ਨਵੀਂ ਦਿੱਲੀ, 10 ਜਨਵਰੀ – ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਕਾਂ ਵਿੱਚ ਕਥਿਤ ਤੌਰ ‘ਤੇ ਹੋਈ ਲਾਪਰਵਾਹੀ ਦੀ ਜਾਂਚ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ‘ਤੇ ਅੱਜ ਰੋਕ ਲਗਾ ਦਿੱਤੀ ਅਤੇ ਕਿਹਾ ਕਿ ਸਿਖਰਲੀ ਅਦਾਲਤ ਦੇ ਸਾਬਕਾ ਜੱਜ ਦੀ ਪ੍ਰਧਾਨਗੀ ਹੇਠ ਉਸ ਵੱਲੋਂ ਇਕ ਕਮੇਟੀ ਬਣਾਈ ਜਾਵੇਗੀ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ ਨੇ ਕਿਹਾ ਕਿ ਇਸ ਸਬੰਧ ਵਿੱਚ ਰਸਮੀ ਆਦੇਸ਼ ਜਲਦੀ ਪਾਸ ਕੀਤਾ ਜਾਵੇਗਾ। ਚੰਡੀਗੜ੍ਹ ਦੇ ਡੀਜੀਪੀ, ਕੌਮੀ ਜਾਂਚ ਏਜੰਸੀ ਦੇ ਆਈਜੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਪ੍ਰਸਤਾਵਿਤ ਕਮੇਟੀ ਦਾ ਹਿੱਸਾ ਹੋ ਸਕਦੇ ਹਨ। ਇਹ ਕਮੇਟੀ ਜਿੰਨੀ ਜਲਦੀ ਹੋ ਸਕੇ ਅਦਾਲਤ ਨੂੰ ਆਪਣੀ ਰਿਪੋਰਟ ਸੌਂਪੇਗੀ। ਸਿਖਰਲੀ ਅਦਾਲਤ ‘ਲਾਅਰਜ਼ ਵਾਇਸ’ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਥਿਤ ਲਾਪਰਵਾਹੀ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹਾ ਨਾ ਹੋਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕੀਤੇ ਜਾਣ ਮਗਰੋਂ ਅਦਾਲਤ ਦਾ ਇਹ ਫ਼ੈਸਲਾ ਆਇਆ ਹੈ। ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਕੇਂਦਰ ਵੱਲੋਂ ਕੀਤੀ ਗਈ ਕਿਸੇ ਵੀ ਤਰੀਕੇ ਦੀ ਜਾਂਚ ਵਿੱਚ ਸੂਬੇ ਦੀ ਸਹੀ ਢੰਗ ਨਾਲ ਸੁਣਵਾਈ ਨਹੀਂ ਹੋਵੇਗੀ। ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਡੀ.ਐੱਸ. ਪਟਵਾਲੀਆ ਨੇ ਐੱਸਐੱਸਪੀ, ਮੁੱਖ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਸੱਤ ‘ਕਾਰਨ ਦੱਸੋ’ ਨੋਟਿਸ ਜਾਰੀ ਕਰਕੇ ਇਹ ਪੁੱਛ ਜਾਣ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ, ਦਾ ਤਿੱਖਾ ਵਿਰੋਧ ਕੀਤਾ।
Home Page ਪ੍ਰਧਾਨ ਮੰਤਰੀ ਮੋਦੀ ਸੁਰੱਖਿਆ ਮਾਮਲਾ: ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਪ੍ਰਧਾਨਗੀ...