ਚੰਡੀਗੜ੍ਹ, 18 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਅਗੇਤਾ ਝੋਨਾ ਲਾਉਣ, ਗੰਨੇ ਦੀ ਬਕਾਇਆ ਰਾਸ਼ੀ ਦੇਣ ਸਣੇ ਹੋਰ ਮੰਗਾਂ ਮੰਨੇ ਜਾਣ ਮਗਰੋਂ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇੱਥੇ ਮੁਹਾਲੀ-ਚੰਡੀਗੜ੍ਹ ਸਰਹੱਦ ‘ਤੇ ਲਾਇਆ ਧਰਨਾ ਚੁੱਕ ਲਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਧਰਨਾ ਚੁੱਕਿਆ ਨਹੀਂ ਬਲਕਿ ਮੁਲਤਵੀ ਕੀਤਾ ਹੈ।
ਇੱਥੇ ਪੰਜਾਬ ਭਵਨ ਵਿੱਚ ਕਿਸਾਨ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਦੋ ਕਰ ਦਿੱਤੀ ਤੇ ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀਆਂ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਦਿਆਂ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਦੇ ਦਿੱਤੀ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ 13 ਮੰਗਾਂ ਸਰਕਾਰ ਅੱਗੇ ਰੱਖੀਆਂ। ਖ਼ਬਰਾਂ ਹਨ ਕਿ ਕਣਕ ਦਾ ਝਾੜ ਘਟਣ ਕਾਰਨ ਹੋਏ ਨੁਕਸਾਨ ਬਦਲੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਨੂੰ ਛੱਡ ਕੇ ਲਗਭਗ ਸਾਰੀਆਂ ਮੰਗਾਂ ਸਰਕਾਰ ਨੇ ਮੰਨ ਲਈਆਂ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸਰਕਾਰ ਨੇ ਮੂੰਗੀ ਦੀ ਫ਼ਸਲ ਦੀ ਅੱਮੱਸਪੀ 7275 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੱਕੀ ਦੀ ਸਰਕਾਰੀ ਖ਼ਰੀਦ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਸਮਤੀ ਦਾ ਘੱਟੋ-ਘੱਟ ਸਮਰਥਨ ਮੁੱਲ ਐਲਾਨੇ ਜਾਣ ਲਈ ਸਰਕਾਰ ‘ਤੇ ਜ਼ੋਰ ਪਾਉਣਗੇ। ਇਸ ਦੌਰਾਨ ਸਰਕਾਰ ਕੋਲ ਬੀਬੀਐੱਮਬੀ ਦਾ ਵਿਵਾਦਿਤ ਮੁੱਦਾ ਵੀ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਸਾਨ ਆਗੂਆਂ ਤੋਂ ਖੇਤੀਬਾੜੀ ਖੇਤਰ ਵਿੱਚ ਕਿਸਾਨ ਪੱਖੀ ਸੁਧਾਰ ਲਿਆਉਣ ਲਈ ਘੱਟੋ-ਘੱਟ ਇੱਕ ਸਾਲ ਦਾ ਸਮਾਂ ਮੰਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਨਾਲ ਸਬੰਧਿਤ ਕੋਈ ਵੀ ਮਸਲਾ ਹੱਲ ਕਰਨ ਲਈ ਉਨ੍ਹਾਂ ਦੇ ਦਫ਼ਤਰ ਅਤੇ ਘਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਸਾਨਾਂ ਨੂੰ ਪ੍ਰਦਰਸ਼ਨਾਂ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਜੇ ਸਰਕਾਰ ਨਾਲ ਕੋਈ ਰੋਸਾ ਹੈ ਤਾਂ ਗੱਲਬਾਤ ਵਾਲੀ ਮੇਜ਼ ਉੱਤੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤ ਦੀਆਂ ਬੰਜਰ ਜ਼ਮੀਨਾਂ ਨੂੰ ਵਾਹੀ ਯੋਗ ਬਣਾਉਣ ਵਾਲੇ ਕਾਬਜ਼ਕਾਰਾਂ ਨੂੰ ਮਾਲਕੀ ਹੱਕ ਦੇਣ ਲਈ ਵਿਆਪਕ ਰਣਨੀਤੀ ਲਿਆਏਗੀ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੇ ਮਸਲੇ ਦਾ ਛੇਤੀ ਹੱਲ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿੱਢੀ ਮੁਹਿੰਮ ਜਾਰੀ ਰਹੇਗੀ। ਮੀਟਿੰਗ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਊਰਜਾ ਤੇਜਵੀਰ ਸਿੰਘ ਅਤੇ ਸੀਨੀਅਰ ਪੁਲੀਸ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਉਪਰੰਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮ ਨੂੰ ਖ਼ੁਦ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਧਰਨੇ ਵਿੱਚ ਪਹੁੰਚੇ ਅਤੇ ਕਿਸਾਨਾਂ ਦੇ ਇਕੱਠ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਬਾਰੇ ਸਹਿਮਤੀ ਪ੍ਰਗਟਾਉਣ ਦਾ ਰਸਮੀ ਐਲਾਨ ਕੀਤਾ। ਧਾਲੀਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮੀਟਿੰਗਾਂ ਕਰਕੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ‘ਤੇ ਗ਼ੌਰ ਕਰੇਗੀ। ਕਰਜ਼ਾ ਮੁਆਫ਼ੀ ਬਾਰੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਗੱਲਬਾਤ ਲਈ ਕੇਂਦਰ ਤੋਂ ਸਮਾਂ ਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਾਸਮਤੀ ਦੇ ਹਰੇਕ ਚੌਲ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦ ਕਰੇਗੀ ਅਤੇ ਗੰਨੇ ਦਾ ਬਕਾਇਆ ਜਲਦੀ ਜਾਰੀ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਬੀਕੇਯੂ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ।
Home Page ਪੰਜਾਬ ਕਿਸਾਨੀ ਧਰਨਾ: ਮੁੱਖ ਮੰਤਰੀ ਨਾਲ ਮੀਟਿੰਗ ਪਿੱਛੋਂ ਕਿਸਾਨਾਂ ਨੇ ਧਰਨਾ ਚੁੱਕ...