ਚੰਡੀਗੜ੍ਹ – 16 ਮਾਰਚ ਦਿਨ ਵੀਰਵਾਰ ਨੂੰ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ 15ਵੀਂ ਵਿਧਾਨ ਸਭਾ ਲਈ ਸੂਬੇ ਦੇ ੨੬ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਵਾਈ। ਉਹ ਸੂਬੇ ਦੇ ਦੂਜੀ ਵਾਰ ਮੁੱਖ ਮੰਤਰੀ ਬਣੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ 9 ਵਿਧਾਇਕਾਂ ਮਨਪ੍ਰੀਤ ਬਾਦਲ, ਨਵਜੋਤ ਸਿੰਘ ਸਿੱਧੂ, ਬ੍ਰਹਮ ਮੋਹਿੰਦਰਾ, ਰਾਣਾ ਗੁਰਜੀਤ ਸਿੰਘ, ਰਜ਼ੀਆ ਸੁਲਤਾਨਾ, ਚਰਨਜੀਤ ਸਿੰਘ ਚੰਨੀ, ਅਰੁਣਾ ਚੌਧਰੀ, ਸਾਧੂ ਸਿੰਘ ਧਰਮਸੋਤ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਵੀ ਅਹੁਦੇ ਦੀ ਸਹੁੰ ਚੁੱਕੀ। ਗੌਰਤਲਬ ਹੈ ਕਿ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਬੁਰੀ ਤਰ੍ਹਾਂ ਨਾਲ ਹਰਾ ਕੇ ਸੂਬੇ ‘ਚ 10 ਸਾਲਾਂ ਬਾਅਦ ਪੂਰਨ ਬਹੁਮਤ ਦੇ ਨਾਲ ਸੱਤਾ ਵਿੱਚ ਵਾਪਸੀ ਕੀਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਆਮ ਪ੍ਰਸ਼ਾਸਨ, ਪ੍ਰਸੋਨਲ, ਗ੍ਰਹਿ ਮਾਮਲੇ ਤੇ ਨਿਆਂ, ਵਿਜੀਲੈਂਸ ਅਤੇ ਕੈਬਨਿਟ ਮੰਤਰੀਆਂ ਨੂੰ ਅਲਾਟ ਨਾ ਕੀਤੇ ਗਏ ਹੋਰ ਵਿਭਾਗਾਂ ਦਾ ਕੰਮਕਾਜ ਦੇਖਣਗੇ। ਪੰਜਾਬ ਦੇ ਬਾਕੀ ਬਣੇ ਨਵੇਂ ਮੰਤਰੀ ਤੇ ਵਿਭਾਗ ਇਸ ਤਰ੍ਹਾਂ ਹਨ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ, ਯੋਜਨਾ ਅਤੇ ਰੁਜ਼ਗਾਰ ਸਿਰਜਣ ਵਿਭਾਗ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਥਾਨਕ ਸਰਕਾਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬ ਘਰ ਵਿਭਾਗ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸਿਹਤ ਤੇ ਪਰਿਵਾਰ ਭਲਾਈ, ਖੋਜ ਤੇ ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲੇ, ਸਾਧੂ ਸਿੰਘ ਧਰਮਸੋਤ ਨੂੰ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਵਿਭਾਗ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਸਿੰਜਾਈ ਅਤੇ ਬਿਜਲੀ ਵਿਭਾਗ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦਿੱਤਾ ਗਿਆ ਹੈ। ਰਾਜ ਮੰਤਰੀ (ਆਜ਼ਾਦ ਚਾਰਜ) ਅਰੁਣਾ ਚੌਧਰੀ ਨੂੰ ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ, ਜਦੋਂ ਕਿ ਰਾਜ ਮੰਤਰੀ (ਆਜ਼ਾਦ ਚਾਰਜ) ਰਜ਼ੀਆ ਸੁਲਤਾਨਾ ਨੂੰ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ।
ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਦਾ ਸਹੁੰ ਸਮਾਗਮ ਸਾਦੇ ਢੰਗ ਨਾਲ ਹੋਇਆ। ਕੈਪਟਨ ਅਮਰਿੰਦਰ ਸਿੰਘ ਸਵਾ ਦਸ ਵਜੇ ਫ਼ੌਜੀ ਮੈਡਲਾਂ ਨਾਲ ਸਜੀ ਕਾਲੀ ਵਾਸਕਟ ਪਹਿਨ ਕੇ ਸਮਾਗਮ ਵਿੱਚ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਨਾਲ ਆਏ। ਇਸ ਦੌਰਾਨ ਵਾਰ-ਵਾਰ ਘੜੀ ਦੀਆਂ ਸੂਈਆਂ ਵੱਲ ਵੇਖ ਰਹੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ 10.17 ਵਜੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਵਾਇਆ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਪਹਿਲਾਂ ਸਹੁੰ ਚੁੱਕਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ। ਸਮਾਗਮ ਵਿੱਚ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।
Indian News ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ