ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ‘ਚ 39 ਪਾਰਟੀਆਂ ਸ਼ਾਮਲ ਹੋਈਆਂ

ਨਵੀਂ ਦਿੱਲੀ, 18 ਜੁਲਾਈ – ਅੱਜ ਇਥੇ ਪੰਜ ਸਿਤਾਰਾ ਹੋਟਲ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ, ਜਿਥੇ ਭਾਜਪਾ ਪ੍ਰਧਾਨ ਜੇਪੀ ਨੱਢਾ, ਹਿੰਦੁਸਤਾਨੀ ਅਵਾਮ ਮੋਰਚਾ (ਸੈਕੂਲਰ) ਜੀਤਨ ਰਾਮ ਮਾਂਝੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (ਏਆਈਏਡੀਐੱਮਕੇ) ਦੇ ਈ. ਪਲਾਨੀਸਵਾਮੀ ਸਮੇਤ ਹੋਰ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੀਟਿੰਗ ਵਿੱਚ 39 ਪਾਰਟੀਆਂ ਸ਼ਾਮਲ ਹੋਈਆਂ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਸਵਾਗਤ ਕੀਤਾ।
ਐਨਡੀਏ ਦੀਆਂ ਸਾਰੀਆਂ 39 ਪਾਰਟੀਆਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਵਿਸ਼ਵਾਸ ਜਤਾਇਆ ਅਤੇ ਉਨ੍ਹਾਂ ਦੀ ਅਗਵਾਈ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਇੱਕਜੁੱਟ ਹੋ ਕੇ ਲੜਨ ਦਾ ਸੰਕਲਪ ਲਿਆ। ਐਨਡੀਏ ਦੀ ਤਰਫ਼ੋਂ ਇੱਕ ਮਤਾ ਪਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਆਪਣੀ ਸਰਕਾਰ ਬਣਾਉਣ ਦਾ ਭਰੋਸਾ ਪ੍ਰਗਟਾਇਆ ਹੈ। ਐਨਡੀਏ ਦੇ ਮਤੇ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਕੌਮੀ ਜਮਹੂਰੀ ਗੱਠਜੋੜ ਦੀ ਮੀਟਿੰਗ ਹੋਈ। ਇਸ ਵਿੱਚ ਐਨਡੀਏ ਦੀਆਂ ਕੁੱਲ 39 ਗੱਠਜੋੜ ਪਾਰਟੀਆਂ ਨੇ ਹਿੱਸਾ ਲਿਆ। ਇਸ ਵਿਚ ਕਿਹਾ ਗਿਆ ਹੈ ਕਿ ਇਹ ਬੈਠਕ ਐਨਡੀਏ ਦੀ ਸਥਾਪਨਾ ਦੇ 25 ਸਫਲ ਸਾਲ ਪੂਰੇ ਹੋਣ ਦੇ ਮੌਕੇ ‘ਤੇ ਆਯੋਜਿਤ ਕੀਤੀ ਗਈ ਸੀ।
ਮੀਟਿੰਗ ਵਿੱਚ ਐਨ.ਡੀ.ਏ ਦੇ ਸਾਰੇ ਗੱਠਜੋੜ ਦਲਾਂ ਨੇ ਪ੍ਰਣ ਲਿਆ ਕਿ ਐਨ.ਡੀ.ਏ ਇੱਕਜੁੱਟ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਲੜੇਗੀ ਅਤੇ ਲਗਾਤਾਰ ਤੀਜੀ ਵਾਰ ਨਰਿੰਦਰ ਮੋਦੀ ਭਾਰੀ ਬਹੁਮਤ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਐਨਡੀਏ ਦੀ ਤਰਫੋਂ ਕਿਹਾ ਗਿਆ ਕਿ ਮੋਦੀ ਦੀ ਅਗਵਾਈ ਵਿੱਚ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਜੋ ਆਸ਼ੀਰਵਾਦ ਮਿਿਲਆ ਉਹ 2019 ਦੀਆਂ ਚੋਣਾਂ ਵਿੱਚ ਹੋਰ ਵਧਿਆ।