ਟੋਕੀਓ, 27 ਸਤੰਬਰ – ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀਆਂ ਅੰਤਿਮ ਰਸਮਾਂ ਅੱਜ ਇੱਥੇ ਪੂਰੇ ਸਰਕਾਰੀ ਤੇ ਸੈਨਿਕ ਸਨਮਾਨਾਂ ਨਾਲ ਕੀਤੀਆਂ ਗਈਆਂ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਸਨ। ਉਨ੍ਹਾਂ ਮਰਹੂਮ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਆਬੇ ਦਾ ਜੁਲਾਈ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੰਤਿਮ ਰਸਮਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਜਾਪਾਨ ਦੇ ਪ੍ਰਧਾਨ ਮੰਤਰੀ ਕੋਲ ਆਬੇ ਦੀ ਮੌਤ ’ਤੇ ਅਫ਼ਸੋਸ ਜ਼ਾਹਿਰ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਬੇ ਦਾ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਤੇ ਹਿੰਦ-ਪ੍ਰਸ਼ਾਂਤ ਖੇਤਰ ਲਈ ਨੀਤੀ ਬਣਾਉਣ ਵਿਚ ਅਹਿਮ ਯੋਗਦਾਨ ਸੀ। ਦੋਵੇਂ ਆਗੂ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਸਹਿਮਤ ਹੋਏ। ਅੰਤਿਮ ਰਸਮਾਂ ਮੌਕੇ ਅੱਜ ਵੱਡੀ ਗਿਣਤੀ ਲੋਕ ਇਕੱਠੇ ਹੋਏ। ਹਾਲਾਂਕਿ ਆਬੇ ਦਾ ਵਿਰੋਧ ਕਰਨ ਵਾਲੇ ਵੀ ਵੱਡੀ ਗਿਣਤੀ ਵਿਚ ਸੜਕਾਂ ’ਤੇ ਨਿਕਲੇ। ਜ਼ਿਕਰਯੋਗ ਹੈ ਕਿ ਆਬੇ ਦਾ ਅੰਤਿਮ ਸੰਸਕਾਰ ਜੁਲਾਈ ਵਿਚ ਹੀ ਕਰ ਦਿੱਤਾ ਗਿਆ ਸੀ ਪਰ ਸਰਕਾਰੀ ਸਨਮਾਨਾਂ ਨਾਲ ਅੰਤਿਮ ਰਸਮਾਂ ਅੱਜ ਕੀਤੀਆਂ ਗਈਆਂ ਹਨ।
ਟੋਕੀਓ ਵਿਚ ਹੋਈਆਂ ਅੰਤਿਮ ਰਸਮਾਂ ਮੌਕੇ ਅੱਜ 100 ਤੋਂ ਵੱਧ ਮੁਲਕਾਂ ਦੇ ਪ੍ਰਤੀਨਿਧੀ ਹਾਜ਼ਰ ਸਨ ਜਿਨ੍ਹਾਂ ਵਿਚ 20 ਤੋਂ ਵੱਧ ਸਰਕਾਰਾਂ ਦੇ ਮੁਖੀ ਸ਼ਾਮਲ ਹਨ। ਮੋਦੀ ਤੋਂ ਇਲਾਵਾ ਇਸ ਮੌਕੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੇ ਹੋਰ ਕਈ ਚੋਟੀ ਦੇ ਆਗੂ ਹਾਜ਼ਰ ਸਨ। ਅੰਤਿਮ ਰਸਮਾਂ ਵਾਲੀ ਥਾਂ ਨੇੜੇ ਇਕ ਪਾਰਕ ਵਿਚ ਵੱਡੀ ਗਿਣਤੀ ਲੋਕਾਂ ਨੇ ਫੁੱਲ ਰੱਖ ਕੇ ਸ਼ਿੰਜ਼ੋ ਆਬੇ ਨੂੰ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ ਆਬੇ (67) ਨੂੰ 8 ਜੁਲਾਈ ਨੂੰ ਨਾਰਾ ਸ਼ਹਿਰ ਵਿਚ ਉਸ ਵੇਲੇ ਗੋਲੀ ਮਾਰ ਦਿੱਤੀ ਗਈ ਸੀ ਜਦ ਉਹ ਇਕ ਚੋਣ ਭਾਸ਼ਣ ਦੇ ਰਹੇ ਸਨ। ਉਨ੍ਹਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ।
Home Page ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨੂੰ...