ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ
ਚੰਡੀਗੜ – ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਛੁਡਵਾਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਨਸ਼ਿਆਂ ਖਿਲਾਫ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਨਸ਼ਾ ਰਹਿਤ ਪਿੰਡਾਂ ਵਾਲੀਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕਰਨ ਦਾ ਫੈਸਲਾ ਕੀਤਾ। ਇਸ ਦਾ ਖੁਲਾਸਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਰਜੀਤ ਸਿੰਘ ਰੱਖੜਾ ਨੇ ਕੀਤਾ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਰੱਖੜਾ ਨੇ ਦੱਸਿਆ ਕਿ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਹੈ ਕਿ 100 ਫੀਸਦੀ ਨਸ਼ਾ ਮੁਕਤ ਪਿੰਡਾਂ ਦਾ ਸ਼ਨਾਖਤ ਕਰ ਕੇ ਉਨ੍ਹਾਂ ਪੰਚਾਇਤਾਂ ਦੀ ਸੂਚੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਅਜਿਹੀਆਂ ਪੰਚਾਇਤਾਂ ਦਾ ਮੁੱਖ ਦਫਤਰ ਵਿਖੇ ਵਿਸ਼ੇਸ਼ ਸਮਾਗਮ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿੱਚ ਨਸ਼ਿਆਂ ਦੇ ਵੱਧ ਮਾਮਲੇ ਸਾਹਮਣੇ ਆਉਣਗੇ ਉਨ੍ਹਾਂ ਪਿੰਡਾਂ ਦੀ ਪੰਚਾਇਤਾਂ ਨੂੰ ਚੌਕਸ ਕਰ ਕੇ ਪਿੰਡ ਵਿੱਚ ਨਸ਼ਿਆਂ ਨੂੰ ਰੋਕਣ ਦੇ ਨਿਰਦੇਸ਼ ਦੇਣਗੇ।
ਸ. ਰੱਖੜਾ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਵਿਅਕਤੀ ਨਾ ਕੇਵਲ ਆਪਣੀ ਸਿਹਤ ਦਾ ਨੁਕਸਾਨ ਕਰਦਾ ਹੈ ਕਿ ਬਲਕਿ ਪੂਰੇ ਪਰਿਵਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ 60 ਫੀਸਦੀ ਤੋਂ ਵੱਧ ਵਸੋਂ ਪਿੰਡਾਂ ਵਿੱਚ ਰਹਿੰਦੀ ਹੈ ਜਿਸ ਲਈ ਪਿੰਡਾਂ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਲੋੜ ਹੈ। ਇਸ ਮਿਸ਼ਨ ਦੀ ਪ੍ਰਾਪਤੀ ਲਈ ਪੰਚਾਇਤ ਵਿਭਾਗ ਨੇ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਪੰਚਾਇਤਾਂ ਅਤੇ ਵਿਭਾਗ ਦੇ ਉਚ ਅਧਿਕਾਰੀ ਪਿੰਡਾਂ ਵਿੱਚ ਸੈਮੀਨਾਰ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਗੇ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਪਿੰਡ ਵਾਸੀਆਂ ਨੂੰ ਵੀ ਨਸ਼ਿਆਂ ਖਿਲਾਫ ਮੁਹਿੰਮ ਵਿੱਚ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਦੋਂ ਤੱਕ ਲੋਕ ਖੁਦ ਨਹੀਂ ਜਾਗਰੂਕ ਹੋਣਗੇ ਉਦੋਂ ਤੱਕ ਨਸ਼ਿਆਂ ਦਾ ਮੁਕੰਮਲ ਖਾਤਮਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਪਿੰਡਾਂ ਵਿੱਚ ਖੇਡਾਂ ਲਈ ਢੁੱਕਵਾਂ ਮਾਹੌਲ ਬਣਾ ਕੇ ਨੌਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨੌਜਵਾਨੀ ਨਸ਼ਿਆਂ ਦੇ ਰਾਹ ਪੈਣ ਤੋਂ ਬਚ ਸਕੇ।
Indian News ਨਸ਼ਾ ਰਹਿਤ ਪੰਚਾਇਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ – ਰੱਖੜਾ