ਡਰੱਗ ਮਾਮਲਾ: ਅਦਾਲਤ ਨੇ 5 ਅਪ੍ਰੈਲ ਤੱਕ ਮਜੀਠੀਆ ਦੀ ਨਿਆਇਕ ਹਿਰਾਸਤ ਵਧਾਈ

ਐੱਸਏਐੱਸ ਨਗਰ (ਮੁਹਾਲੀ), 22 ਮਾਰਚ – ਇੱਥੇ ਦੀ ਅਦਾਲਤ ਵਿੱਚ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ 5 ਅਪ੍ਰੈਲ ਤੱਕ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ।
ਪੰਜਾਬ ਪੁਲੀਸ ਦੀ ਤਰਫ਼ੋਂ ਅਦਾਲਤ ਵਿੱਚ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਇਕ ਅਰਜ਼ੀ ਦਾਇਰ ਕਰਕੇ ਅਕਾਲੀ ਆਗੂ ਮਜੀਠੀਆ ਦੀ ਨਿਆਇਕ ਹਿਰਾਸਤ ਹੋਰ 14 ਦਿਨ ਲਈ ਵਧਾਉਣ ਦੀ ਮੰਗ ਕੀਤੀ। ਕੇਸ ਦੀ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ, ਐੱਚਐੱਸ ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਸਨ। ਅਦਾਲਤ ਨੇ ਸਰਕਾਰੀ ਵਕੀਲ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਮਜੀਠੀਆ ਦੀ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ। ਅਕਾਲੀ ਆਗੂ ਬੀਤੀ 24 ਫਰਵਰੀ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹੈ।