ਨਵੀਂ ਦਿੱਲੀ, 21 ਜਨਵਰੀ – ਇੱਥੇ ਦੇ ਵਿਗਿਆਨ ਭਵਨ ਵਿਖੇ 20 ਜਨਵਰੀ ਨੂੰ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਵਿਚਾਲੇ 10ਵੇਂ ਗੇੜ ਦੀ ਮੀਟਿੰਗ ਹੋਈ ਹੋਈ। ਜਿਸ ਵਿੱਚ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲਗਭਗ ਡੇਢ ਸਾਲ ਤੱਕ ਲਈ ਮੁਲਤਵੀ ਰੱਖਣ ਅਤੇ ਤਣਾਅ ਖ਼ਤਮ ਕਰਨ ਲਈ ਕਿਸਾਨ ਯੂਨੀਅਨਾਂ ਤੇ ਸਰਕਾਰ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਹੈ। ਕਿਸਾਨ ਆਗੂਆਂ ਨੇ ਸਰਕਾਰ ਦੀ ਇਸ ਤਜਵੀਜ਼ ਨੂੰ ਫ਼ੌਰੀ ਤੌਰ ‘ਤੇ ਸਵੀਕਾਰ ਕਰਨ ਤੋਂ ਨਾਂਹ ਕਰ ਦਿੱਤੀ। ਕਿਸਾਨ ਆਗੂ ਆਪਸੀ ਵਿਚਾਰ-ਵਟਾਂਦਰੇ ਮਗਰੋਂ ਆਪਣਾ ਫ਼ੈਸਲਾ ਸਰਕਾਰ ਸਾਹਮਣੇ ਰੱਖਣਗੇ।
ਅੱਜ ਕੇਂਦਰ ਸਰਕਾਰ ਦੇ ਮੰਤਰੀਆਂ ਕੇਂਦਰੀ ਮੰਤਰੀ ਨਰੇਂਦਰ ਤੋਮਰ, ਰੇਲ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਲਗਭਗ 40 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਵਿਚਾਲੇ 10ਵੇਂ ਗੇੜ ਦੀ ਗੱਲਬਾਤ ਪੰਜ ਘੰਟੇ ਚੱਲੀ, ਉਸ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ 11ਵੇਂ ਗੇੜ ਦੀ ਮੀਟਿੰਗ 22 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨ ਯੂਨੀਅਨਾਂ ਆਪਸੀ ਮੀਟਿੰਗ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਮੁਅੱਤਲ ਰੱਖਣ ਦੀ ਤਜਵੀਜ਼ ਰੱਖੀ ਹੈ। ਫ਼ਿਲਹਾਲ ਅਸੀਂ ਇਸ ਨੂੰ ਖ਼ਾਰਜ ਕਰ ਦਿੱਤਾ ਹੈ। ਭਲਕੇ ਚਰਚਾ ਕਰਾਂਗੇ ਅਤੇ ਫਿਰ ਆਪਣੀ ਰਾਇ ਦੱਸਾਂਗੇ। ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ (ਆਪਸੀ ਸਹਿਮਤੀ ਨਾਲ ਬਣਨ ਵਾਲੇ) ਅਰਸੇ ਲਈ ਮੁਅੱਤਲ ਕਰਨ ਬਾਰੇ ਸੁਪਰੀਮ ਕੋਰਟ ‘ਚ ਹਲਫ਼ਨਾਮਾ ਦਾਖ਼ਲ ਕਰਨ ਦੀ ਤਜਵੀਜ਼ ਵੀ ਰੱਖੀ। ਪਰ ਯੂਨੀਅਨਾਂ ਖੇਤੀ ਕਾਨੂੰਨਾਂ ‘ਤੇ ਮੁਕੰਮਲ ਲੀਕ ਮਾਰਨ ਦੀ ਆਪਣੀ ਮੰਗ ‘ਤੇ ਦ੍ਰਿੜ੍ਹ ਹਨ, ਉਹ ਸਰਕਾਰ ਦੀ ਸੱਜਰੀ ਪੇਸ਼ਕਸ਼ ‘ਤੇ ਚਰਚਾ ਕਰਕੇ ਆਪਣਾ ਆਖ਼ਰੀ ਫ਼ੈਸਲਾ ਅਗਲੀ ਮੀਟਿੰਗ ‘ਚ ਸੁਣਾਉਣਗੇ। ਕਿਸਾਨ ਆਗੂਆਂ ਨੇ ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਭਾਰਿਆ। ਉਨ੍ਹਾਂ ਨੇ ਕਿਹਾ ਕਿ ਨੋਟਿਸ ਮਹਿਜ਼ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਰਾਦੇ ਨਾਲ ਭੇਜੇ ਗਏ ਹਨ। ਸਰਕਾਰ ਦੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੁੱਦੇ ‘ਤੇ ਗ਼ੌਰ ਕਰਨਗੇ। ਕਿਸਾਨ ਆਗੂਆਂ ਮੁਤਾਬਿਕ ਤੋਮਰ ਨੇ ਕਿਹਾ ਕਿ ਕਿਸੇ ਨਿਰਦੋਸ਼ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ। ਸ਼ਿਮਲਾ ਤੋਂ ਤਿੰਨ ਕਿਸਾਨਾਂ ਦੀ ਗ੍ਰਿਫ਼ਤਾਰੀ ਨਾਲ ਜੁੜਿਆ ਮੁੱਦਾ ਵੀ ਉਠਾਇਆ ਗਿਆ।
ਦੂਜੇ ਪਾਸੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਜਿਸ ਦਿਨ ਕਿਸਾਨਾਂ ਦਾ ਅੰਦੋਲਨ ਖ਼ਤਮ ਹੋਵੇਗਾ, ਉਸ ਦਿਨ ਭਾਰਤੀ ਲੋਕਤੰਤਰ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ 22 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਤੱਕ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਸਹਿਮਤ ਹੋ ਜਾਣਗੇ।
Home Page ਕੇਂਦਰ ਸਰਕਾਰ ਵੱਲੋਂ ਡੇਢ ਸਾਲ ਤੱਕ ਖੇਤੀ ਕਾਨੂੰਨ ਮੁਲਤਵੀ ਕਰਨ ਤੇ ਸਾਂਝੀ...