ਚੰਡੀਗੜ੍ਹ, 6 ਸਤੰਬਰ (ਏਜੰਸੀ) -ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਨਾਮਵਰ ਪੰਜਾਬੀ ਲੋਕ ਗਾਇਕ ਹਾਕਮ ਸੂਫੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ ਜੋ ਬੁੱਧਵਾਰ ਨੂੰ ਗਿੱਦੜਬਾਹਾ…… ਵਿੱਚ ਆਪਣੇ ਘਰ ਵਿਖੇ ਦਿਲ ਦਾ ਦੌਰਾ ਪੈਣਾ ਕਾਰਨ ਚੱਲ ਵਸੇ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਹਾਕਮ ਸੂਫੀ ਵੱਲੋਂ ਪੰਜਾਬੀ ਲੋਕ ਗਾਇਕੀ ਅਤੇ ਸਿਨੇਮਾ ਵਿੱਚ ਪਾਏ ਲਾਮਿਸਾਲ ਯੋਗਦਾਨ ਨੂੰ ਚੇਤੇ ਕਰਦਿਆਂ ਆਖਿਆ ਕਿ ਉਨ੍ਹਾਂ ਨੇ ਆਪਣੀ ਗਾਇਕੀ ਰਾਹੀਂ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੇ ਪਾਸਾਰ ਵਿੱਚ ਅਹਿਮ ਭੂਮਿਕਾ ਨਿਭਾਈ। ਸ. ਬਾਦਲ ਨੇ ਕਿਹਾ ਕਿ ਹਾਕਮ ਸੂਫੀ ਇਕ ਸਭਿਆਚਾਰਕ ਦੂਤ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪ੍ਰੇਮੀ ਸਨ ਜੋ ਆਪਣੇ ਗੀਤਾਂ ਰਾਹੀਂ ਹਮੇਸ਼ਾ ਪ੍ਰਸੰਸਕਾਂ ਦੇ ਦਿਲਾਂ ‘ਤੇ ਰਾਜ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਹਾਕਮ ਸੂਫੀ ਜਿਨ੍ਹਾਂ ਨੇ 1970 ਵਿੱਚ ਪੇਸ਼ੇ ਵਜੋਂ ਗਾਇਕੀ ਵਿੱਚ ਪੈਰ ਪਾਇਆ ਸੀ, ਇਕ ਬਹੁ-ਪੱਖੀ ਸ਼ਖਸੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਇਕ ਅਧਿਆਪਕ ਵਜੋਂ ਆਪਣੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਸੁਰੀਲੀ ਆਵਾਜ਼ ਰਾਹੀਂ ਲੋਕਾਂ ਨੂੰ ਮੋਹਿਆ। ਉਨ੍ਹਾਂ ਕਿਹਾ ਕਿ ਇਸ ਮਹਾਨ ਗਾਇਕ ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਮੁਸ਼ਕਲ ਹੈ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਦੇ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Indian News ਮੁੱਖ ਮੰਤਰੀ ਵੱਲੋਂ ਹਾਕਮ ਸੂਫੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ