ਪੰਜਾਬ ਦੀ ਵਿੱਤੀ ਹਾਲਤ ਬਹੁਤ ਮਜ਼ਬੂਤ ਹੈ ਅਤੇ ਸਰਬਪੱਖੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ – ਮਜੀਠੀਆ

ਕਪੂਰਥਲਾ, 9 ਸਤੰਬਰ – ਪੰਜਾਬ ਦੀ ਵਿੱਤੀ ਹਾਲਤ ਬਹੁਤ ਮਜ਼ਬੂਤ ਹੈ ਅਤੇ ਪੰਜਾਬ ਸਰਕਾਰ ਵਲੋਂ ਰਾਜ ਦੇ ਤੇਜ ਗਤੀ ਨਾਲ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਅਤੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਪੰਜਾਬ ਨੇ ਅੱਜ ਸਟੇਟ ਗੁਰਦੁਆਰਾ ਕਪੂਰਥਲਾ ਦੀ ਵਿਸ਼ਾਲ ਗਰਾਊਂਡ ਵਿਖੇ ਜਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਦੀ ਤਾਜਪੋਸ਼ੀ ਸਬੰਧੀ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਕੀਤਾ।
ਸ. ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ, ਪੰਜਾਬ ਨੇ ਤਾਜਪੋਸ਼ੀ ਸਮਾਰੋਹ ਵਿੱਚ ਜਿਲ੍ਹਾ ਕਪੂਰਥਲਾ ਦੇ ਖਾਸ ਕਰਕੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਦੀ ਵਿੱਤੀ ਹਾਲਤ ਕਮਜ਼ੋਰ ਹੋਣ ਸਬੰਧੀ ਗੁੰਮਰਾਹ ਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ  ਉਨ੍ਹਾਂ ਨੇ ਪੰਜਾਬ ਦੀ ਵਿੱਤੀ ਹਾਲਤ ਮਜ਼ਬੂਤ ਹੋਣ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਦੇ ਖਜਾਨੇ ਵਿੱਚ ਰਾਜ ਦੇ ਵਿਕਾਸ ਕਾਰਜਾਂ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਲਈ ਪੈਸੇ ਦੀ ਕੋਈ ਕਮੀ ਨਹੀ ਹੈ। ਸ਼੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬ… ਦੇ ਖਜਾਨੇ ਵਿੱਚ ਪੈਸੇ ਹੋਣ ਕਰਕੇ ਹੀ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਗਤ ਦਰਸ਼ਨ ਕਰਕੇ ਵਿਕਾਸ ਕਾਰਜਾਂ ਲਈ ਗਰਾਂਟਾਂ ਵੰਡ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪ ਅੱਜ ਆਪਣੇ ਦੌਰੇ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਕੀਤੇ ਗਏ ਸਮਾਗਮਾਂ ਦੌਰਾਨ ਲਗਭਗ 8 ਕਰੋੜ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਹਨ। ਸ਼੍ਰੀ ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਵਿੱਤੀ ਹਾਲਤਾਂ ਸਬੰਧੀ ਗਲਤ ਪ੍ਰਚਾਰ ਕਰਨ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਮੁੱਚੇ ਦੇਸ਼ ਦੇ ਹਾਲਾਤ ਖਰਾਬ ਹੋਏ ਹਨ ਅਤੇ ਦੇਸ਼ ਵਿੱਚ ਪ੍ਰਾਪਰਟੀ ਦੀਆਂ ਕੀਮਤਾਂ ਭਾਰੀ ਗਿਰਾਵਟ ਆਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਵਿੱਤੀ ਐਮਰਜੰਸੀ ਲਾਉਣੀ ਚਾਹੀਦੀ ਹੈ, ਜਿਸ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦੀ ਕਰੰਸੀ ਦੇ ਮੁੱਲ ਵਿੱਚ ਭਾਰੀ ਗਿਰਾਵਟ ਆਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਨਾਲ ਕੇਵਲ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਹੀ ਵਧਿਆ ਹੈ। ਸ਼੍ਰੀ ਮਜੀਠੀਆ ਨੇ ਕੇਂਦਰ ਸਰਕਾਰ ਦੇ ਫੁਡ ਸਕਿਊਰਟੀ ਬਿੱਲ ਦੀ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਫੁਡ ਸਕਿਊਰਟੀ ਬਿੱਲ ਵੀ ਇੱਕ ਚੋਣ ਸਟੰਟ ਹੈ, ਜਿਸ ਦਾ ਆਮ ਜਨਤਾ ਨੂੰ ਕੋਈ ਫਾਇਦਾ ਨਹੀਂ ਹੋਣਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੂਰੀ ਤਰ੍ਹਾਂ ਬਰਬਾਦ ਹੋਈਆਂ ਫਸਲਾਂ ਲਈ 3500 ਰੁਪਏ ਅਤੇ ਹੜ੍ਹਾਂ ਨਾਲ ਮਰਨ ਵਾਲੇ ਪਸ਼ੂਆਂ ਦੇ ਮੁਆਵਜ਼ੇ ਵੱਜੋਂ 16 ਹਜਾਰ 500 ਰੁਪਏ ਦੇਣਾ ਵੀ ਲੋਕਾਂ ਨਾਲ ਇੱਕ ਮਜ਼ਾਕ ਹੈ।
ਸ਼੍ਰੀ ਮਜੀਠੀਆ ਨੇ ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਵਾਸਤੇ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ ਅਤੇ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਦਾ ਦਿੱਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਾਸਤੇ ਆਪਣਾ ਯੋਗਦਾਨ ਪਾਉਣ।
ਸ਼੍ਰੀ ਸੁਰਜੀਤ ਸਿੰਘ ਰੱਖੜਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਦਫ਼ਤਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਜਾਣਗੀਆਂ ਅਤੇ ਇਨ੍ਹਾਂ ਦਫ਼ਤਰਾਂ ਆਨ ਲਾਈਨ ਸਿਸਟਮ ਰਾਹੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 10 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ 1700 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਈ ਜਾ ਰਹੀ ਹੈ। ਸ਼੍ਰੀ ਰੱਖੜਾ ਨੇ ਇਸ ਸਮਾਗਮ ਤੋਂ ਬਾਅਦ ਜਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਯੁਵਰਾਜ ਭੁਪਿੰਦਰ ਸਿੰਘ ਨੂੰ ਚੇਅਰਮੈਨ ਅਤੇ ਮਾਸਟਰ ਗੁਰਦੇਵ ਸਿੰਘ ਵਾਈਸ ਚੇਅਰਮੈਨ ਦੇ ਅਹੁਦੇ ਸੰਭਾਲਣ ਮੌਕੇ ਆਸ਼ੀਰਵਾਦ ਦਿੱਤਾ।ਉਹਨਾਂ ਨੇ ਇਸ ਮੌਕੇ ‘ਤੇ ਜਿਲ੍ਹਾ ਪ੍ਰੀਸ਼ਦ ਦਫ਼ਤਰ ਦੀ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ ।
ਯੁਵਰਾਜ ਭੁਪਿੰਦਰ ਸਿੰਘ ਦੇ ਤਾਜਪੋਸ਼ੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਸਾਬਕਾ ਮੰਤਰੀ ਅਤੇ ਵਿਧਾਇਕ ਭੁਲੱਥ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ। ਡਾ. ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ਪੰਜਾਬ ਵਿੱਚ ਸਦਭਾਵਨਾ ਮਜ਼ਬੂਤ ਹੋਈ ਹੈ। ਸ਼੍ਰੀ ਸੋਮ ਪ੍ਰਕਾਸ਼ ਕੈਂਥ ਮੁੱਖ ਸੰਸਦੀ ਸਕੱਤਰ ਨੇ ਸੱਦਾ ਦਿੱਤਾ ਕਿ ਦੇਸ਼ ਦੇ ਉਜਵਲ ਭਵਿੱਖ ਵਾਸਤੇ ਕੇਂਦਰ ਦੀ ਕਾਂਗਰਸ ਸਰਕਾਰ ਦੀ ਥਾਂ ਐਨ. ਡੀ. ਏ ਸਰਕਾਰ ਬਣਾਈ ਜਾਵੇ। ਸ਼੍ਰੀ ਸਰਬਜੀਤ ਸਿੰਘ ਮੱਕੜ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਵਾਸਤੇ ਨਿਰਸਵਾਰਥ ਸੇਵਾ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਵਲੋਂ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਦਵੀਆਂ ਨਾਲ ਨਿਵਾਜਿਆ ਜਾਂਦਾ ਹੈ। ਯੁਵਰਾਜ ਭੁਪਿੰਦਰ ਸਿੰਘ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਅਤੇ ਮਾਸਟਰ ਗੁਰਦੇਵ ਸਿੰਘ ਵਾਈਸ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਦੇ ਇਸ ਮੌਕੇ ਤੇ ਪਾਰਟੀ ਲੀਡਰਸ਼ਿਪ ਅਤੇ ਜਿੱਲ੍ਹੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ।