ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ 5 ਮੈਂਬਰੀ ‘ਸਿੱਟ’ ਕਾਇਮ

ਚੰਡੀਗੜ੍ਹ, 14 ਸਤੰਬਰ – ਪੰਜਾਬ ਪੁਲੀਸ ਲਈ ਚੁਣੌਤੀ ਬਣੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਡੀਜੀਪੀ ਸੁਰੇਸ਼ ਅਰੋੜਾ ਵੱਲੋਂ 10 ਸਤੰਬਰ ਨੂੰ ਵਧੀਕ ਡੀਜੀਪੀ (ਇਨਵੈਸਟੀਗੇਸ਼ਨ) ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਵਿੱਚ ਆਈਜੀ ਅਰੁਣਪਾਲ ਸਿੰਘ, ਆਈਜੀ ਕੁੰਵਰ ਵਿਜੇਪ੍ਰਤਾਪ ਸਿੰਘ, ਐੱਸਐੱਸਪੀ ਕਪੂਰਥਲਾ ਸਤਿੰਦਰ ਸਿੰਘ ਅਤੇ ਪੁਲੀਸ ਰੰਗਰੂਟ ਟ੍ਰੇਨਿੰਗ ਸੈਂਟਰ ਜਹਾਨ ਖੇਲਾਂ ਦੇ ਇੰਚਾਰਜ ਕਮ ਕਮਾਂਡੈਂਟ ਭੁਪਿੰਦਰ ਸਿੰਘ ਸ਼ਾਮਲ ਹਨ। ਇਹ ਜਾਂਚ ਟੀਮ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਣ, ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ (ਕੁੱਲ ਚਾਰ ਐਫਆਈਆਰਜ਼) ਦੀ ਪੜਤਾਲ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਸਿੱਟ ਦੇ ਗਠਨ ਲਈ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਜਾ ਰਹੀ ਸੀ ਪਰ ਪੰਜਾਬ ਪੁਲੀਸ ਦੇ ਅਧਿਕਾਰੀਆਂ ਵਿੱਚ ਪਿੰਡ ਬਰਗਾੜੀ ਦੀ ਬੇਅਦਬੀ ਦਾ ਮਾਮਲਾ, ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਗੋਲੀ ਕਾਂਡ ਦੀ ਜਾਂਚ ਦੇ ਮੁੱਦੇ ‘ਤੇ ਖ਼ੌਫ਼ ਪੈਦਾ ਹੋ ਗਿਆ ਸੀ।
ਗੌਰਤਲਬ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ‘ਤੇ ਅਧਾਰਿਤ ਕਮਿਸ਼ਨ ਵੱਲੋਂ ਸਰਕਾਰ ਨੂੰ ਸੌਂਪੀ ਪੜਤਾਲੀਆ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 14 ਪੁਲੀਸ ਅਫ਼ਸਰਾਂ ਨੂੰ ਉਕਤ ਮਾਮਲਿਆਂ ਵਿੱਚ ਕਿਸੇ ਨਾ ਕਿਸੇ ਪੱਖ ਤੋਂ ਕਟਹਿਰੇ ਵਿੱਚ ਲਿਆ ਖੜ੍ਹਾ ਕੀਤਾ ਹੈ। ਸਰਕਾਰ ਦੀਆਂ ਹਦਾਇਤਾਂ ‘ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਸਮੇਤ ਚਾਰ ਪੁਲੀਸ ਅਫ਼ਸਰਾਂ ਦੇ ਨਾਮ ਕਤਲ ਦੇ ਮਾਮਲੇ ਵਿੱਚ ਸ਼ਾਮਲ ਵੀ ਕੀਤੇ ਜਾ ਚੁੱਕੇ ਹਨ। ਮੰਤਰੀਆਂ ਸਮੇਤ ਕਾਂਗਰਸੀ ਵਿਧਾਇਕਾਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਨੇ ਸਾਬਕਾ ਡੀਜੀਪੀ ਅਤੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮੈਦਾਨ ਭਖਾਇਆ ਹੋਇਆ ਹੈ। ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਐਚ.ਐੱਸ. ਫੂਲਕਾ ਨੇ ਤਾਂ 15 ਸਤੰਬਰ ਤੱਕ ਕਾਰਵਾਈ ਕਰਨ ਦੀ ਚੁਣੌਤੀ ਦਿੰਦਿਆਂ 16 ਸਤੰਬਰ ਨੂੰ ਅਸਤੀਫ਼ਾ ਦੇਣ ਦੀ ਧਮਕੀ ਵੀ ਦਿੱਤੀ ਹੋਈ ਹੈ। ਉੱਧਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕਰਦਿਆਂ ਰੈਲੀਆਂ ਦਾ ਸਿਲਸਿਲਾ ਆਰੰਭਿਆ ਹੈ। ਇਸ ਤਰ੍ਹਾਂ ਨਾਲ ਵਧਦੇ ਜਾ ਰਹੇ ਸਿਆਸੀ ਦਬਾਅ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਕਸੂਤੀ ਬਣੀ ਹੋਈ ਸੀ।