
ਗਲਾਸਗੋ, 1 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕਾਟਲੈਂਡ ਦੇ ਗਲਾਸਗੋ ਵਿੱਚ ਕੋਪ-26 ਜਲਵਾਯੂ ਤਬਦੀਲੀ ਸੰਮੇਲਨ ਮੌਕੇ ਸੰਬੋਧਨ ਕੀਤਾ। ਉਨ੍ਹਾਂ ਸਾਰੇ ਦੇਸ਼ਾਂ ਨੂੰ ਆਲਮੀ ਤਪਸ਼ ਨਾਲ ਨਜਿੱਠਣ ਲਈ ਇਕੱਠੇ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਆਮ ਲੋਕਾਂ ਨੂੰ ਵੀ ਸ਼ਾਮਲ ਕਰ ਕੇ ਇਸ ਦਾ ਦਾਇਰਾ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਾਲ ਗਲਾਸਗੋ 2030 ਤੱਕ ਆਪਣੀਆਂ 50 ਫੀਸਦੀ ਊਰਜਾ ਲੋੜਾਂ ਨਵਿਆਉਣ ਯੋਗ ਊਰਜਾ ਤੋਂ ਹਾਸਲ ਕਰੇਗਾ। ਉਨ੍ਹਾਂ ਨੇ ਸਾਲ 2070 ਤੱਕ ਆਪਣੀ ਕਾਰਬਨ ਨਿਕਾਸੀ ਸਿਫ਼ਰ ਕਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਜਲਵਾਯੂ ਤਬਦੀਲੀ ਦੀ ਸਭ ਤੋਂ ਵੱਧ ਮਾਰ ਵਿਕਾਸਸ਼ੀਲ ਦੇਸ਼ਾਂ ਨੂੰ ਪਈ ਹੈ, ਇਨ੍ਹਾਂ ਦੇਸ਼ਾਂ ਦੇ ਕਿਸਾਨਾਂ ਦੀ ਫ਼ਸਲ ਵਾਤਾਵਰਨ ਤਬਦੀਲੀ ਨਾਲ ਪ੍ਰਭਾਵਿਤ ਹੁੰਦੀ ਆਈ ਹੈ। ਉਨ੍ਹਾਂ ਕਿਹਾ ਕਿ ਵਿਕਸਤ ਦੇਸ਼ ਆਪਣੇ ਵਾਅਦੇ ਪੂਰੇ ਕਰ ਕੇ ਵਿਕਾਸਸ਼ੀਲ ਦੇਸ਼ਾਂ ਦੀ ਮਦਦ ਕਰਨ। ਇਸ ਦੇ ਨਾਲ ਹੀ ਵਿਕਾਸ ਦੀਆਂ ਨੀਤੀਆਂ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਯਕੀਨੀ ਹੋਣ ਨਾਲ ਹੀ ਬਣਾਈਆਂ ਜਾਣ। ਸ੍ਰੀ ਮੋਦੀ ਨੇ ਕਿਹਾ ਕਿ ਆਮ ਜੀਵਨ ਨਾਲ ਜੁੜੇ ਮੁੱਦਿਆਂ ਨੂੰ ਸਕੂਲੀ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ।