ਅੰਮ੍ਰਿਤਸਰ – ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 26 ਅਕਤੂਬਰ ਨੂੰ ਚੌਥੇ ਗੁਰੂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਮਨਾਇਆ ਗਿਆ। ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਦੀਪਮਾਲਾ ਕੀਤੀ ਗਈ ਅਤੇ ਮਿੱਟੀ ਦੇ ਦੀਵੇ ਵੀ ਜਗਾਏ ਗਏ। ਇਸ ਦੌਰਾਨ ਸੁੰਦਰ ਜਲੌਅ ਸਜਾਏ ਗਏ ਅਤੇ ਕਵੀ ਦਰਬਾਰ ਕਰਵਾਇਆ ਗਿਆ।
ਪ੍ਰਕਾਸ਼ ਪੁਰਬ ਵਾਲੇ ਦਿਨ ਲੱਖਾਂ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਸਵੇਰੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸਿੱਖੀ ਫ਼ਲਸਫ਼ੇ ‘ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਦਿਹਾੜੇ ਸਾਨੂੰ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੋੜਨ ਦਾ ਸਬੱਬ ਬਣਦੇ ਹਨ।
ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਰਹੀ। ਸ੍ਰੀ ਹਰਿਮੰਦਰ ਸਾਹਿਬ ਸਮੂਹ ਨੂੰ ਫੁੱਲਾਂ ਨਾਲ ਸੁੰਦਰ ਦਿੱਖ ਦਿੱਤੀ ਗਈ ਸੀ। ਇਸ ਦੌਰਾਨ ਇਕ ਸਮਾਗਮ ਵਿੱਚ ਵੱਖ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਕਵੀ ਦਰਬਾਰ ਵੀ ਕਰਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕਾਲ ਵੇਲੇ ਵਸਾਏ ਗਏ 52 ਕਿੱਤਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ 11 ਹਜ਼ਾਰ ਰੁਪਏ ਨਕਦ, ਸਿਰੋਪਾਓ, ਲੋਈ ਤੇ ਸਨਮਾਨ ਚਿੰਨ੍ਹ ਦਿੱਤਾ ਗਿਆ। ਇਸੇ ਤਰ੍ਹਾਂ ਵੱਖ ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਪੰਜ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ‘ਚ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਪਿੰਗਲਵਾੜਾ ਸੰਸਥਾ ਤੋਂ ਇੰਦਰਜੀਤ ਕੌਰ, ਖਾਲਸਾ ਏਡ ਤੋਂ ਭਾਈ ਰਵੀ ਸਿੰਘ ਅਤੇ ਭਾਈ ਘਨ੍ਹੱਈਆ ਜੀ ਸੁਸਾਇਟੀ ਤੋਂ ਮਨਜੀਤ ਸਿੰਘ ਨੂੰ ਸਿਰੋਪਾਓ, ਲੋਈ, ਸਨਮਾਨ ਚਿੰਨ੍ਹਾਂ ਅਤੇ 21-21 ਹਜ਼ਾਰ ਰੁਪਏ ਨਕਦ ਦਿੱਤੇ ਗਏ। ਇਸੇ ਤਰ੍ਹਾਂ 52 ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਾਲ ਭਰ ਦੀ ਫ਼ੀਸ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਇਹ ਕਿੱਤਾਕਾਰ ਪਿਤਾ ਪੁਰਖੀ ਕਿੱਤੇ ਨਾਲ ਜੁੜੇ ਹੋਏ ਹਨ, ਜੋ ਪਿਛਲੇ ਕਈ ਸਾਲਾਂ ਤੋਂ ਇੱਥੇ ਕੰਮ ਕਰ ਰਹੇ ਹਨ।
Home Page ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ