ਚੰਡੀਗੜ੍ਹ, 23 ਮਈ – ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਡਰੱਗ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ ਪਰ ਅਦਾਲਤ ਨੇ ਅਕਾਲੀ ਆਗੂ ਨੂੰ ਹਾਲ ਦੀ ਘੜੀ ਰਾਹਤ ਨਹੀਂ ਦਿੱਤੀ। ਅਦਾਲਤ ਨੇ ਮਾਮਲੇ ਦੀ ਸੁਣਵਾਈ 30 ਮਈ ਲਈ ਮੁਲਤਵੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ‘ਤੇ ਪਿਛਲੇ ਸਾਲ ਦਸੰਬਰ ਵਿੱਚ ਨਸ਼ਿਆਂ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮਜੀਠੀਆ ਸੁਪਰੀਮ ਕੋਰਟ ਚਲੇ ਗਏ ਸਨ। ਸੁਪਰੀਮ ਕੋਰਟ ਨੇ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਕਰਨ ਹਿੱਤ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 23 ਫਰਵਰੀ ਤੱਕ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ। ਬੀਤੇ ਦਿਨੀਂ ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਅਕਾਲੀ ਆਗੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਜਾਣ ਲਈ ਕਿਹਾ ਸੀ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਜਸਟਿਸ ਅਗਸਟੀਨ ਜੌਰਜ ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੇ ਬੈਂਚ ਨੂੰ ਦੱਸਿਆ ਕਿ ਉਹ ਕੇਸ ਨਾਲ ਸਬੰਧਿਤ ਸਥਿਤੀ ਰਿਪੋਰਟ ਪੇਸ਼ ਕਰਨਾ ਚਾਹੁੰਦੇ ਹਨ ਅਤੇ ਸੁਣਵਾਈ ਮੁਲਤਵੀ ਕੀਤੀ ਜਾਵੇ। ਮਜੀਠੀਆ ਤਰਫ਼ੋਂ ਸੀਨੀਅਰ ਵਕੀਲ ਆਰ ਐੱਸ ਚੀਮਾ ਅਤੇ ਅਰਸ਼ਦੀਪ ਸਿੰਘ ਚੀਮਾ ਜਦੋਂ ਕਿ ਸਿੱਧੂ ਦੇ ਨਾਲ ਵਧੀਕ ਐਡਵੋਕੇਟ ਜਨਰਲ ਐੱਸ ਪੀ ਐੱਸ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ। ਮਜੀਠੀਆ ਨੇ 20 ਦਸੰਬਰ ਨੂੰ ਪੱਕੀ ਜ਼ਮਾਨਤ ਲਈ ਹਾਈ ਕੋਰਟ ‘ਚ ਅਰਜ਼ੀ ਦਾਖ਼ਲ ਕੀਤੀ ਸੀ।
Home Page ਡਰੱਗ ਮਾਮਲਾ ਬਿਕਰਮ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਨਹੀਂ...