ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ

Punjab-CM-Bhagwant Mann in Germany - photo with thanks CM Bhagwant Mann Facebook Page

ਮਿਊਨਿਖ (ਜਰਮਨੀ), 12 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੇ ਮਿਉਨਖ ਸ਼ਹਿਰ ਵਿੱਚ ਕਰਵਾਏ ਗਏ ਬਹੁਤ ਵੱਡੇ ਇੰਟਰਨੈਸ਼ਨਲ ਵਪਾਰਕ ਮੇਲੇ ਵਿੱਚ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਨਾਮੀਂ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜਰਮਨੀ ਦੇ ਉਦਯੋਗਪਤੀਆਂ ਨੂੰ ਅਗਲੇ ਸਾਲ 23-24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਮੁੱਖ ਕੰਪਨੀਆਂ ਜ਼ੈੱਪਲਿਨ, ਬੁਏਲਰ, ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰਿਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰਾਂ ਨਾਲ ਤੇਲ ਬੀਜ ਪ੍ਰੋਸੈਸਿੰਗ ਮਸ਼ੀਨਰੀ, ਉਦਯੋਗਿਕ ਏਅਰ ਫਿਲਟਰੇਸ਼ਨ ਪ੍ਰਣਾਲੀਆਂ, ਸ਼ੁੱਧੀਕਰਨ ਤਕਨਾਲੋਜੀ, ਪਾਣੀ ਵਿੱਚ ਰਸਾਇਣਾਂ ਦਾ ਮਾਪ, ਉਦਯੋਗਾਂ ਦੇ ਪਾਣੀ ਨੂੰ ਸੋਧਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਪੰਜਾਬ ਨੂੰ ਕਾਰੋਬਾਰ ਕਰਨ ਲਈ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਉਦਯੋਗਿਕ ਸ਼ਾਂਤੀ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਮਹਿਜ਼ ਦਿਖਾਵਾ ਸੀ ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਪ੍ਰਣਾਲੀ ਸੂਬੇ ਵਿੱਚ ਨਿਵੇਸ਼ ਕਰਨ ਦੇ ਇਛੁੱਕ ਉੱਦਮੀਆਂ ਲਈ ਇੱਕ ਅਸਲ ਸਹੂਲਤ ਵਜੋਂ ਕੰਮ ਕਰੇ।