ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉੱਤਰਿਆ

ਮਾਨਸਾ/ਚੰਡੀਗੜ੍ਹ 29 ਮਈ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰ ਕੇ ਮਾਰ ਦਿੱਤਾ। ਫਾਇਰਿੰਗ ਵਿੱਚ ਗਾਇਕ ਸਿੱਧੂ ਮੂਸੇਵਾਲਾ ਸਮੇਤ ਤਿੰਨ ਜਣੇ ਜ਼ਖਮੀ ਹੋਏ। ਫਾਇਰਿੰਗ ਵਿੱਚ ਕਈ ਗੋਲੀਆਂ ਸਿੱਧੂ ਮੂਸੇਵਾਲਾ ਅਤੇ ਉਸ ਦੇ ਦੋ ਸਾਥੀਆਂ ਦੇ ਲੱਗੀਆਂ। ਉਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਉਸ ਦੇ ਦੋ ਸਾਥੀਆਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਮਾਨਸਾ ਤੋਂ ਬਾਹਰ ਹਸਪਤਾਲਾਂ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ। ਦੱਸਣਯੋਗ ਹੈ ਕਿ ਲੰਘੇ ਦਿਨ ਹੀ ਸਰਕਾਰ ਵੱਲੋਂ ਹੋਰਨਾਂ ਤੋਂ ਇਲਾਵਾ ਸਿੱਧੂ ਮੂਸੇਵਾਲਾ ਤੋਂ ਵੀ ਸੁਰੱਖਿਆ ਵਾਪਸ ਲਈ ਗਈ ਸੀ। ਇਸੇ ਦੌਰਾਨ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਹ ਗੈਂਗ ਦੇ ਮੁਖੀ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਆਈ.ਜੀ. ਰੇਂਜ ਦੀ ਅਗਵਾਈ ਹੇਠ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਤਿੰਨ ਤਰ੍ਹਾਂ ਦੇ ਹਥਿਆਰਾਂ ਨਾਲ ਹੋਈ ਫਾਇਰਿੰਗ।
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਨੇ ਅੱਜ ਦੇਰ ਸ਼ਾਮ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੋਣ ਦੀ ਪੁਸ਼ਟੀ ਕੀਤੀ ਹੈ। ਡੀਜੀਪੀ ਭਾਵਰਾ ਨੇ ਦੱਸਿਆ ਕਿ ਹੁਣ ਤੱਕ ਦੀ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਬਠਿੰਡਾ ਦੇ ਆਈਜੀ ਨੂੰ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੇ ਹੁਕਮ ਦਿੱਤੇ ਹਨ।
ਡੀਜੀਪੀ ਭਾਵਰਾ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਕੈਨੇਡਾ ਆਧਾਰਿਤ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਡੀਜੀਪੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਮੁਹਾਲੀ ਵਿੱਚ ਵਿੱਕੀ ਮਿੱਡੂਖੇੜਾ ਦੇ ਹੋਏ ਕਤਲ ਵਿੱਚ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਨਾਮ ਆਇਆ ਸੀ, ਜੋ ਆਸਟਰੇਲੀਆ ਚਲਾ ਗਿਆ ਸੀ। ਉਨ੍ਹਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਪ੍ਰਤੀਕਿਰਿਆ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਕੇ ਤੋਂ 30 ਖ਼ਾਲੀ ਕਾਰਤੂਸ ਮਿਲੇ ਹਨ ਅਤੇ ਤਿੰਨ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ, ਜੋ ਵੱਖ ਵੱਖ ਬੋਰ ਦੇ ਸਨ। ਇਨ੍ਹਾਂ ‘ਚ ਏਐੱਨ-94 ਅਤੇ ਇੱਕ 455 ਬੋਰ ਸੀ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਕਾਤਲਾਂ ਦੀ ਭਾਲ ਲਈ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਬਠਿੰਡਾ ਰੇਂਜ ਦੇ ਆਈਜੀ ਤੋਂ ਇਲਾਵਾ ਬਠਿੰਡਾ ਦੇ ਐੱਸਐੱਸਪੀ ਵੀ ਮਾਨਸਾ ਵਿੱਚ ਅਪਰੇਸ਼ਨ ‘ਤੇ ਹਨ। ਆਈਜੀ ਨੂੰ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਏਡੀਜੀਪੀ (ਲਾਅ ਐਂਡ ਆਰਡਰ) ਵੱਲੋਂ ਲੋੜੀਂਦੀ ਨਫਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਕੇਸ ਨੂੰ ਸੁਲਝਾ ਲਿਆ ਜਾਵੇਗਾ।
ਡੀਜੀਪੀ ਨੇ ਸੁਰੱਖਿਆ ਵਾਪਸੀ ਦੇ ਮਾਮਲੇ ‘ਤੇ ਸਪੱਸ਼ਟ ਕੀਤਾ ਕਿ 6 ਜੂਨ ਦੇ ਘੱਲੂਘਾਰਾ ਦਿਵਸ ਕਰਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਰਜ਼ੀ ਤੌਰ ‘ਤੇ ਸੁਰੱਖਿਆ ਵਾਪਸ ਲਈ ਗਈ ਸੀ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਨਾਲ ਚਾਰ ਕਮਾਂਡੋ ਤਾਇਨਾਤ ਕੀਤੇ ਹੋਏ ਸਨ, ਜਿਨ੍ਹਾਂ ‘ਚੋਂ ਦੋ ਵਾਪਸ ਲੈ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਅੱਜ ਦੋ ਕਮਾਂਡੋਜ਼ ਨੂੰ ਵੀ ਨਾਲ ਨਹੀਂ ਲੈ ਕੇ ਗਏ। ਉਹ ਅੱਜ ਆਪਣੀ ਬੁਲੇਟ ਪਰੂਫ਼ ਗੱਡੀ ਵੀ ਨਹੀਂ ਲੈ ਕੇ ਗਏ।