ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਧਰਨੇ ‘ਤੇ ਬੈਠੇ
ਚੰਡੀਗੜ੍ਹ, 19 ਅਕਤੂਬਰ – ਅੱਜ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੱਦਿਆਂ ਗਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਦੇ ਸੈਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਹਿੱਸਾ ਲੈਣ ਲਈ ਟਰੈਕਟਰ ‘ਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੁਲੀਸ ਨੇ ਸੈਕਟਰ 2 ਵਿੱਚ ਰੋਕ ਲਿਆ ਸੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵੀ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਟਰੈਕਟਰਾਂ ‘ਤੇ ਪੁੱਜੇ। ਮਜੀਠੀਆ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਜਾਣ ਲਈ ਟਰੈਕਟਰਾਂ ਦੀ ਚੋਣ ਕੀਤੀ ਹੈ।
ਆਪ ਦੇ ਵਿਧਾਇਕ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਾਰੀ ਰੋਸ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਨਾਂ ਸ਼ਾਮਲ ਕਰਨ ਲਈ ਸਦਨ ਵਿੱਚ ਮਤਾ ਪੇਸ਼ ਕੀਤਾ। ਇਸ ਤੋਂ ਬਾਅਦ ਸਦਨ ਨੇ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਤੋਂ ਬਾਅਦ ਸਦਨ ਇਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਅਕਾਲੀਆਂ ਨੇ ਵਿਧਾਨ ਸਭਾ ਦੇ ਬਾਹਰ ‘ਕਾਲੇ’ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਗੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ ਵੀ ਲੰਬੇ ਸਮੇਂ ਬਾਅਦ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਏ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕੀਤਾ ‘ਪੰਜਾਬ ਵਿਧਾਨ ਸਭਾ ਨੂੰ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਕਿਸਾਨਾਂ ਦੇ ਪ੍ਰਤੀਨਿਧਾਂ ਨੂੰ ਬੇਇੱਜ਼ਤ ਕਰਨ ਦੀ ਨਿਖੇਧੀ ਕਰਦਿਆਂ ਸਰਬਸੰਮਤੀ ਨਾਲ ਇਕ ਮਤਾ ਪਾਸ ਕਰਨਾ ਚਾਹੀਦਾ ਹੈ। ਅਜਿਹਾ ਕਰਕੇ ਭਾਜਪਾ ਨੇ ਸਿਰਫ਼ ਕਿਸਾਨ ਭਾਈਚਾਰੇ ਨੂੰ ਹੀ ਨਹੀਂ ਸਗੋਂ ਪੰਜਾਬ ਨੂੰ ਵੀ ਬੇਇੱਜ਼ਤ ਕੀਤਾ ਹੈ।’ ਇਕ ਘੰਟੇ ਬਾਅਦ ਜੁੜਿਆ ਸੈਸ਼ਨ ਕੁੱਝ ਦੇਰ ਮਗਰੋਂ ਹੀ ਅਗਲੇ ਦਿਨ ਲਈ ਉਠਾ ਦਿੱਤਾ ਗਿਆ।
Home Page ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੱਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੱਲ੍ਹ...