ਚੰਡੀਗੜ੍ਹ, 15 ਸਤੰਬਰ – ਕੇਂਦਰ ਸਰਕਾਰ ਵੱਲੋਂ ਸੰਸਦ ਦੇ ਮੌਨਸੂਨ ਇਜਲਾਸ ‘ਚ ਪੇਸ਼ ਕੀਤੇ ਗਏ ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਨੇ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕੀਤੇ ਅਤੇ ਨਾਅਰੇਬਾਜ਼ੀ ਕੀਤੀ। ਇਨ੍ਹਾਂ ਖੇਤੀ ਆਰਡੀਨੈਂਸਾਂ ਵਿਰੁੱਧ ਅੱਜ ਕਿਸਾਨਾਂ ਨੇ ਸੜਕਾਂ ‘ਤੇ ਉਤਰ ਕੇ ਇਨ੍ਹਾਂ ਨੂੰ ਰੱਦ ਕਰ ਦਿੱਤਾ। ਦਰਜਨਾਂ ਕਿਸਾਨੀ ਧਿਰਾਂ ਨੇ ਅੱਜ ਕਰੀਬ 25 ਥਾਵਾਂ ਉੱਤੇ ਜਰਨੈਲੀ ਸੜਕਾਂ ‘ਤੇ ਧਰਨੇ ਲਾ ਕੇ ਆਵਾਜਾਈ ਠੱਪ ਕੀਤੀ। ਉਨ੍ਹਾਂ ਨੇ ਤਿੰਨ ਦਰਿਆਈ ਪੁਲਾਂ ਨੂੰ ਵੀ ਰੋਕਿਆ। ਕੋਰੋਨਾ ਦੀ ਪ੍ਰਵਾਹ ਕੀਤੇ ਬਿਨਾਂ ਕਿਸਾਨ ਆਪਣੀਆਂ ਮੰਗਾਂ ਦੇ ਹੱਕ ਵਿੱਚ ਡਟੇ ਰਹੇ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੱਦੇ ‘ਤੇ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਅੱਜ ਸ਼ੁਰੂ ਹੋਏ ਦਿਨ-ਰਾਤ ਦੇ ਮੋਰਚੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਿੰਡ ਬਾਦਲ ਵਿਚਲੀ ਰਿਹਾਇਸ਼ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਇੱਥੇ 20 ਸਤੰਬਰ ਤੱਕ ਦਿਨ-ਰਾਤ ਦੇ ਮੋਰਚੇ ਚੱਲਣੇ ਹਨ। ਪਿੰਡ ਬਾਦਲ ਤੋਂ ਪਹਿਲਾਂ ਕਾਲਝਰਾਨੀ ਵਿੱਚ ਹਜ਼ਾਰਾਂ ਕਿਸਾਨਾਂ ਨੂੰ ਪੁਲੀਸ ਨੇ ਰੋਕਿਆ, ਜਿੱਥੇ ਅੱਧਾ ਘੰਟਾ ਪੁਲੀਸ ਨਾਲ ਖਿੱਚ-ਧੂਹ ਹੋਈ। ਕੇਸਰੀ ਚੁੰਨੀਆਂ ਲੈ ਕੇ ਪੁੱਜੀਆਂ ਔਰਤਾਂ ਨੇ ਸੰਘਰਸ਼ੀ ਰੰਗ ਤਿੱਖੇ ਕਰ ਦਿੱਤੇ। ਪਿੰਡ ਬਾਦਲ ਅਤੇ ਪਟਿਆਲਾ ਵਿੱਚ ਵੱਡੀ ਗਿਣਤੀ ਪੁਲੀਸ ਤਾਇਨਾਤ ਸੀ। ਬੀ.ਕੇ.ਯੂ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਰੂਪ ਸਿੰਘ ਛੰਨਾ, ਹਰਿੰਦਰ ਕੌਰ ਬਿੰਦੂ, ਰਾਜਵਿੰਦਰ ਸਿੰਘ ਰਾਮਨਗਰ, ਅਮਰੀਕ ਸਿੰਘ ਗੰਢੂਆਂ ਨੇ ਪਟਿਆਲਾ ਅਤੇ ਬਾਦਲ ਵਿੱਚ ਸੰਬੋਧਨ ਕੀਤਾ। ਇਸ ਦੌਰਾਨ ਜੈਕਾਰਿਆਂ ਦੀ ਗੂੰਜ ‘ਚ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ ਕੀਤੀ ਗਈ। ਇਨ੍ਹਾਂ ਨੂੰ ਕਿਸਾਨਾਂ ਦੀ ਮੌਤ ਦੇ ਵਾਰੰਟ ਦੱਸਿਆ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਜਿੱਤ ਤਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਨੇ ਰਾਜਪੁਰਾ ਵਿੱਚ ਦਿੱਲੀ-ਅੰਮ੍ਰਿਤਸਰ ਹਾਈਵੇਅ ‘ਤੇ ਧਰਨਾ ਦਿੱਤਾ। ਇਸੇ ਤਰ੍ਹਾਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਦੂਜੇ ਦਿਨ ਵੀ ਪੰਜਾਬ ਦੇ ਤਿੰਨ ਦਰਿਆਈ ਪੁਲਾਂ ਬਿਆਸ, ਹਰੀਕੇ ਹੈੱਡ ਅਤੇ ਟਾਂਡਾ ਸ੍ਰੀ ਹਰਗੋਬਿੰਦਪੁਰ ਪੁਲ ‘ਤੇ ਧਰਨੇ ਮਾਰ ਕੇ ਸੜਕੀ ਆਵਾਜਾਈ ਜਾਮ ਕੀਤੀ। ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਅਤੇ ਜਸਵੀਰ ਸਿੰਘ ਪਿੱਦੀ ਨੇ ਐਲਾਨ ਕੀਤਾ ਕਿ ਆਰਡੀਨੈਂਸਾਂ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਪੰਜਾਬ ਪੁਲੀਸ ਅੱਜ ਚਾਰੇ ਪਾਸੇ ਸੜਕਾਂ ‘ਤੇ ਦਿਖੀ ਅਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸੇ ਤਰ੍ਹਾਂ ਅੱਜ ਦਸ ਕਿਸਾਨ ਧਿਰਾਂ ਨੇ ਕੌਮੀ ਸੜਕ ਮਾਰਗ ‘ਤੇ 25 ਥਾਵਾਂ ‘ਤੇ ਸੜਕਾਂ ‘ਤੇ ਜਾਮ ਲਾਏ। ਕਿਸਾਨਾਂ ਨੇ ਮੋਰਚੇ ਵਾਲੇ ਥਾਂ ‘ਤੇ ਲੰਗਰ ਚਲਾ ਦਿੱਤੇ ਹਨ।
Home Page ਪੰਜਾਬ ਭਰ ‘ਚ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਦਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ