ਨਵੀਂ ਦਿੱਲੀ, 29 ਦਸੰਬਰ – ਸੂਬੇ ‘ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਰੰਗ ਵਿਖਣ ਲੱਗ ਪਿਆ ਹੈ ਜਦੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਹਿਪਾਠੀ ਜਗਦੀਪ ਸਿੰਘ ਨਕਈ, ਪਾਰਟੀ ਦਾ ਜਨਰਲ ਸਕੱਤਰ ਤੇ ਖ਼ਜ਼ਾਨਚੀ ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਆਪੋ-ਆਪਣੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ।
ਕੇਂਦਰੀ ਮੰਤਰੀਆਂ ਗਜੇਂਦਰ ਸਿੰਘ ਸ਼ੇਖਾਵਤ ਤੇ ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਇੱਥੇ ਪਾਰਟੀ ਹੈੱਡਕੁਆਟਰ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਜੀ ਆਇਆਂ ਆਖਿਆ। ਸ਼ੇਖਾਵਤ ਨੇ ਕਿਹਾ ਕਿ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਉੱਘੀਆਂ ਹਸਤੀਆਂ, ਚੁਣੇ ਹੋਏ ਨੁਮਾਇੰਦਿਆਂ ਤੇ ਅਸਰ ਰਸੂਖ਼ ਰੱਖਣ ਵਾਲੀਆਂ ਸ਼ਖ਼ਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਵਿੱਚ ਸਿਆਸੀ ਹਵਾ ਦਾ ਰੁਖ਼ ਕਿੱਧਰ ਨੂੰ ਹੈ। ਤਿੰਨ ਅਕਾਲੀ ਆਗੂਆਂ ਦੀ ਭਾਜਪਾ ਵਿੱਚ ਸ਼ਮੂਲੀਅਤ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਲੰਘੇ ਦਿਨ ਤਿੰਨ ਵਾਰ ਵਿਧਾਇਕ ਰਹੇ ਅਕਾਲੀ ਆਗੂ ਗੁਰਤੇਜ ਸਿੰਘ ਘੁੜਿਆਣਾ ਨੇ ਭਾਜਪਾ ਦਾ ਲੜ ਫੜਿਆ ਸੀ। ਅਕਾਲੀ ਦਲ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਪਹਿਲੀ ਦਸੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਅਗਲੇ ਦਿਨਾਂ ਦੌਰਾਨ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਦੇ ਵੀ ਭਾਜਪਾ ਵਿੱਚ ਜਾਣ ਦੀਆਂ ਕਨਸੋਆਂ ਹਨ।
Home Page ਪੰਜਾਬ ਵਿਧਾਨ ਸਭਾ ਚੋਣਾਂ 2022: ਤਿੰਨ ਅਕਾਲੀ ਆਗੂ ਤੇ ਸਾਬਕਾ ਕਾਂਗਰਸੀ ਵਿਧਾਇਕ...