ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ

ਫ਼ਿਰੋਜ਼ਪੁਰ/ਬੰਗਾ, 23 ਮਾਰਚ – ‘ਸ਼ਹੀਦ ਦਿਵਸ’ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ (ਫ਼ਿਰੋਜ਼ਪੁਰ) ਤੇ ਬੰਗਾ ਨੇੜਲੇ ਪਿੰਡ ਖਟਕੜ ਕਲਾਂ ਜਾ ਕੇ ਆਜ਼ਾਦੀ ਘੁਲਾਟੀਆਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਬਰਸੀ ‘ਤੇ ਸ਼ਰਧਾਂਜਲੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਇਨ੍ਹਾਂ ਤਿੰਨਾਂ ਨੂੰ ਸ਼ਹੀਦ ਦਾ ਦਰਜਾ ਨਾ ਮਿਲਣਾ ਅਫ਼ਸੋਸਨਾਕ ਹੈ, ਪਰ ਪੰਜਾਬ ਸਰਕਾਰ ਇਸ ਪਾਸੇ ਠੋਸ ਅਤੇ ਸੁਹਿਰਦ ਯਤਨ ਕਰੇਗੀ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਤੇ ਇਸ ਕੰਮ ਲਈ ਲੋਕਾਂ ਤੋਂ ਸਹਿਯੋਗ ਦੀ ਦਰਕਾਰ ਰਹੇਗੀ। ਮੁੱਖ ਮੰਤਰੀ ਸ੍ਰੀ ਮਾਨ ਨੇ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ਦਾ ‘ਵਟਸਐਪ ਨੰਬਰ 9501200200’ ਵੀ ਜਾਰੀ ਕੀਤਾ। ਉਨ੍ਹਾਂ ਇੱਕ ਮਹੀਨੇ ਵਿਚ ਰਿਸ਼ਵਤਖ਼ੋਰੀ ਨੂੰ ਮੁਕੰਮਲ ਨੱਥ ਪਾਉਣ ਦਾ ਅਹਿਦ ਲਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹਿਲਾਂ ਹੁਸੈਨੀਵਾਲਾ (ਫ਼ਿਰੋਜ਼ਪੁਰ) ਪੁੱਜੇ, ਜਿੱਥੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਬੀ. ਕੇ. ਦੱਤ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਚਾਰੋਂ ਵਿਧਾਇਕ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਰੂਪ ਦੇਣ ਸਣੇ ਲੋਕ ਹਿੱਤ ਵਿੱਚ ਕਈ ਫ਼ੈਸਲੇ ਲੈਣ ਜਾ ਰਹੀ ਹੈ। ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਲਿਖਿਆ, ”ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ‘ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ। ਅੱਜ ਉਨ੍ਹਾਂ ਦੇ ਸੁਫ਼ਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਇਹੋ ਅਰਦਾਸ ਹੈ ਕਿ ਸ਼ਹੀਦਾਂ ਦੀ ਆਤਮਾ ਅਤੇ ਪਰਮਾਤਮਾ ਸਾਨੂੰ ਸੁਮੱਤ ਅਤੇ ਬਲ ਬਖ਼ਸ਼ੇ”।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸ਼ਰਧਾਂਜਲੀ ਦੇਣ ਉਪਰੰਤ ਮੁੱਖ ਮੰਤਰੀ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ। ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਅਤੇ ਉਨ੍ਹਾਂ ਦੇ ਦੋਵਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਸ਼ਹੀਦ ਦਾ ਦਰਜਾ ਨਾ ਦੇਣਾ ਅਫ਼ਸੋਸਨਾਕ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ। ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਹੁਣ ਤੱਕ ਦੇਸ਼ ਅਤੇ ਸੂਬੇ ਵਿੱਚ ਸੱਤਾ ਸੰਭਾਲਣ ਵਾਲਿਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਫ਼ਨਿਆਂ ਨੂੰ ਅਮਲੀ ਰੂਪ ਦੇਣ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ, “ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸ਼ਾ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ। ਅਜਾਇਬ ਘਰ ਵਿੱਚ ਦਰਸਾਏ ਸ਼ਹੀਦ ਦੇ ਜੀਵਨ ਵੇਰਵਿਆਂ ਅਤੇ ਨਿੱਜੀ ਚੀਜ਼ਾਂ ਨੇ ਮੈਨੂੰ ਭਾਵੁਕ ਕਰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਦੇ ਸੁਫ਼ਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫ਼ਰਜ਼ ਹੈ”। ਮੁੱਖ ਮੰਤਰੀ ਨੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ। ਉਨ੍ਹਾਂ ਭਗਤ ਸਿੰਘ ਦੇ ਜੱਦੀ ਘਰ ਨੂੰ ਵੀ ਸਿੱਜਦਾ ਕੀਤਾ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਭਤੀਜੇ ਸਵ. ਅਭੈ ਸੰਧੂ ਦੀ ਪਤਨੀ ਸ੍ਰੀਮਤੀ ਤੇਜੀ ਸੰਧੂ, ਉਨ੍ਹਾਂ ਦੀ ਪੁੱਤਰੀ ਸ੍ਰੀਮਤੀ ਅਨੁਸ਼ ਪ੍ਰਿਆ, ਪ੍ਰਭਦੀਪ ਸਿੰਘ ਬੈਨੀਵਾਲ, ਹਕੂਮਤ ਸਿੰਘ ਮੱਲ੍ਹੀ, ਜ਼ੋਰਾਵਰ ਸਿੰਘ ਸੰਧੂ, ਗੌਰਵ ਸੰਧੂ, ਸ੍ਰੀਮਤੀ ਕੰਨਗੀ ਸੰਧੂ ਅਤੇ ਹੋਰ ਮੌਜੂਦ ਸਨ।
ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਵੀਜ਼ਨਲ ਕਮਿਸ਼ਨਰ ਮਨਵੇਸ਼ ਸਿੱਧੂ, ਸੈਰ ਸਪਾਟਾ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਕੰਵਰਪ੍ਰੀਤ ਕੌਰ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲੀਸ ਕਪਤਾਨ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ।