ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ’ ਨੰਬਰ 9501200200 ਜਾਰੀ

ਚੰਡੀਗੜ੍ਹ, 23 ਮਾਰਚ – ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ 9501200200 ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੰਬਰ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ ਉਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਸਾਨੂੰ ਭੇਜੋ। ਅਸੀਂ ਉਸ ‘ਤੇ ਕਾਰਵਾਈ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਚਾਹੇ ਉਹ ਸਾਡਾ ਵਿਧਾਇਕ ਹੋਵੇ ਜਾਂ ਕੋਈ ਵੀ ਬੰਦਾ ਹੋਵੇ, ਜੇਕਰ ਕੋਈ ਵੀ ਵਿਅਕਤੀ ਰਿਸ਼ਵਤ ਮੰਗਦਾ ਫੜਿਆ ਜਾਂਦਾ ਹੈ ਤੇ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।
ਪਰ ਨਾਲ ਹੀ ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਹੈਲਪਲਾਈਨ ਨੰਬਰ ‘ਤੇ ਸਿਰਫ਼ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੀਡੀਓ ਜਾਂ ਆਡੀਓ ਭੇਜੀ ਜਾਵੇ। ਪੰਜਾਬ ਸਰਕਾਰ ਦਾ ਸੀਨੀਅਰ ਅਧਿਕਾਰੀ ਮਾਮਲੇ ਦੀ ਜਾਂਚ ਕਰੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।