ਪੰਜਾਬ: ਆਪ ਸਰਕਾਰ ਨੇ ਪੰਜਾਬ ਮੰਤਰੀ ਮੰਡਲ ‘ਚ ਪੰਜ ਹੋਰ ਨਵੇਂ ਮੰਤਰੀ ਸ਼ਾਮਲ ਕੀਤੇ

ਚੰਡੀਗੜ੍ਹ, 4 ਜੁਲਾਈ – ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ ਸੂਬਾਈ ਵਜ਼ਾਰਤ ਵਿੱਚ 5 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਹੈ। ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਹਲਕਾ ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ, ਗੁਰੂ ਹਰਸਹਾਏ ਤੋਂ ਵਿਧਾਇਕ ਫ਼ੌਜਾ ਸਿੰਘ ਸਰਾਰੀ, ਖਰੜ ਤੋਂ ਅਨਮੋਲ ਗਗਨ ਮਾਨ ਤੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਲਫ਼ ਲਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਵੇਂ ਵਿਧਾਇਕਾਂ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ‘ਚ ਚੁਣੇ ਜਾਣ ‘ਤੇ ਸਾਰੇ ਮੰਤਰੀ ਸਾਹਿਬਾਨਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਮੈਨੂੰ ਪੂਰਨ ਆਸ ਹੈ ਕਿ ਨਵੇਂ ਚੁਣੇ ਮੰਤਰੀ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉੱਤਰਨਗੇ। ਆਪਣੀ ਜ਼ਿੰਮੇਵਾਰੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਪੂਰੀ ਤਨਦੇਹੀ ਅਤੇ ਦ੍ਰਿੜ੍ਹਤਾ ਨਾਲ ਨਿਭਾਉਣਗੇ, ਨਵੀਂ ਸ਼ੁਰੂਆਤ ਲਈ ਸਾਰਿਆਂ ਨੂੰ ਦਿਲੋਂ ਸ਼ੁੱਭਕਾਮਨਾਵਾਂ।