ਪੰਜਾਬ ਦੇ ਰਾਜਪਾਲ ਨੇ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ

ਚੰਡੀਗੜ੍ਹ, 26 ਸਤੰਬਰ – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ 7 ਨਵੇਂ ਚੁਣੇ ਗਏ ਮੰਤਰੀਆਂ ਸਮੇਤ ਕੁੱਲ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।
ਇੱਥੇ ਪੰਜਾਬ ਰਾਜ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਓ.ਪੀ. ਸੋਨੀ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਭਵਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ।
ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਸ੍ਰੀ ਬ੍ਰਹਮ ਮਹਿੰਦਰਾ, ਸ੍ਰੀ ਮਨਪ੍ਰੀਤ ਸਿੰਘ ਬਾਦਲ, ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਨਾ ਚੌਧਰੀ, ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸ੍ਰੀ ਰਾਣਾ ਗੁਰਜੀਤ ਸਿੰਘ, ਸ੍ਰੀਮਤੀ ਰਜ਼ੀਆ ਸੁਲਤਾਨਾ, ਸ੍ਰੀ ਵਿਜੈ ਇੰਦਰ ਸਿੰਗਲਾ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਰਣਦੀਪ ਸਿੰਘ ਨਾਭਾ, ਡਾ. ਰਾਜ ਕੁਮਾਰ ਵੇਰਕਾ, ਸ੍ਰੀ ਸੰਗਤ ਸਿੰਘ ਗਿਲਜ਼ੀਆਂ, ਸ੍ਰੀ ਪ੍ਰਗਟ ਸਿੰਘ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਗੁਰਕੀਰਤ ਸਿੰਘ ਕੋਟਲੀ ਸ਼ਾਮਲ ਸਨ।
ਇਸ ਸਮਾਗਮ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਹੁੰ ਚੁੱਕਣ ਵਾਲੇ ਨਵੇਂ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਸ਼ਾਮਲ ਹੋਏ।