ਸੁਖਬੀਰ ਬਾਦਲ ਜਲਾਲਾਬਾਦ ਤੋਂ ਚੋਣ ਲੜਨਗੇ
ਚੰਡੀਗੜ੍ਹ, 13 ਸਤੰਬਰ – ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਵੇਖਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ (ਬ) ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ‘ਤੇ ਲਾਈ ਪਾਬੰਦੀ ਤੋਂ ਬਾਅਦ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ ਅੱਜ ਇੱਥੇ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪ ਖ਼ੁਦ ਜਲਾਲਾਬਾਦ ਹਲਕੇ ਤੋਂ ਚੋਣ ਲੜਨਗੇ। ਬਹੁਜਨ ਸਮਾਜ ਪਾਰਟੀ ਨਾਲ ਹੋਏ ਚੋਣ ਸਮਝੌਤੇ ਤਹਿਤ ਪਾਰਟੀ ਵੱਲੋਂ 97 ਵਿਧਾਨ ਸਭਾ ਹਲਕਿਆਂ ‘ਤੇ ਉਮੀਦਵਾਰ ਖੜ੍ਹੇ ਕੀਤੇ ਜਾਣੇ ਹਨ। ਪਿਛਲੇ ਕੁੱਝ ਮਹੀਨਿਆਂ ਤੋਂ ਨਾਰਾਜ਼ ਚੱਲੇ ਆ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪੱਟੀ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਹਲਕਾ ਜ਼ੀਰਾ, ਡਾ. ਦਲਜੀਤ ਸਿੰਘ ਚੀਮਾ ਹਲਕਾ ਰੋਪੜ, ਮਹੇਸ਼ਇੰਦਰ ਸਿੰਘ ਗਰੇਵਾਲ ਹਲਕਾ ਲੁਧਿਆਣਾ (ਪੱਛਮੀ) ਅਤੇ ਸਿਕੰਦਰ ਸਿੰਘ ਮਲੂਕਾ ਹਲਕਾ ਰਾਮਪੁਰਾ ਫੂਲ ਤੋਂ ਚੋਣ ਲੜਨਗੇ।