ਸੰਯੁਕਤ ਰਾਸ਼ਟਰ, 25 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਸੰਯੁਕਤ ਰਾਸ਼ਟਰ ਮਹਾਂਸਭਾ ਨੂੰ ਸੰਬੋਧਨ ਕਰ ਰਹੇ ਸਨ ਤਾਂ ਬਾਹਰ ਚਾਰ ਵੱਖ ਵੱਖ ਪ੍ਰਦਰਸ਼ਨ ਹੋ ਰਹੇ ਸਨ। ਸੁਰੱਖਿਆ ਕਾਰਨਾਂ ਕਰਕੇ ਖ਼ਾਲਿਸਤਾਨ ਪੱਖੀ, ਨੈਸ਼ਨਲ ਓਵਰਸੀਜ਼ ਕਾਂਗਰਸ, ਕਿਸਾਨਾਂ ਦੀ ਹਮਾਇਤ ‘ਚ ਸਥਾਨਕ ਗੁਰਦੁਆਰਾ ਕਮੇਟੀ ਅਤੇ ਹਿੰਦੂਜ਼ ਫ਼ਾਰ ਹਿਊਮਨ ਰਾਈਟਸ ਨੂੰ ਵੱਖ ਵੱਖ ਥਾਵਾਂ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਵਿਰੋਧ ਕਰਨ ਵਾਲਿਆਂ ‘ਚ ਖ਼ਾਲਿਸਤਾਨ ਪੱਖੀ ਸਿੱਖਾਂ ਦਾ ਜਥਾ ਸਭ ਤੋਂ ਵੱਡਾ ਸੀ ਅਤੇ ਉਹ ਕੇਸਰੀ ਝੰਡੇ ਝੁਲਾ ਰਹੇ ਸਨ ਅਤੇ ਉਨ੍ਹਾਂ ਹੱਥਾਂ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀਆਂ ਤਸਵੀਰਾਂ ਫੜੀਆਂ ਹੋਈਆਂ ਸਨ। ਬਾਕੀ ਦੀਆਂ ਤਿੰਨ ਜਥੇਬੰਦੀਆਂ ਦੇ ਪ੍ਰਬੰਧਕਾਂ ਨੇ ਆਪਣੇ ਆਪ ਨੂੰ ਖ਼ਾਲਿਸਤਾਨ ਪੱਖੀਆਂ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਉਹ ਵੱਖਰੇ ਤੌਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇੰਡੀਅਨ ਨੈਸ਼ਨਲ ਓਵਰਸੀਜ਼ ਕਾਂਗਰਸ ਨੇ ਭਾਰਤ ‘ਚ ਮਨੁੱਖੀ ਹੱਕਾਂ ਦੇ ਘਾਣ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ। ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂੰਹਾਂ ‘ਤੇ ਡਟੇ ਕਿਸਾਨਾਂ ਦੇ ਪੱਖ ‘ਚ ਆਵਾਜ਼ ਬੁਲੰਦ ਕਰਦਿਆਂ ਸਥਾਨਕ ਗੁਰਦੁਆਰਾ ਕਮੇਟੀ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਸਿਰਾਂ ‘ਤੇ ਹਰੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ। ਹਿੰਦੂਜ਼ ਫ਼ਾਰ ਹਿਊਮਨ ਰਾਈਟਜ਼ ਦੇ ਪ੍ਰਬੰਧਕਾਂ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਐਕਟ (ਸੀਏਏ), ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ), ਭਾਰਤ ‘ਚ ਕਾਰਕੁਨਾਂ ਨੂੰ ਜੇਲ੍ਹਾਂ ਅੰਦਰ ਡੱਕਣ ਅਤੇ ਹੋਰ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਜਿਨ੍ਹਾਂ ਨੂੰ ਉਨ੍ਹਾਂ ਮਨੁੱਖੀ ਹੱਕਾਂ ਦਾ ਘਾਣ ਕਰਾਰ ਦਿੱਤਾ। ਉਨ੍ਹਾਂ ਨਾਲ ਨਿਊਯਾਰਕ ਦੇ ਗਿਰਜਾਘਰਾਂ ਦੀ ਪਰਿਸ਼ਦ ਦੇ ਨੁਮਾਇੰਦੇ ਵੀ ਮੌਜੂਦ ਸਨ। ਖ਼ਾਲਿਸਤਾਨ ਪ੍ਰਦਰਸ਼ਨਕਾਰੀਆਂ ਨੂੰ ਸੰਯੁਕਤ ਰਾਸ਼ਟਰ ‘ਚ ਭਾਰਤੀ ਮਿਸ਼ਨ ਦੇ ਬਾਹਰ ਪੁਲੀਸ ਨੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਉਹ ਕਾਰਾਂ ‘ਚ ਕੇਸਰੀ ਝੰਡੇ ਲਹਿਰਾਉਂਦੇ ਹੋਏ ਨਾਅਰੇਬਾਜ਼ੀ ਕਰਦੇ ਰਹੇ।
Home Page ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੌਰਾਨ ਸੰਯੁਕਤ ਰਾਸ਼ਟਰ ਬਾਹਰ ਹੋਏ ਚਾਰ...