ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਜਾਰੀ ਕੀਤਾ
ਨਵੀਂ ਦਿੱਲੀ, 21 ਅਪ੍ਰੈਲ – ਇੱਥੇ ਸਿੱਖਾਂ ਦੇ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਵਰ੍ਹੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੋਂ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਜਾਰੀ ਕੀਤਾ ਅਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣਾ ਸੰਬੋਧਨ ਬੋਲੇ ਸੋ ਨਿਹਾਲ ਦੇ ਜੈਕਾਰੇ ਨਾਲ ਸ਼ੁਰੂ ਕੀਤਾ। ਉਨ੍ਹਾਂ ਦੇਸ਼ ਵਾਸੀਆਂ ਤੇ ਦੁਨੀਆ ਦੇ ਹੋਰਨਾਂ ਮੁਲਕਾਂ ਵਿੱਚ ਰਹਿੰਦੇ ਸਿੱਖਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਸ ਸਮੇਂ ਮੁਲਕ ਵਿੱਚ ਧਾਰਮਿਕ ਕੱਟੜਤਾ ਦੀ ਹਨੇਰੀ ਝੁੱਲ ਰਹੀ ਸੀ। ਉਸ ਸਮੇਂ ਭਾਰਤ ਲਈ ਆਪਣੀ ਪਛਾਣ ਦੀ ਰਾਖੀ ਕਰਨ ਦੀ ਸਭ ਤੋਂ ਵੱਡੀ ਉਮੀਦ ਗੁਰੂ ਤੇਗ ਬਹਾਦਰ ਬਣੇ। ਪ੍ਰਧਾਨ ਮੰਤਰੀ ਨੇ ਕਿਹਾ,’ਔਰੰਗਜ਼ੇਬ ਦੇ ਜ਼ੁਲਮਾਂ ਸਾਹਮਣੇ ਗੁਰੂ ਤੇਗ ਬਹਾਦਰ ਜੀ ‘ਹਿੰਦ ਦੀ ਚਾਦਰ’ ਬਣ ਕੇ ਇੱਕ ਚੱਟਾਨ ਵਾਂਗ ਖੜ੍ਹ ਗਏ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਕੱਟੜਵਾਦ ਖ਼ਿਲਾਫ਼ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੇ ਭਾਰਤ ਦੀਆਂ ਕਈ ਪੀੜ੍ਹੀਆਂ ਨੂੰ ਆਪਣੇ ਸੱਭਿਆਚਾਰ ਦੀ ਇੱਜ਼ਤ, ਮਾਣ-ਸਨਮਾਨ ਦੀ ਰਾਖੀ ਲਈ ਜਿਊਣ ਅਤੇ ਮਰਨ ਦੀ ਪ੍ਰੇਰਨਾ ਦਿੱਤੀ ਹੈ। ਗੁਰੂਆਂ ਦੇ ਗਿਆਨ ਨਾਲ ਮੁਲਕ ਦਾ ਹਰ ਕੋਨਾ ਰੌਸ਼ਨ ਹੈ। ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਭਾਰਤ ਗੁਰੂਆਂ ਵੱਲੋਂ ਦਿਖਾਈ ਰਾਹ ‘ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰੰਗਜ਼ੇਬ ਸਾਡੇ ਵਿਸ਼ਵਾਸ ਨੂੰ ਢਾਹ ਨਹੀਂ ਸਕਿਆ। ਨਵੀਂ ਸੋਚ, ਲਗਾਤਾਰ ਸਖ਼ਤ ਮਿਹਨਤ ਅਤੇ ਸੌ ਫੀਸਦੀ ਸਮਰਪਣ ਅੱਜ ਵੀ ਸਿੱਖ ਸਮਾਜ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕ ਅਜਿਹਾ ਭਾਰਤ ਬਣਾਉਣਾ ਹੈ ਜਿਸ ਦੀ ਤਾਕਤ ਪੂਰੀ ਦੁਨੀਆ ਦੇਖੇ, ਜੋ ਵਿਸ਼ਵ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਏ। ਭਾਰਤ ਕਿਸੇ ਸਮਾਜ ਅਤੇ ਮੁਲਕ ਲਈ ਖ਼ਤਰਾ ਨਹੀਂ ਹੈ। ਅੱਜ ਵੀ ਅਸੀਂ ਪੂਰੀ ਦੁਨੀਆ ਦੀ ਭਲਾਈ ਬਾਰੇ ਸੋਚਦੇ ਹਾਂ। ਸਾਡੀ ਸਰਕਾਰ ਸਿੱਖ ਰਵਾਇਤ ਨਾਲ ਜੁੜੀਆਂ ਧਾਰਮਿਕ ਥਾਵਾਂ ਨੂੰ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਭੂਮੀ ਸਿਰਫ਼ ਇਕ ਮੁਲਕ ਹੀ ਨਹੀਂ ਸਗੋਂ ਇਹ ਸਾਡੀ ਮਹਾਨ ਵਿਰਾਸਤ ਅਤੇ ਰਵਾਇਤ ਹੈ। ਉਨ੍ਹਾਂ ਕਿਹਾ ਕਿ ਇੱਥੇ ਸ਼ਬਦ ਸੁਣ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਮੁਲਕ ਨੂੰ ਵਿਕਾਸ ਦੇ ਸਿਖਰ ‘ਤੇ ਲੈ ਕੇ ਜਾਵਾਂਗੇ। ਉਨ੍ਹਾਂ ਲੋਕਾਂ ਨੂੰ ਮੁਲਕ ਲਈ ਸਮਰਪਿਤ ਹੋਣ ਤੇ ਮੁਲਕ ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਮਿਲ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ।
ਇਸ ਤੋਂ ਪਹਿਲਾਂ ਉਨ੍ਹਾਂ 400 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। ਉਹ ਸੂਰਜ ਛਿਪਣ ਬਾਅਦ ਲਾਲ ਕਿਲੇ ਤੋਂ ਮੁਲਕ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ। ਇਸ ਮੌਕੇ 400 ਰਾਗੀਆਂ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਤੇਗ ਬਹਾਦਰ ਦੇ ਉਪਦੇਸ਼ਾਂ ਬਾਰੇ ਚਾਨਣਾ ਪਾਇਆ ਗਿਆ। ਦਿੱਲੀ ‘ਚ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ ਤੇ ਗੁਰਦੁਆਰਾ ਰਕਾਬ ਗੰਜ ਸਾਹਿਬ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਨਾਲ ਸਬੰਧਤ ਹਨ।
ਅੱਜ ਦੇ ਸਮਾਗਮ ‘ਚ ਜਿੱਥੇ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਹਾਜ਼ਰ ਸੀ, ਉੱਥੇ ਹੀ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਕਈ ਹੋਰ ਅਹਿਮ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਲਵਾਈ। ਇਸ ਮੌਕੇ ਗੁਰੂ ਤੇਗ ਬਹਾਦਰ ਦੇ ਜੀਵਨ ਨੂੰ ਦਰਸਾਉਣ ਵਾਲਾ ਇੱਕ ਲਾਈਟ ਐਂਡ ਸਾਊਂਡ ਸ਼ੋਅ ਵੀ ਪੇਸ਼ ਕੀਤਾ ਗਿਆ। ਇਹ ਪ੍ਰੋਗਰਾਮ ਸੱਭਿਆਚਾਰ ਤੇ ਸੈਰ ਸਪਾਟਾ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 20 ਤੇ 21 ਅਪ੍ਰੈਲ ਨੂੰ ਦੋ ਦਿਨ ਕਰਵਾਇਆ ਗਿਆ ਸੀ।
Home Page ਗੁਰੂ ਤੇਗ ਬਹਾਦਰ ਦੀ ਕੁਰਬਾਨੀ ਸਾਡੇ ਲਈ ਪ੍ਰੇਰਨਾ ਸਰੋਤ – ਪ੍ਰਧਾਨ ਮੰਤਰੀ...