ਐਮ.ਬੀ.ਬੀ.ਐਸ ਦੀਆਂ 460 ਵਧਣ ਦੀ ਆਸ
ਚੰਡੀਗੜ੍ਹ, 25 ਸਤੰਬਰ (ਏਜੰਸੀ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਥਿਤ ਮੈਡੀਕਲ ਕਾਲਜਾਂ ਦੀਆਂ ਐਮ.ਬੀ.ਬੀ.ਐਸ. ਅਤੇ ਬੀ.ਡੀ.ਐਸ. ਦੀਆਂ ਸੀਟਾਂ ਵਧਾਉਣ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਬਾਰੇ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਨੇ ਦੱਸਿਆ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਵੱਲੋਂ 50 ਤੋਂ 100 ਸੀਟਾਂ ਦਾ ਵਾਧਾ ਕਰਨ ਲਈ ਮੈਡੀਕਲ ਕੌਂਸਲ ਆਫ਼ ਇੰਡੀਆ……. ਕੋਲ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੇ ਗਏ ਹਨ। ਇਸੇ ਤਰ੍ਹਾਂ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿੱਚ ਇਨ੍ਹਾਂ ਸੀਟਾਂ ਦੀ ਗਿਣਤੀ 150 ਤੋਂ 250 ਕਰਨ ਲਈ ਸੂਬਾ ਸਰਕਾਰ ਨੇ ਪ੍ਰਕ੍ਰਿਆ ਆਰੰਭ ਦਿੱਤੀ ਹੈ। ਇਨ੍ਹਾਂ ਕਾਲਜਾਂ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਪਹਿਲਾਂ ਹੀ 90.83 ਕਰੋੜ ਰੁਪਏ ਖਰਚ ਦਿੱਤੇ ਗਏ ਹਨ।
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਪ੍ਰਾਈਵੇਟ ਮੈਡੀਕਲ ਕਾਲਜਾਂ ਬਾਰੇ ਦੱਸਿਆ ਕਿ ਸਰਕਾਰ ਨੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ, ਢਾਹਾਂ ਕਲੇਰਾਂ ਨੂੰ ਹਰ ਸਾਲ 100 ਸੀਟਾਂ ਭਰਨ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ/ਜ਼ਰੂਰਤ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਖੇਤਰ ਵਿੱਚ ਇਕ-ਇਕ ਹੋਰ ਮੈਡੀਕਲ ਅਤੇ ਡੈਂਟਲ ਕਾਲਜ ਖੋਲ੍ਹਣ ਬਾਰੇ ਵੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਦੇਣ ਦੀ ਪ੍ਰਕ੍ਰਿਆ ਚੱਲ ਰਹੀ ਹੈ। ਚਿੰਤਪੁਰਨੀ ਮੈਡੀਕਲ ਕਾਲਜ, ਪਠਾਨਕੋਟ ਦੀ ਮਾਨਤਾ ਦਾ ਮਾਮਲਾ ਕਾਨੂੰਨੀ ਪ੍ਰਕ੍ਰਿਆ ਹੇਠ ਹੋਣ ਕਾਰਨ ਇਸ ‘ਤੇ ਕੋਈ ਵੀ ਟਿੱਪਣੀ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕੌਂਸਲ ਆਫ ਇੰਡੀਆ ਮਾਨਤਾ ਦੇਣ ਵਾਲੀ ਸੰਸਥਾ ਹੈ ਅਤੇ ਕਿਸੇ ਵੀ ਨਵੇਂ ਅਦਾਰੇ ਨੂੰ ਉਸ ਵੱਲੋਂ ਜਾਂ ਡੈਂਟਲ ਕੌਂਸਲ ਆਫ਼ ਇੰਡੀਆ ਵੱਲੋਂ ਸਥਾਈ ਮਾਨਤਾ ਦੇਣ ਤੋਂ ਪਹਿਲਾਂ ਉਥੇ ਸਾਲਾਨਾ ਪੜਤਾਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਐਮ.ਬੀ.ਬੀ.ਐਸ. ਦੀ ਸੀਟਾਂ ਵਧਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ।
Indian News ਮੈਡੀਕਲ ਕਾਲਜਾਂ ਦੇ ਬੁਨਿਆਦੀ ਢਾਂਚੇ ਲਈ 90.83 ਕਰੋੜ ਰੁਪਏ ਖਰਚੇ : ਚੁੰਨੀ...