ਪਾਕਿਸਤਾਨ ਸੁਪਰੀਮ ਕੋਰਟ ਵੱਲੋਂ ਪਾਕਿਸਤਾਨ ਦੀ ਕੌਮੀ ਅਸੈਂਬਲੀ ਬਹਾਲ, ਇਮਰਾਨ ਖਾਨ ਨੂੰ ਝੱਟਕਾ

ਹੁਣ 9 ਅਪ੍ਰੈਲ ਨੂੰ ਬੇਭਰੋਸਗੀ ਦੇ ਮਤੇ ‘ਤੇ ਵੋਟਿੰਗ ਹੋਵੇਗੀ
ਇਸਲਾਮਾਬਾਦ, 7 ਅਪ੍ਰੈਲ – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਮੁਲਕ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਖ਼ਿਲਾਫ਼ ਪੇਸ਼ ਬੇਭਰੋਸਗੀ ਮਤੇ ਨੂੰ ਮਨਸੂਖ਼ ਕਰਨ ਵਾਲੇ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਵਿਵਾਦਿਤ ਫ਼ੈਸਲੇ ਨੂੰ ‘ਗੈਰਸੰਵਿਧਾਨਕ’ ਕਰਾਰ ਦਿੰਦਿਆਂ ਕੌਮੀ ਅਸੈਂਬਲੀ ਨੂੰ ਬਹਾਲ ਕਰ ਦਿੱਤਾ ਹੈ। ਸਿਖਰਲੀ ਅਦਾਲਤ ਦਾ ਫ਼ੈਸਲਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖਾਨ ਲਈ ਵੱਡਾ ਝਟਕਾ ਹੈ। ਇਮਰਾਨ ਨੂੰ ਹੁਣ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਾ ਪਏਗਾ, ਜਿਸ ‘ਤੇ ਹੁਣ 9 ਅਪ੍ਰੈਲ ਨੂੰ ਵੋਟਿੰਗ ਹੋਵੇਗੀ।ਇਮਰਾਨ ਬਹੁਮਤ ਸਾਬਤ ਕਰਨ ਵਿੱਚ ਨਾਕਾਮ ਰਹੇ ਤਾਂ ਮੁਲਕ ਲਈ ਨਵਾਂ ਪ੍ਰਧਾਨ ਮੰਤਰੀ ਚੁਣਿਆ ਜਾਵੇਗਾ। ਉਂਜ ਇਮਰਾਨ ਨੇ ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਖਿੜੇ ਮੱਥੇ ਸਵੀਕਾਰ ਕਰਨਗੇ।
ਚੀਫ਼ ਜਸਟਿਸ ਉਮਰ ਅਤਾ ਬੰਡਿਆਲ ਦੀ ਅਗਵਾਈ ਵਾਲੇ ਬੈਂਚ ਨੇ ਸਰਬਸੰਮਤੀ ਨਾਲ ਲਏ ਫ਼ੈਸਲੇ ਵਿੱਚ ਇਮਰਾਨ ਵੱਲੋਂ ਰਾਸ਼ਟਰਪਤੀ ਆਰਿਫ਼ ਅਲਵੀ ਨੂੰ ਕੌਮੀ ਅਸੈਂਬਲੀ ਭੰਗ ਕਰਨ ਦੇ ਦਿੱਤੇ ਮਸ਼ਵਰੇ ਨੂੰ ਵੀ ਗੈਰਸੰਵਿਧਾਨਕ ਐਲਾਨ ਦਿੱਤਾ। ਬੈਂਚ ਨੇ ਸਪੀਕਰ ਨੂੰ ਹੁਕਮ ਕੀਤੇ ਕਿ ਉਹ 9 ਅਪ੍ਰੈਲ ਨੂੰ ਸਵੇਰੇ 10 ਵਜੇ ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਪੇਸ਼ ਬੇਭਰੋਸਗੀ ਮਤੇ ‘ਤੇ ਵੋਟਿੰਗ ਲਈ ਪ੍ਰਬੰਧ ਕਰੇ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਵਡੇਰੇ ਬੈਂਚ ਨੇ ਅੱਜ ਸ਼ਾਮੀਂ ਡਿਪਟੀ ਸਪੀਕਰ ਦੇ ਵਿਵਾਦਿਤ ਫ਼ੈਸਲੇ ਦੀ ਕਾਨੂੰਨੀ ਵੈਧਤਾ ਦੀ ਨਿਰਖ਼-ਪਰਖ ਨਾਲ ਜੁੜੇ ਕੇਸ ਵਿੱਚ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਉਂਜ ਬੈਂਚ ਨੇ ਸੁਣਵਾਈ ਦੌਰਾਨ ਪਹਿਲੀ ਨਜ਼ਰੇ ਡਿਪਟੀ ਸਪੀਕਰ ਦੇ ਬੇਭਰੋਸਗੀ ਮਤਾ ਰੱਦ ਕਰਨ ਦੇ ਫ਼ੈਸਲੇ ਨੂੰ ਸੰਵਿਧਾਨ ਦੀ ਧਾਰਾ 95 ਦੀ ਖ਼ਿਲਾਫ਼ਵਰਜ਼ੀ ਕਰਾਰ ਦਿੱਤਾ ਸੀ। ਬੈਂਚ ਵਿੱਚ ਚੀਫ਼ ਜਸਟਿਸ ਬੰਡਿਆਲ ਤੋਂ ਇਲਾਵਾ ਜਸਟਿਸ ਇਜਾਜ਼ੁਲ ਅਹਿਸਨ, ਮੁਹੰਮਦ ਅਲੀ ਮਜ਼ਹਰ ਮੀਆਂਖੇਲ ਤੇ ਜਮਾਨ ਖ਼ਾਨ ਮਾਂਡੋਖੇਲ ਸ਼ਾਮਲ ਹਨ। ਸਿਖਰਲੀ ਅਦਾਲਤ ਵੱਲੋਂ ਫ਼ੈਸਲਾ ਰਾਖਵਾਂ ਰੱਖਣ ਮਗਰੋਂ ਇਹਤਿਆਤ ਵਜੋਂ ਸੁਪਰੀਮ ਕੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ। ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਕੋਰਟ ਦੇ ਬਾਹਰ ਦੰਗਿਆਂ ਨਾਲ ਸਿੱਝਣ ਵਾਲਾ ਬਲ ਵੀ ਤਾਇਨਾਤ ਸੀ।