ਨਵੀਂ ਦਿੱਲੀ, 23 ਜਨਵਰੀ – ਇੱਥੇ ਦੇ ਵਿਗਿਆਨ ਭਵਨ ਵਿਖੇ 22 ਜਨਵਰੀ ਦਿਨ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਹੋਈ 11ਵੇਂ ਗੇੜ ਦੀ ਗੱਲਬਾਤ ਵੀ ਬੇਸਿੱਟਾ ਰਹੀ ਅਤੇ ਗੱਲਬਾਤ ਕਿਸੇ ਪਾਸੇ ਨਹੀਂ ਲੱਗ ਸਕੀ। ਮੀਟਿੰਗ ਦੌਰਾਨ ਦੋਵੇਂ ਧਿਰਾਂ ਆਪੋ ਆਪਣੇ ਸਟੈਂਡ ‘ਤੇ ਕਾਇਮ ਰਹੀਆਂ। ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਸਾਫ਼ ਕਰ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਗਠਿਤ ਕਰਨ ਤੋਂ ਬਿਹਤਰ ਬਦਲ ਨਹੀਂ ਦੇ ਸਕਦੀ। ਸਰਕਾਰ ਨੇ ਕਿਹਾ ਕਿ ਕਿਸਾਨ ਸਰਕਾਰ ਦੀਆਂ ਇਨ੍ਹਾਂ ਦੋਵਾਂ ਤਜਵੀਜ਼ਾਂ ‘ਤੇ ਮੁੜ ਗ਼ੌਰ ਕਰਨ। ਪਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਸਰਕਾਰ ਨੂੰ ਕਿਸਾਨੀ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਦੋਵਾਂ ਧਿਰਾਂ ‘ਚ ਅਗਲੇ ਗੇੜ ਦੀ ਗੱਲਬਾਤ ਲਈ ਵੀ ਕੋਈ ਤਰੀਕ ਨਹੀਂ ਮਿਥੀ ਗਈ। ਇਸ ਮੀਟਿੰਗ ਦੌਰਾਨ ਦੋਵੇਂ ਧਿਰਾਂ 30 ਮਿੰਟਾਂ ਲਈ ਵੀ ਇਕ ਦੂਜੇ ਦੇ ਆਹਮੋ ਸਾਹਮਣੇ ਨਹੀਂ ਹੋਈਆਂ। ਉਂਜ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨ ਯੂਨੀਅਨਾਂ ਨੂੰ ਇੰਨਾ ਜ਼ਰੂਰ ਕਿਹਾ ਕਿ ਜੇ ਕਿਸਾਨ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਤਜਵੀਜ਼ ‘ਤੇ ਵਿਚਾਰ ਚਰਚਾ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਇਕ ਹੋਰ ਗੇੜ ਦੀ ਗੱਲਬਾਤ ਲਈ ਤਿਆਰ ਹੈ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਗੱਲਬਾਤ ਟੁੱਟ ਗਈ ਹੈ ਕਿਉਂਕਿ ਜਥੇਬੰਦੀਆਂ ਨੇ ਸਰਕਾਰ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਗੱਲਬਾਤ ਕਿਸੇ ਪਾਸੇ ਨਹੀਂ ਲੱਗ ਸਕੀ। ਸਰਕਾਰ ਨੇ ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਮੁਅੱਤਲ ਕਰਨ ਦੀ ਤਜਵੀਜ਼ ‘ਤੇ ਵਿਚਾਰ ਕਰਨ ਲਈ ਸਹਿਮਤ ਹੋ ਜਾਣਗੀਆਂ ਤਾਂ ਹੀ ਅਗਲੀ ਬੈਠਕ ਕੀਤੀ ਜਾਵੇਗੀ। ਸਰਕਾਰ ਦੇ ਰੁੱਖ ਨੂੰ ਦੇਖਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਹੁਣ ਆਪਣਾ ਪ੍ਰਦਰਸ਼ਨ ਹੋਰ ਤਿੱਖਾ ਕਰਨਗੇ ਅਤੇ ਦੋਸ਼ ਲਾਇਆ ਕਿ ਬੈਠਕ ਦੌਰਾਨ ਸਰਕਾਰ ਦਾ ਰਵੱਈਆ ਸਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਤੈਅ ਪ੍ਰੋਗਰਾਮ ਮੁਤਾਬਿਕ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢੀ ਜਾਵੇਗੀ।
ਅੱਜ ਮੀਟਿੰਗ ਦੇ ਸ਼ੁਰੂ ‘ਚ ਹੀ ਕਿਸਾਨ ਆਗੂਆਂ ਨੇ ਸਰਕਾਰੀ ਤਜਵੀਜ਼ ਰੱਦ ਕਰਨ ਦੇ ਫ਼ੈਸਲੇ ਦੀ ਜਾਣਕਾਰੀ ਦਿੱਤੀ। ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਸ ‘ਤੇ ਇਤਰਾਜ਼ ਜਤਾਇਆ ਕਿ ਕਿਸਾਨਾਂ ਨੇ ਸਰਕਾਰ ਦੀ ਪੇਸ਼ਕਸ਼ ਰੱਦ ਕਰਨ ਦੇ ਫ਼ੈਸਲੇ ਦੀ ਜਾਣਕਾਰੀ ਪਹਿਲਾਂ ਮੀਡੀਆ ਨੂੰ ਕਿਉਂ ਦਿੱਤੀ ਗਈ। ਕਿਸਾਨ ਆਗੂਆਂ ਨੇ ਦਿੱਲੀ ਪੁਲੀਸ ਵੱਲੋਂ ਰੁਲਦੂ ਸਿੰਘ ਮਾਨਸਾ ਨਾਲ ਬਦਸਲੂਕੀ ਕਰਨ ਅਤੇ ਕਾਰ ਦੇ ਸ਼ੀਸ਼ੇ ਭੰਨੇ ਜਾਣ ਦੀ ਸ਼ਿਕਾਇਤ ਕੀਤੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਿਸਾਨ ਆਗੂਆਂ ਨੂੰ ਦਿੱਲੀ ਪੁਲੀਸ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਆਗੂਆਂ ਨੂੰ ਧਮਕੀਆਂ ਭਰੇ ਫ਼ੋਨ ਵੀ ਆ ਰਹੇ ਹਨ। ਖੇਤੀ ਮੰਤਰੀ ਨਰੇਂਦਰ ਸਿੰਘ ਸਮੇਤ ਤਿੰਨ ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂਆਂ ਨੂੰ ਆਪਣੇ ਸਟੈਂਡ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਜਿਸ ਮਗਰੋਂ ਦੋਵੇਂ ਧਿਰਾਂ ਦੁਪਹਿਰ ਦੇ ਖਾਣੇ ਲਈ ਚਲੀਆਂ ਗਈਆਂ। ਇਸ ਬ੍ਰੇਕ ਦੌਰਾਨ ਕਿਸਾਨ ਆਗੂਆਂ ਨੇ ਆਪਣੇ ਨਾਲ ਲਿਆਂਦਾ ਲੰਗਰ ਛਕਿਆ ਅਤੇ ਕਰੀਬ ਤਿੰਨ ਘੰਟੇ ਤੱਕ ਇਕ-ਦੂਜੇ ਨਾਲ ਵਿਚਾਰ ਵਟਾਂਦਰਾ ਕਰਦੇ ਰਹੇ। ਉੱਧਰ ਕੇਂਦਰੀ ਮੰਤਰੀ ਵੱਖਰੇ ਕਮਰੇ ‘ਚ ਕਿਸਾਨਾਂ ਵੱਲੋਂ ਠੁਕਰਾਈ ਪੇਸ਼ਕਸ਼ ਮਗਰੋਂ ਪੈਦਾ ਹੋਣ ਵਾਲੇ ਹਾਲਾਤ ਬਾਰੇ ਚਰਚਾ ਕਰਦੇ ਰਹੇ।
ਸੋ ਵੇਖਿਆ ਜਾਵੇ ਤਾਂ ਹਾਲ ਦੀ ਘੜੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਚੱਲ ਰਹੀ ਗੱਲਬਾਤ ਵਿੱਚ ਖੜੋਤ ਆ ਗਈ ਹੈ ਅਤੇ ਹੁਣ ਦੇਖ ਦੇ ਹਾਂ ਸਰਕਾਰ ਦਾ ਕਿਸਾਨਾਂ ਪ੍ਰਤੀ ਕੀ ਰਵੱਈਆ ਹੁੰਦਾ ਹੈ।
Home Page ਕੇਂਦਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 11ਵੇਂ ਗੇੜ ਦੀ ਗੱਲਬਾਤ ਵੀ ਬੇਸਿੱਟਾ ਰਹੀ,...