ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਉਪਰ 25 ਕਰੋੜ ਰੁਪਏ ਖਰਚੇ ਜਾਣਗੇ – ਜੋਸ਼
ਚੰਡੀਗੜ, 21 ਜੁਲਾਈ (ਏਜੰਸੀ) – ਇਥੇ ਜਾਰੀ ਪ੍ਰੈਸ ਬਿਆਨ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੀ ਮੁੱਖ ਸੰਸਦੀ ਸਕੱਤਰ ਸ੍ਰੀਮਤੀ ਮੋਹਿੰਦਰ ਕੌਰ ਜੋਸ਼ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਜਾਲ ਵਿੱਚੋਂ ਕੱਢਣ ਲਈ ਸੂਬੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ‘ਤੇ 25 ਕਰੋੜ ਰੁਪਏ ਖਰਚੇ ਜਾਣਗੇ।
ਸ੍ਰੀਮਤੀ ਜੋਸ਼ ਨੇ ਕਿਹਾ ਕਿ ਸੂਬੇ ਦੇ ਲੋਕਾਂ ਖਾਸ ਕਰ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਵਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੰਤਵ ਲਈ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਵਿਭਾਗ ਵਲੋਂ ਜਗ੍ਹਾਂ-ਜਗ੍ਹਾਂ ਸੈਮੀਨਾਰ/ਕੈਂਪ ਆਦਿ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਿਆਂ ਦੇ ਰਾਹ ਪਏ ਨੌਜਵਾਨਾਂ ਨੂੰ ਸਿੱਧੇ ਰਾਸਤੇ ਪਾਇਆ ਜਾ ਰਿਹਾ ਹੈ।
ਸ੍ਰੀਮਤੀ ਜੋਸ਼ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਖੁਦ ਨਿੱਜੀ ਦਿਲਚਸਪੀ ਲੈ ਕੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੰਮ ਕਰ ਰਹੇ ਹਨ। ਮੁੱਖ ਮੰਤਰੀ ਜੀ ਵਲੋਂ ਨਸ਼ਾ ਛੁਡਾਊ ਕੇਂਦਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਿੱਚੋਂ 10 ਕਰੋੜ ਰੁਪਏ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਬਣਨ ਵਾਲੇ ਨਸ਼ਾ ਛੁਡਾਊ ਕੇਂਦਰਾਂ ਅਤੇ ਬਾਕੀ 15 ਕਰੋੜ ਦੀ ਰਾਸ਼ੀ ਸੂਬੇ ਵਿੱਚ 31 ਜ਼ਿਲ੍ਹਾ ਪੱਧਰੀ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਨਾਲ 10 ਬਿਸਤਰਿਆਂ ਵਾਲੇ ਨਸ਼ਾ ਛੁਡਾਊ ਯੂਨਿਟ ਕਾਇਮ ਕਰਨ ਲਈ ਖਰਚ ਕੀਤੇ ਜਾਣਗੇ।
ਮੁੱਖ ਸੰਸਦੀ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਜੀ ਵਲੋਂ ਬਠਿੰਡਾ ਵਿਖੇ 50 ਬਿਸਤਰਿਆਂ ਦਾ ਨਵਾਂ ਅਤਿ ਆਧੁਨਿਕ ਨਸ਼ਾ ਛੁਡਾਊ ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਹੜਾ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਦੀ ਅਗਵਾਈ ਹੇਠ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ, ਫਰੀਦਕੋਟ, ਜਲੰਧਰ ਅਤੇ ਪਟਿਆਲਾ ਵਿਖੇ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।
Indian News ਪੰਜਾਬ ਸਰਕਾਰ ਵਲੋ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ