਮੁੱਖ ਮੁਲਜ਼ਮ ਨਿਆਂਇਕ ਹਿਰਾਸਤ ਤਹਿਤ ਅਜਮੇਰ ਦੀ ਉੱਚ ਸੁਰੱਖਿਆ ਜੇਲ੍ਹ ਵਿੱਚ ਬੰਦ ਹਨ।