ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਵੱਲੋਂ ਪ੍ਰੋ. ਸੰਦੀਪ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਨਾਮਜ਼ਦ

ਚੰਡੀਗੜ੍ਹ, 21 ਮਾਰਚ – ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਪੰਜ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਪੰਜਾਬ ਚੋਣਾਂ ਵਿੱਚ ‘ਆਪ’ ਲਈ ਰਾਜਸੀ ਰਣਨੀਤੀ ਤਿਆਰ ਕਰਨ ਵਾਲੇ ਪ੍ਰੋ. ਸੰਦੀਪ ਪਾਠਕ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲਵਲੀ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ ਅਤੇ ਉਦਯੋਗਪਤੀ ਸੰਜੀਵ ਅਰੋੜਾ ਦੇ ਨਾਮ ਸ਼ਾਮਲ ਹਨ। ਪੰਜਾਬ ਤੋਂ ਰਾਜ ਸਭਾ ਦੀਆਂ ਪੰਜ ਸੀਟਾਂ ਲਈ ‘ਆਪ’ ਦੇ ਦੋ ਚਿਹਰੇ ਦਿੱਲੀ ਅਤੇ ਤਿੰਨ ਚਿਹਰੇ ਪੰਜਾਬ ਨਾਲ ਸਬੰਧਿਤ ਹਨ।
ਸੰਸਦ ਦੇ ਉੱਪਰਲੇ ਸਦਨ ਵਿੱਚ ਖ਼ਾਲੀ ਹੋਈਆਂ ਇਨ੍ਹਾਂ 5 ਸੀਟਾਂ ਲਈ ਚੋਣਾਂ 31 ਮਾਰਚ ਨੂੰ ਹੋਣੀਆਂ ਹਨ। ਰਾਘਵ ਚੱਢਾ ਦਿੱਲੀ ਦੇ ਰਾਜਿੰਦਰ ਨਗਰ ਤੋਂ ਮੌਜੂਦਾ ਵਿਧਾਇਕ ਹਨ। ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ ਹੋਣ ਕਰਕੇ ਸੰਦੀਪ ਪਾਠਕ, ਰਾਘਵ ਚੱਢਾ ਤੇ ਹਰਭਜਨ ਸਿੰਘ ਪਹਿਲਾਂ ਹੀ ਚੰਡੀਗੜ੍ਹ ਪੁੱਜ ਗਏ ਹਨ। ਭਲਕੇ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਜਦੋਂ ਕਿ 31 ਮਾਰਚ ਤੱਕ ਕਾਗ਼ਜ਼ ਵਾਪਸ ਲਏ ਜਾ ਸਕਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਿਤ 5 ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸੁਖਦੇਵ ਸਿੰਘ ਢੀਂਡਸਾ ਦਾ ਕਾਰਜਕਾਲ 9 ਅਪ੍ਰੈਲ ਨੂੰ ਖ਼ਤਮ ਹੋ ਰਿਹਾ ਹੈ ਜਦੋਂ ਕਿ ਦੋ ਹੋਰਨਾਂ ਰਾਜ ਸਭਾ ਮੈਂਬਰਾਂ ਬਲਵਿੰਦਰ ਸਿੰਘ ਭੂੰਦੜ ਤੇ ਅੰਬਿਕਾ ਸੋਨੀ ਦਾ ਕਾਰਜਕਾਲ 4 ਜੁਲਾਈ ਨੂੰ ਖ਼ਤਮ ਹੋਣਾ ਹੈ।
ਗੌਰਤਲਬ ਹੈ ਕਿ ਆਪ ਵੱਲੋਂ ਰਾਜ ਸਭਾ ਲਈ ਪੰਜਾਬ ਤੋਂ ਬਾਹਰੋਂ ਉਮੀਦਵਾਰ ਲੈਣ ਕਰਕੇ ਆਪ ਪਾਰਟੀ ਦੀ ਵਿਰੋਧੀਆਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਤੋਂ ਬਾਹਰਲੇ ਉਮੀਦਵਾਰਾਂ ਦੇ ਨਾਮ ਦੇਣਾ ਸੂਬੇ ਤੇ ਸੂਬੇ ਦੀ ਜਨਤਾ ਨਾਲ ਧੋਖਾ ਹੈ ਜਿਸ ਨੇ ਆਪ ਪਾਰਟੀ ਨੂੰ ਵੱਡਾ ਬਹੁਮਤ ਦੇ ਕੇ ਸੱਤਾ ਵਿੱਚ ਲਿਆਂਦਾ ਹੈ।