ਨਵੀਂ ਦਿੱਲੀ, 15 ਅਪ੍ਰੈਲ – ਇੱਥੇ 14 ਅਪ੍ਰੈਲ ਨੂੰ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਵੱਧ ਦੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦੋਂ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਸੀਬੀਐੱਸਈ ਬੋਰਡ 12ਵੀਂ ਜਮਾਤ ਬਾਰੇ 1 ਜੂਨ ਨੂੰ ਸਥਿਤੀ ਦੀ ਸਮੀਖਿਆ ਕਰੇਗਾ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਕੇਂਦਰੀ ਸਿੱਖਿਆ ਸਕੱਤਰ ਤੇ ਹੋਰ ਉੱਚ ਅਧਿਕਾਰੀਆਂ ਦੀ ਮੌਜੂਦਗੀ ‘ਚ ਹੋਈ ਇੱਕ ਮੀਟਿੰਗ ਵਿੱਚ ਇਸ ਬਾਰੇ ਫ਼ੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਇੱਕ ਬਿਆਨ ਜਾਰੀ ਕਰ ਕੇ ਪ੍ਰੀਖਿਆਵਾਂ ਦੇ ਸਬੰਧ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਬਿਆਨ ਵਿੱਚ ਕਿਹਾ ਕਿ ਸੀਬੀਐੱਸਈ ਬੋਰਡ 1 ਜੂਨ ਨੂੰ ਕੋਵਿਡ ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਕਰੇਗਾ ਅਤੇ ਉਸ ਤੋਂ ਬਾਅਦ ਪ੍ਰੀਖਿਆ ਦੀਆਂ ਤਰੀਕਾਂ ਸਬੰਧੀ ਫ਼ੈਸਲਾ ਲਵੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟੋ ਘੱਟ 15 ਦਿਨ ਪਹਿਲਾਂ ਵਿਦਿਆਰਥੀਆਂ ਨੂੰ ਇਸ ਸਬੰਧੀ ਸੂਚਨਾ ਦਿੱਤੀ ਜਾਵੇਗੀ। ਬਿਆਨ ਵਿੱਚ ਕਿਹਾ ਗਿਆ ਹੈ, ”10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਤੀਜੇ ਬੋਰਡ ਵੱਲੋਂ ਤਿਆਰ ਕੀਤੇ ਗਏ ਮਾਪਦੰਡਾਂ ਦੇ ਅਧਾਰ ‘ਤੇ ਤਿਆਰ ਕੀਤੇ ਜਾਣਗੇ।” ਬਿਆਨ ਮੁਤਾਬਿਕ ਜੇਕਰ ਕੋਈ ਵਿਦਿਆਰਥੀ ਉਸ ਨੂੰ ਮਿਲੇ ਅੰਕਾਂ ਤੋਂ ਸੰਤੁਸ਼ਟ ਨਹੀਂ ਹੁੰਦਾ ਹੈ ਤਾਂ ਉਸ ਨੂੰ ਪ੍ਰੀਖਿਆ ਵਿੱਚ ਬੈਠਣ ਦਾ ਇਕ ਮੌਕਾ ਦਿੱਤਾ ਜਾਵੇਗਾ ਪਰ ਇਹ ਉਦੋਂ ਹੀ ਸੰਭਵ ਹੋਵੇਗਾ ਜਦੋਂ ਹਾਲਾਤ ਸੁਖਾਵੇਂ ਹੋਣਗੇ।
ਗੌਰਤਲਬ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ, ਕਾਂਗਰਸੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰ ਕਈ ਪਾਰਟੀਆਂ ਦੇ ਆਗੂਆਂ ਵੱਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਗਈ ਸੀ।
Home Page ਕੋਰੋਨਾਵਾਇਰਸ: ਸੀਬੀਐੱਸਈ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ...