ਚੰਡੀਗੜ੍ਹ, 27 ਮਾਰਚ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ‘ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਹੈ। ਹੁਣ ਤੱਕ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਪੰਜਾਬ ਸਿਵਲ ਸੇਵਾਵਾਂ ਨਿਯਮ ਲਾਗੂ ਹੁੰਦਾ ਆ ਰਿਹਾ ਹੈ। ਇਸ ਬਾਰੇ ਨੋਟੀਫ਼ਿਕੇਸ਼ਨ ਭਲਕੇ ਜਾਰੀ ਕਰ ਦਿੱਤਾ ਜਾਵੇਗਾ ਅਤੇ ਇਹ ਨਿਯਮ ਨਵੇਂ ਵਿੱਤੀ ਵਰ੍ਹੇ 1 ਅਪ੍ਰੈਲ ਤੋਂ ਲਾਗੂ ਕਰ ਦਿੱਤੇ ਜਾਣਗੇ। ਇਸ ਦਾ ਪ੍ਰਗਟਾਵਾ ਅਮਿਤ ਸ਼ਾਹ ਨੇ ਧਨਾਸ ‘ਚ ਪੁਲੀਸ ਮੁਲਾਜ਼ਮਾਂ ਲਈ ਤਿਆਰ ਕੀਤੇ ਗਏ 336 ਘਰਾਂ ਦਾ ਉਦਘਾਟਨ ਕਰਨ ਅਤੇ 240 ਘਰਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਕੀਤਾ। ਸ੍ਰੀ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਹੋਣ ਨਾਲ ਚੰਡੀਗੜ੍ਹ ਪ੍ਰਸ਼ਾਸਨ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 58 ਤੋਂ ਵੱਧ ਕੇ 60 ਸਾਲ ਹੋ ਜਾਵੇਗੀ। ਹੁਣ ਸਿੱਖਿਆ ਖੇਤਰ ਨਾਲ ਜੁੜੇ ਸਾਰੇ ਅਧਿਆਪਕਾਂ, ਪ੍ਰੋਫੈਸਰਾਂ ਜਾਂ ਹੋਰ ਸਟਾਫ਼ ਦੀ ਸੇਵਾਮੁਕਤੀ ਦੀ ਉਮਰ 65 ਸਾਲ ਹੋ ਜਾਵੇਗੀ ਜਦੋਂ ਕਿ ਕੇਂਦਰ ਸਰਕਾਰ ਵੱਲੋਂ ਸਿੱਖਿਆ ਖੇਤਰ ਨਾਲ ਜੁੜੇ ਮੁਲਾਜ਼ਮਾਂ ਨੂੰ ਬਾਲ ਸਿੱਖਿਆ ਭੱਤਾ ਦਿੱਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਨਿਯਮ ਪੰਜਾਬ ਅਤੇ ਹਰਿਆਣਾ ਤੋਂ ਆਉਣ ਵਾਲੇ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਣਗੇ।
Home Page ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰੀ ਨਿਯਮ ਹੋਣਗੇ ਲਾਗੂ: ਕੇਂਦਰੀ ਗ੍ਰਹਿ ਮੰਤਰੀ ਸ਼ਾਹ