ਐੱਸਏਐੱਸ ਨਗਰ (ਮੁਹਾਲੀ), 19 ਜਨਵਰੀ – 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਹੁਣ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਸੂਬੇ ਦੀ ਲਗਭਗ 22 ਲੱਖ ਜਨਤਾ ਵੱਲੋਂ ਭਗਵੰਤ ਮਾਨ ਦੇ ਹੱਕ ‘ਚ 93.3 ਫ਼ੀਸਦੀ ਵੋਟ ਕੀਤੇ।
‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਮੁਹਾਲੀ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪਣੀ ਪਾਰਟੀ ਦੇ ਚੋਣਾਂ ‘ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਂਅ ਦਾ ਰਸਮੀ ਐਲਾਨ ਕੀਤਾ। ਕੇਜਰੀਵਾਲ ਨੇ ਜਿਵੇਂ ਹੀ ਭਗਵੰਤ ਮਾਨ ਦੇ ਨਾਂ ਦਾ ਐਲਾਨ ਕੀਤਾ ਤਾਂ ਹਾਲ ਵਿੱਚ ਬੈਠੇ ‘ਆਪ’ ਵਲੰਟੀਅਰਾਂ ਨੇ ਢੋਲ ਨਗਾਰੇ ਵਜਾ ਕੇ ਭੰਗੜੇ ਪਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਭਗਵੰਤ ਮਾਨ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ।
ਗੌਰਤਲਬ ਹੈ ਕਿ ਪਿਛਲੇ ਦਿਨੀਂ ਕੇਜਰੀਵਾਲ ਨੇ ਇਸੇ ਜਗ੍ਹਾ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਿਹਾ ਸੀ ਕਿ ਉਹ ਭਗਵੰਤ ਮਾਨ ਨੂੰ ਪਹਿਲਾਂ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਸਨ, ਪਰ ਮਾਨ ਨੇ ਖ਼ੁਦ ਜਵਾਬ ਦਿੰਦਿਆਂ ਕਿਹਾ ਸੀ ਕਿ ਲੋਕ ਜਿਸ ਨੂੰ ਚਾਹੁਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ ਜਾਵੇ। ਇਸ ਮਗਰੋਂ ਪਾਰਟੀ ਨੇ ਇੱਕ ਨੰਬਰ ਜਾਰੀ ਕਰਕੇ ਪੰਜਾਬ ਦੇ ਲੋਕਾਂ ਤੋਂ ਸੂਬੇ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਇ ਮੰਗੀ ਸੀ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਖੁੱਲ੍ਹਾ ਰਿਹਾ। ਪਾਰਟੀ ਵੱਲੋਂ ਕੀਤੇ ਦਾਅਵੇ ਮੁਤਾਬਿਕ ਪਿਛਲੇ ਕਰੀਬ 96 ਘੰਟਿਆਂ ਦੌਰਾਨ 22 ਲੱਖ ਵਲੰਟੀਅਰਾਂ ਅਤੇ ਆਮ ਲੋਕਾਂ ਨੇ ਮੁੱਖ ਮੰਤਰੀ ਦੇ ਚਿਹਰੇ ਲਈ ਉਮੀਦਵਾਰ ਦਾ ਨਾਮ ਸੁਝਾਇਆ ਸੀ। ਇਨ੍ਹਾਂ ‘ਚੋਂ 93.3 ਫ਼ੀਸਦੀ ਲੋਕਾਂ ਵੱਲੋਂ ਭਗਵੰਤ ਮਾਨ ਦਾ ਨਾਮ ਲਿਆ ਗਿਆ। ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਨੇ ਦੱਸਿਆ ਕਿ ਲੋਕਾਂ ਵੱਲੋਂ ਸੁਝਾਅ ਦੇਣ ਮੌਕੇ 3.5 ਫ਼ੀਸਦੀ ਲੋਕਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਚੁਣਿਆ। ਇਸ ਮੌਕੇ ‘ਆਪ’ ਦੇ ਕੌਮੀ ਜਨਰਲ ਸਕੱਤਰ ਰਾਘਵ ਚੱਢਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਹਰਪਾਲ ਸਿੰਘ ਚੀਮਾ, ਮੁਹਾਲੀ ਤੋਂ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਅਤੇ ਹੋਰ ਆਗੂ ਅਤੇ ‘ਆਪ’ ਦੇ ਲਗਭਗ ਸਾਰੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Home Page ਪੰਜਾਬ ਵਿਧਾਨ ਸਭਾ ਚੋਣਾਂ: ਭਗਵੰਤ ਮਾਨ ਹੋਣਗੇ ਆਮ ਆਦਮੀ ਪਾਰਟੀ (ਆਪ) ਵੱਲੋਂ...