ਨਵੀਂ ਦਿੱਲੀ, 13 ਅਕਤੂਬਰ – ਕੇਂਦਰ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸਰਹੱਦੀ ਸੁਰੱਖਿਆ ਦਲ (ਬੀਐੱਸਐੱਫ) ਦੇ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿੱਚ ਵਾਧਾ ਕੀਤਾ ਹੈ। ਇਹ ਅਧਿਕਾਰੀ ਹੁਣ ਭਾਰਤ ਦੇ ਸਰਹੱਦੀ ਸੂਬਿਆਂ (ਪੰਜਾਬ, ਪੱਛਮੀ ਬੰਗਾਲ, ਅਸਾਮ ਤੇ ਤ੍ਰਿਪੁਰਾ) ਦੇ ਕੌਮਾਂਤਰੀ ਸਰਹੱਦ ਤੋਂ 50 ਕਿੱਲੋਮੀਟਰ ਦੇ ਘੇਰੇ ਵਿੱਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਸਕਣਗੇ, ਉਨ੍ਹਾਂ ਦੀ ਤਲਾਸ਼ੀ ਲੈ ਸਕਣਗੇ ਤੇ ਇਤਰਾਜ਼ਯੋਗ ਸਾਮਾਨ ਨੂੰ ਜ਼ਬਤ ਵੀ ਕਰ ਸਕਣਗੇ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਇਸ ਨੋਟੀਫ਼ਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਬੀਐੱਸਐੱਫ ਨੂੰ ਹੁਣ ਸੀਆਰਪੀਸੀ (ਕੋਡ ਆਫ਼ ਕ੍ਰਿਮੀਨਲ ਪ੍ਰੋਸਿਜਰ), ਪਾਸਪੋਰਟ ਐਕਟ ਅਤੇ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਕਾਰਵਾਈ ਕਰਨ ਲਈ ਅਥਾਰਿਟੀ ਦੇ ਦਿੱਤੀ ਗਈ ਹੈ। ਨੋਟੀਫ਼ਿਕੇਸ਼ਨ ਅਨੁਸਾਰ ਬੀਐੱਸਐੱਫ ਨੂੰ ਕੌਮਾਂਤਰੀ ਸਰਹੱਦ ਨਾਲ ਲੱਗਦੇ ਉਪਰੋਕਤ ਚਾਰ ਸੂਬਿਆਂ ਵਿਚਲੇ 50 ਕਿੱਲੋਮੀਟਰ ਇਲਾਕੇ ਵਿੱਚ ਛਾਪਾ ਮਾਰਨ ਤੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪਹਿਲਾਂ ਇਹ ਘੇਰਾ 15 ਕਿੱਲੋਮੀਟਰ ਤੱਕ ਹੀ ਸੀਮਤ ਸੀ। ਇਸ ਤੋਂ ਇਲਾਵਾ ਬੀਐੱਸਐੱਫ ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ, ਮਨੀਪੁਰ ਤੇ ਲੱਦਾਖ ਵਿੱਚ ਵੀ ਸਰਚ ਤੇ ਗ੍ਰਿਫ਼ਤਾਰੀ ਮੁਹਿੰਮ ਚਲਾ ਸਕੇਗੀ।
ਇਸੇ ਦੌਰਾਨ ਪੰਜਾਬ ਸਰਕਾਰ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਵਾਲੇ ਕੇਂਦਰ ਸਰਕਾਰ ਦੇ ਇਸ ਨੋਟੀਫ਼ਿਕੇਸ਼ਨ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੀ ਇਸ ਨੋਟੀਫ਼ਿਕੇਸ਼ਨ ਦੇ ਖ਼ਿਲਾਫ਼ ਨਿੱਤਰਿਆ ਹੈ।
Home Page ਕੇਂਦਰ ਸਰਕਾਰ ਨੇ ਸਰਹੱਦੀ ਸੂਬਿਆਂ ‘ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ