ਪਿਸ਼ਾਵਰ, 15 ਮਈ – ਖ਼ਬਰਾਂ ਹਨ ਕਿ ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖ਼ੈਬਰ ਪਖਤੂਨਖਵਾ ‘ਚ ਅੱਜ ਮੋਟਰਸਾਈਕਲ ‘ਤੇ ਆਏ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਕਰ ਦਿੱਤੀ। ਅਫ਼ਗ਼ਾਨਿਸਤਾਨ ਦੀ ਸਰਹੱਦ ਨਾਲ ਲਗਦੇ ਗੜਬੜ ਵਾਲੇ ਸੂਬੇ ‘ਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਕੇ ਜਾਨੋਂ ਮਾਰਨ ਦੀ ਇਹ ਤਾਜ਼ੀ ਘਟਨਾ ਹੈ। ਮ੍ਰਿਤਕਾਂ ਦੀ ਪਛਾਣ ਕੰਵਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਵਜੋਂ ਹੋਈ ਹੈ। ਸਦਰ ਐੱਸਪੀ ਅਤੀਕ ਹੁਸੈਨ ਨੇ ਜੀਓ ਨਿਊਜ਼ ਨੂੰ ਦੱਸਿਆ ਕਿ ਅਤਿਵਾਦ ਦੇ ਟਾਕਰੇ ਲਈ ਬਣੇ ਵਿਭਾਗ ਨੇ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਇਹ ਦਹਿਸ਼ਤੀ ਹਮਲਾ ਜਾਪਦਾ ਹੈ। ਸੀਸੀਟੀਵੀ ਫੁਟੇਜ ਖੰਘਾਲੇ ਜਾ ਰਹੇ ਹਨ ਅਤੇ ਸ਼ੱਕੀਆਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਪਾਕਿਸਤਾਨ ਵਿੱਚ ਵੱਸਦੇ ਘੱਟ ਗਿਣਤੀ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਪੁਲੀਸ ਮੁਤਾਬਿਕ ਬਾਈਕ ਸਵਾਰ ਦੋ ਹਮਲਾਵਰਾਂ ਨੇ ਅੱਜ ਸਵੇਰੇ ਦੋਵੇਂ ਸਿੱਖਾਂ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀ ਥਾਂ ‘ਤੇ ਹੀ ਮੌਤ ਹੋ ਗਈ। ਦੋਹਾਂ ਦੀਆਂ ਪਿਸ਼ਾਵਰ ਤੋਂ ਕਰੀਬ 17 ਕਿੱਲੋਮੀਟਰ ਸਰਬੰਦ ਦੇ ਬਾਟਾਤਾਲ ਬਾਜ਼ਾਰ ‘ਚ ਕਰਿਆਨੇ ਅਤੇ ਮਸਾਲਿਆਂ ਆਦਿ ਦੀਆਂ ਦੁਕਾਨਾਂ ਸਨ। ਸਿੱਖਾਂ ਦੀ ਹੱਤਿਆ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਿੱਖਾਂ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਦੁਸ਼ਮਣੀ ਕਾਰਨ ‘ਅਤਿਵਾਦ ਦੇ ਕਾਰੇ’ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੇਸ਼ ਦੇ ਦੁਸ਼ਮਣਾਂ ਨੂੰ ਖ਼ਤਮ ਕਰਨ ਦਾ ਅਹਿਦ ਲਿਆ। ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਖ਼ੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਨੂੰ ਗ਼ੈਰ-ਮੁਸਲਿਮਾਂ ਦੇ ਜਾਨ-ਮਾਲ ਦੀ ਰੱਖਿਆ ਕਰਨ ਲਈ ਕਦਮ ਉਠਾਉਣ ਦੀ ਅਪੀਲ ਕੀਤੀ। ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਰਾਣਾ ਸਨਾਉੱਲ੍ਹਾ ਨੇ ਹਮਲੇ ਲਈ ਖ਼ੈਬਰ ਪਖਤੂਨਖਵਾ ਸਰਕਾਰ ਦੀ ਆਲੋਚਨਾ ਕਰਦਿਆਂ ਸੂਬੇ ਦੇ ਮੁੱਖ ਸਕੱਤਰ ਅਤੇ ਆਈਜੀ ਤੋਂ ਰਿਪੋਰਟ ਮੰਗ ਲਈ ਹੈ। ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਨੇ ਸਿੱਖਾਂ ਦੀ ਹੱਤਿਆ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਹਮਲੇ ਦੀ ਨਿਖੇਧੀ ਕਰਦਿਆਂ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਫ਼ੌਰੀ ਕਦਮ ਉਠਾਏ ਜਾਣ। ਉਨ੍ਹਾਂ ਕਿਹਾ ਕਿ ਇਹ ਘਟਨਾ ਸੂਬੇ ‘ਚ ਧਾਰਮਿਕ ਸਦਭਾਵਨਾ ਦੇ ਮਾਹੌਲ ਨੂੰ ਵਿਗਾੜਨ ਦੀ ਸਾਜ਼ਿਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਸਿੱਖ ਭਾਈਚਾਰੇ ਨੂੰ ਖ਼ੈਬਰ ਪਖਤੂਨਖਵਾ ‘ਚ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਮੰਗ ਕੀਤੀ ਕਿ ਪੁਲੀਸ ਸਾਜ਼ਿਸ਼ਕਾਰਾਂ ਦੀ ਤੁਰੰਤ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ। ਆਲ ਪਾਕਿਸਤਾਨ ਉਲੇਮਾ ਕੌਂਸਲ ਨੇ ਵੀ ਹੱਤਿਆਵਾਂ ਦੀ ਨਿਖੇਧੀ ਕਰਦਿਆਂ ਪਿਸ਼ਾਵਰ ਪ੍ਰਸ਼ਾਸਨ ਨੂੰ ਗ਼ੈਰ-ਮੁਸਲਿਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਪਿਸ਼ਾਵਰ ‘ਚ ਕਰੀਬ 15 ਹਜ਼ਾਰ ਸਿੱਖ ਰਹਿੰਦੇ ਹਨ ਅਤੇ ਇਨ੍ਹਾਂ ‘ਚੋਂ ਜ਼ਿਆਦਾਤਰ ਸਿੱਖ ਆਪਣਾ ਕਾਰੋਬਾਰ ਕਰਦੇ ਹਨ ਅਤੇ ਕੁੱਝ ਦੀਆਂ ਫਾਰਮੇਸੀਆਂ ਵੀ ਹਨ। ਸਾਲ 2020 ‘ਚ ਨਿਊਜ਼ ਚੈਨਲ ਦੇ ਐਂਕਰ ਰਵਿੰਦਰ ਸਿੰਘ ਦੀ ਸ਼ਹਿਰ ‘ਚ ਹੱਤਿਆ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ 2018 ‘ਚ ਚਰਨਜੀਤ ਸਿੰਘ ਅਤੇ 2016 ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੈਸ਼ਨਲ ਅਸੈਂਬਲੀ ‘ਚ ਮੈਂਬਰ ਸੋਰੇਨ ਸਿੰਘ ਦੀ ਪਿਸ਼ਾਵਰ ‘ਚ ਹੱਤਿਆ ਕਰ ਦਿੱਤੀ ਗਈ ਸੀ।
ਪਿਸ਼ਾਵਰ ‘ਚ ਦੋ ਸਿੱਖ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਪਾਕਿਸਤਾਨ ਅਤੇ ਖ਼ੈਬਰ ਪਖਤੂਨਖਵਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿੱਚ ਵੱਸਦੇ ਸਿੱਖ ਮੁਲਕ ਨੂੰ ਪਿਆਰ ਕਰਦੇ ਹਨ ਪਰ ਕੁੱਝ ਤਾਕਤਾਂ ਸਿੱਖਾਂ ਅਤੇ ਮੁਸਲਮਾਨਾਂ ਦੀ ਸਾਂਝ ਤੋੜਨਾ ਚਾਹੁੰਦੀਆਂ ਹਨ। ਸਰਕਾਰ ਇਨ੍ਹਾਂ ਤਾਕਤਾਂ ਨੂੰ ਬੇਨਕਾਬ ਕਰੇ ਅਤੇ ਸਿੱਖਾਂ ‘ਤੇ ਜ਼ੁਲਮ ਦੀਆ ਘਟਨਾਵਾਂ ਨੂੰ ਰੋਕਿਆ ਜਾਵੇ। ਉਨ੍ਹਾਂ ਸਰਕਾਰ ਨੂੰ ਆਖਿਆ ਕਿ ਅਜਿਹੀਆਂ ਘਟਨਾਵਾਂ ਕਾਰਨ ਦੁਨੀਆ ਵਿੱਚ ਪਾਕਿਸਤਾਨ ਦੀ ਸਾਖ ਨੂੰ ਢਾਹ ਲਗਦੀ ਹੈ।
Home Page ਪਾਕਿਸਤਾਨ ‘ਚ ਦੋ ਸਿੱਖ ਕਾਰੋਬਾਰੀਆਂ ਦੀ ਗੋਲੀਆਂ ਮਾਰ ਕੇ ਹੱਤਿਆ