ਨਵੀਂ ਦਿੱਲੀ, 10 ਅਕਤੂਬਰ – ਉੱਤਰ ਪ੍ਰਦੇਸ਼ (ਯੂਪੀ) ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ (ਸਪਾ) ਆਗੂ ਮੁਲਾਇਮ ਸਿੰਘ ਯਾਦਵ (82) ਨੇ ਅੱਜ ਸਵੇਰੇ 8:16 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਖ਼ਰੀ ਸਾਹ ਲਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਨੇ ਟਵੀਟ ਕਰਕੇ ਦਿੱਤੀ। ਸਪਾ ਆਗੂ ਮੁਲਾਇਮ ਸਿੰਘ ਯਾਦਵ ਦੀ ਹਾਲਤ ਪਿਛਲੇ ਕੁੱਝ ਦਿਨਾਂ ਤੋਂ ਨਾਜ਼ੁਕ ਬਣੀ ਹੋਈ ਸੀ। ਮੁਲਾਇਮ ਸਿੰਘ ਯਾਦਵ ਦਾ 22 ਅਗਸਤ ਤੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। 2 ਅਕਤੂਬਰ ਨੂੰ, ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਅਤੇ ਬਾਅਦ ਵਿੱਚ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਸ਼ਿਫ਼ਟ ਕੀਤਾ ਗਿਆ ਸੀ।
22 ਨਵੰਬਰ, 1939 ਨੂੰ ਜਨਮੇ ਮੁਲਾਇਮ ਸਿੰਘ ਯਾਦਵ ਉੱਤਰ ਪ੍ਰਦੇਸ਼ ਦੇ ਸਭ ਤੋਂ ਪ੍ਰਮੁੱਖ ਆਗੂਆਂ ਵਿੱਚੋਂ ਇੱਕ ਸਨ, ਤਿੰਨ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਵਿੱਚ ਰੱਖਿਆ ਮੰਤਰੀ ਦੇ ਰੂਪ ‘ਚ ਵੀ ਕੰਮ ਕਰ ਚੁੱਕੇ ਸਨ। ਉਹ 10 ਵਾਰ ਵਿਧਾਇਕ ਅਤੇ 7 ਵਾਰ ਲੋਕ ਸਭਾ ਮੈਂਬਰ ਚੁਣੇ ਗਏ।
ਸਪਾ ਆਗੂ ਮੁਲਾਇਮ ਸਿੰਘ ਯਾਦਵ ਦੀ ਮੌਤ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਰੋਧੀ ਪਾਰਟੀਆਂ ਦੇ ਆਗੂਆਂ ‘ਚ ਸੋਨੀਆ ਗਾਂਧੀ ਅਤੇ ਹੋਰ ਆਗੂਆਂ ਨੇ ਦੁੱਖ ਪ੍ਰਗਟ ਕੀਤਾ। ਖ਼ਬਰ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ‘ਤੇ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
Home Page ਮੁਲਾਇਮ ਸਿੰਘ ਯਾਦਵ ਦਾ 82 ਸਾਲ ਦੀ ਉਮਰ ‘ਚ ਦੇਹਾਂਤ