ਕੋਟਕਪੂਰਾ ਪੁਲੀਸ ਗੋਲੀ ਕਾਂਡ: ਸਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ

Former CM Parkash Singh Badal during his thanksgiving tour in his home turf Lambi in Muktsar district on Monday. A Tribune photograph

ਚੰਡੀਗੜ੍ਹ, 12 ਅਕਤੂਬਰ – ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਸਮੇਂ ਸਾਲ 2015 ਦੌਰਾਨ ਵਾਪਰੇ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਤਫ਼ਤੀਸ਼ ਸਬੰਧੀ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ ਕੀਤੀ ਗਈ। ‘ਸਿਟ’ ਮੁਖੀ ਐੱਲ.ਕੇ. ਯਾਦਵ ਦੀ ਅਗਵਾਈ ਹੇਠ ਤਿੰਨ ਪੁਲੀਸ ਅਧਿਕਾਰੀਆਂ ਦੀ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਇਥੇ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ਵਿੱਚ ਦੋ ਘੰਟੇ ਤੋਂ ਵੱਧ ਸਮਾਂ ਪੁੱਛ-ਪੜਤਾਲ ਕੀਤੀ। ਬਰਗਾੜੀ ਵਿੱਚ ਲੱਗੇ ਧਰਨੇ ਕਾਰਨ ‘ਆਪ’ ਸਰਕਾਰ ਨੇ ਪੁਲੀਸ ਨੂੰ ਜਾਂਚ ਦਾ ਅਮਲ ਛੇਤੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ।
ਖ਼ਬਰ ਹੈ ਕਿ ਵਿਸ਼ੇਸ਼ ਜਾਂਚ ਟੀਮ ਬਾਦਲਾਂ ਦੀ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ’ਤੇ ਪੁੱਛਗਿੱਛ ਕਰਨ ਲਈ ਪਹੁੰਚੀ। ਪੁਲੀਸ ਅਧਿਕਾਰੀਆਂ ਦੀ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਕੋਟਕਪੂਰਾ ਪੁਲੀਸ ਗੋਲੀ ਕਾਂਡ ਨਾਲ ਸਬੰਧਤ ਸਵਾਲ ਪੁੱਛੇ। ਖ਼ਬਰਾਂ ਮੁਤਾਬਿਕ ਸਿਟ ਨੇ ਉਨ੍ਹਾਂ ਨੂੰ ਪੁੱਛਿਆ ਕਿ ਮੁੱਖ ਮੰਤਰੀ ਹੁੰਦਿਆਂ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ, ਕਿਵੇਂ ਅਤੇ ਕਿਸ ਰਾਹੀਂ ਲੱਗੀ। ਕੋਟਕਪੂਰਾ ਵਿੱਚ ਪੁਲੀਸ ਗੋਲੀ ਕਾਂਡ ਕਿਵੇਂ ਅਤੇ ਕਿਉਂ ਵਾਪਰਿਆ। ਸਰਕਾਰ ਵੱਲੋਂ ਘਟਨਾ ਉਪਰੰਤ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਪੁਲੀਸ ਨੂੰ ਗੋਲੀ ਚਲਾਉਣ ਦਾ ਹੁਕਮ ਕਿਸ ਪੱਧਰ ’ਤੇ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਤਫਤੀਸ਼ ਵਿੱਚ ਦੂਜੀ ਵਾਰ ‘ਸਿਟ’ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਤੋਂ ਇਸ ਗੋਲੀ ਕਾਂਡ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਪੁੱਛਗਿੱਛ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ‘ਸਿਟ’ ਵੱਲੋਂ ਕੀਤੀ ਗਈ ਸੀ। ਇਸ ਸਿੱਟ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਨੂੰ ਜਦੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਤਾਂ ਕੈਪਟਨ ਸਰਕਾਰ ਵੱਲੋਂ ਐਲ.ਕੇ. ਯਾਦਵ ਦੀ ਅਗਵਾਈ ਹੇਠ ਨਵੀਂ ‘ਸਿਟ’ ਕਾਇਮ ਕੀਤੀ ਗਈ। ‘ਸਿਟ’ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੀ ਪੁੱਛਗਿੱਛ ਲਈ ਸੱਦਿਆ ਸੀ, ਪਰ ਸ੍ਰੀ ਬਾਦਲ ਤੋਂ ਹੁਣ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਪੁੱਛਗਿੱਛ ਕੀਤੀ ਗਈ ਹੈ। ਇਸ ਸਿਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਹੁਣ ਤੱਕ ਰਿਪੋਰਟ ਨਹੀਂ ਦਿੱਤੀ ਗਈ।
‘ਆਪ’ ਸਰਕਾਰ ਇਸ ਮਾਮਲੇ ਨੂੰ ਜਲਦੀ ਨੇਪਰੇ ਚਾੜ੍ਹਨਾ ਚਾਹੁੰਦੀ ਹੈ, ਤਾਂ ਜੋ ਅਕਾਲੀਆਂ ਤੇ ਕਾਂਗਰਸੀਆਂ ਵਾਂਗ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਨਾ ਹੋਵੇ। ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲੀਸ ਗੋਲੀ ਕਾਂਡਾਂ ਲਈ ਵਿਰੋਧੀਆਂ ਵੱਲੋਂ ਬਾਦਲ ਪਰਿਵਾਰ ਨੂੰ ਲਗਾਤਾਰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਜਾਂਚ ਰਿਪੋਰਟ ਕੈਪਟਨ ਸਰਕਾਰ ਨੂੰ ਸੌਂਪੀ ਗਈ ਸੀ। ਸਿਆਸੀ ਪਾਰਟੀਆਂ ਲਈ ਚਿੰਤਾ ਦੀ ਗੱਲ ਇਹ ਵੀ ਹੈ ਕਿ ਪੰਜਾਬ ’ਚ ਸੱਤ ਸਾਲ ਪਹਿਲਾਂ ਵਾਪਰੀਆਂ ਇਨ੍ਹਾਂ ਘਟਨਾਵਾਂ ਦਾ ਸਿਆਸੀ ਅਸਰ ਅਜੇ ਤੱਕ ਵੇਖਣ ਨੂੰ ਮਿਲਦਾ ਹੈ। ਇਹੀ ਵਜ੍ਹਾ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਪੜਤਾਲ ਵਿੱਚ ਤੇਜ਼ੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਉਧਰ ਬਰਗਾੜੀ ਵਿੱਚ ਸਿੱਖ ਸੰਗਠਨਾਂ ਨੇ ਮੋਰਚਾ ਲਾਇਆ ਹੋਇਆ ਹੈ। ਇਸ ਲਈ ਸਰਕਾਰ ਨੇ ਜਾਂਚ ਪੜਤਾਲ ਜਲਦੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ‘ਸਿੱਟ’ ਵੱਲੋਂ ਕੀਤੀ ਪੁੱਛਗਿੱਛ ’ਤੇ ਕਿਹਾ ਕਿ ਸਿਹਤ ਭਾਵੇਂ ਨਾਸਾਜ਼ ਹੈ, ਪਰ ਉਹ ਪੁਲੀਸ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਹਰ ਸਮੇਂ ਤਿਆਰ ਹਨ ਕਿਉਂਕਿ ਮਾਮਲਾ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਦੀ ਸਿਹਤ ਪਿਛਲੇ ਕਈ ਦਿਨਾਂ ਤੋਂ ਜ਼ਿਆਦਾ ਨਾਸਾਜ਼ ਹੈ। ਉਹ ਇੱਥੇ ਸੈਕਟਰ 9 ਵਿੱਚ ਆਪਣੀ ਨਿੱਜੀ ਰਿਹਾਇਸ਼ ’ਤੇ ਡਾਕਟਰਾਂ ਦੀ ਦੇਖ ਰੇਖ ਹੇਠ ਰਹਿ ਰਹੇ ਹਨ।