ਨਵੀਂ ਦਿੱਲੀ, 22 ਅਗਸਤ – ਇਥੇ ਜੰਤਰ-ਮੰਤਰ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਇਕ ਦਿਨ ਦੀ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਹਜ਼ਾਰਾਂ ਕਿਸਾਨ ਪਹੁੰਚੇ। ਦਿੱਲੀ ਪੁਲੀਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸਮੇਤ ਹਰਿਆਣਾ, ਉੱਤਰ ਪ੍ਰਦੇਸ਼, ਕੇਰਲਾ ਆਦਿ ਰਾਜਾਂ ਤੋਂ ਕਿਸਾਨ ਯੂਨੀਅਨਾਂ ਦੇ ਕਾਰਕੁਨ ਪਹੁੰਚੇ ਹਨ। ਉਂਜ ਜੰਤਰ ਮੰਤਰ ’ਤੇ ਤਜਵੀਜ਼ਤ ਮਹਾਪੰਚਾਇਤ ਤੋਂ ਪਹਿਲਾਂ ਗਾਜ਼ੀਪੁਰ ਬਾਰਡਰ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ ਹਨ। ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕੁਝ ਟਿਕਾਣਿਆਂ ’ਤੇ ਜੰਤਰ ਮੰਤਰ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਿਆ ਗਿਆ ਹੈ। ਹਾਲਾਂਕਿ ਪੁਲੀਸ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਹੈ।
ਮੋਰਚੇ ਦੇ ਆਗੂ ਤੇੇ ‘ਮਹਾਪੰਚਾਇਤ’ ਦੇ ਪ੍ਰਬੰਧਕਾਂ ’ਚੋਂ ਇਕ ਅਭਿਮੰਨਿਊ ਸਿੰਘ ਕੋਹਾੜ ਨੇ ਕਿਹਾ, ‘‘ਇਕ ਦਿਨ ਦੀ ਮਹਾਪੰਚਾਇਤ ਸ਼ਾਂਤੀਪੂਰਵਕ ਢੰਗ ਨਾਲ ਕੀਤੇ ਜਾਣ ਵਾਲਾ ਸਮਾਗਮ ਹੈ, ਜਿੱਥੇ ਅਸੀਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਸਮੇਤ ਆਪਣੀਆਂ ਹੋਰ ਬਕਾਇਆ ਮੰਗਾਂ ਦੁਹਰਾਵਾਂਗੇ।’’ ਕੋਹਾੜ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਆ ਰਹੇ ਕਿਸਾਨਾਂ ਨੂੰ ਐਤਵਾਰ ਰਾਤ ਨੂੰ ਰੋਕਿਆ ਗਿਆ। ਉਨ੍ਹਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ, ਰਕਾਬਗੰਜ ਤੇ ਮੋਦੀ ਬਾਗ ਲਿਜਾਇਆ ਗਿਆ ਤੇ ਮਗਰੋਂ ਰਿਹਾਅ ਕਰ ਦਿੱਤਾ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ, ਕਰਨਾਟਕ, ਯੂਪੀ ਤੇ ਹਰਿਆਣਾ ਦੇ ਕੁਝ ਹਿੱਸਿਆਂ ਤੋਂ ਕਿਸਾਨ ਦਿੱਲੀ ਪੁੱਜ ਗਏ ਹਨ।
Home Page ਕਿਸਾਨਾਂ ਵੱਲੋਂ ਐੱਮਐੱਸਪੀ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਜੰਤਰ ਮੰਤਰ ਵਿਖੇ...