ਨਵੀਂ ਦਿੱਲੀ, 17 ਸਤੰਬਰ – ਸਰਕਾਰ ਵੱਲੋਂ ਪੇਸ਼ ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਪੰਜਾਬ ਤੋਂ ਅਕਾਲੀ ਦਲ ਦੀ ਸਾਂਸਦ ਤੇ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਬੀਬੀ ਹਰਸਿਮਰਤ ਨੇ ਇੱਕ ਟਵੀਟ ‘ਚ ਕਿਹਾ, ‘ਮੈਂ ਕਿਸਾਨ ਵਿਰੋਧੀ ਆਰਡੀਨੈਂਸਾਂ ਤੇ ਬਿੱਲਾਂ ਦੇ ਵਿਰੋਧ ‘ਚ ਕੇਂਦਰੀ ਕੈਬਨਿਟ ‘ਚੋਂ ਅਸਤੀਫ਼ਾ ਦਿੱਤਾ ਹੈ। ਕਿਸਾਨਾਂ ਨਾਲ ਉਨ੍ਹਾਂ ਦੀ ਧੀ ਤੇ ਭੈਣ ਬਣ ਕੇ ਖੜ੍ਹਨ ‘ਤੇ ਮਾਣ ਹੈ’। ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਚਾਰ ਸਫ਼ਿਆਂ ਦੇ ਆਪਣੇ ਅਸਤੀਫ਼ੇ ਵਿੱਚ ਬੀਬਾ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੇ ਉਨ੍ਹਾਂ ਵੱਲੋਂ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨਾਂ ਨੂੰ ਭਰੋਸੇ ‘ਚ ਨਹੀਂ ਲਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਬਿੱਲਾਂ ‘ਤੇ ਚਰਚਾ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਦਾ ਐਲਾਨ ਕੀਤਾ ਸੀ।
ਗੌਰਤਲਬ ਹੈ ਕਿ ਬੀਬੀ ਬਾਦਲ ਲੋਕ ਸਭਾ ਵਿੱਚ ਖੇਤੀ ਆਰਡੀਨੈਂਸਾਂ ਤੇ ਬਿੱਲਾਂ ‘ਤੇ ਚਰਚਾ ਦੌਰਾਨ ਵੀ ਗ਼ੈਰਹਾਜ਼ਰ ਰਹੀ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸੱਤਾਧਾਰੀ ਐੱਨਡੀਏ ਗੱਠਜੋੜ ‘ਚ ਰਹਿਣ ਜਾਂ ਬਾਹਰ ਆਉਣ ਦਾ ਫ਼ੈਸਲਾ ਪਾਰਟੀ ਮੀਟਿੰਗ ‘ਚ ਕਰਨਗੇ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਤੇ ਉਨ੍ਹਾਂ ਦੀ ਭਲਾਈ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ।
ਜ਼ਿਕਰਯੋਗ ਹੈ ਕਿ ਬੀਬੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ‘ਚ ਸ਼੍ਰੋਮਣੀ ਅਕਾਲੀ ਦਲ ਦੀ ਇੱਕੋ ਇੱਕ ਨੁਮਾਇੰਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਭਾਜਪਾ ਦੀ ਸਭ ਤੋਂ ਪੁਰਾਣੀ ਭਾਈਵਾਲ ਪਾਰਟੀ ਹੈ।
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਿਨਟ ‘ਚੋਂ ਦਿੱਤੇ ਅਸਤੀਫ਼ੇ ਨੂੰ ਸੂਬੇ ਵਿਚਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡਰਾਮਾ ਕਰਾਰ ਦਿੱਤਾ ਹੈ ਤੇ ਉੱਥੇ ਹੀ ਆਮ ਆਦਮੀ ਪਾਰਟੀ ਨੇ ਵੀ ਇਸ ਨੂੰ ਸਿਆਸੀ ਡਰਾਮਾ ਕਿਹਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਹੁਣ ਇਹ ਅਸਤੀਫ਼ਾ ਦੇਣ ਦਾ ਕੋਈ ਮਤਲਬ ਨਹੀਂ ਹੈ। ਜਿਸ ਵੇਲੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਸਟੈਂਡ ਲੈਣਾ ਸੀ ਉਸ ਵੇਲੇ ਅਕਾਲੀ ਦਲ ਇਸ ਦਾ ਪੱਖ ਪੂਰਦਾ ਰਿਹਾ। ਹੁਣ ਜਦੋਂ ਸੰਸਦ ਨੇ ਇੱਕ ਆਰਡੀਨੈਂਸ ਪਾਸ ਕਰ ਦਿੱਤਾ ਤਾਂ ਬੀਬੀ ਬਾਦਲ ਹੁਣ ਆਪਣੀ ਤੇ ਅਕਾਲੀ ਦਲ ਦੀ ਸਾਖ ਬਚਾਉਣ ਲਈ ਅਸਤੀਫ਼ਾ ਦੇ ਰਹੀ ਹੈ।
Home Page ਬੀਬੀ ਬਾਦਲ ਨੇ ਕੇਂਦਰੀ ਕੈਬਨਿਟ ‘ਚੋਂ ਅਸਤੀਫ਼ਾ ਦਿੱਤਾ