ਨਵੀਂ ਦਿੱਲੀ, 23 ਜੁਲਾਈ – ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਵਿਦਾਇਗੀ ਸਮਾਗਮ ਸੰਸਦ ਭਵਨ ਵਿੱਚ ਹੋਇਆ, ਜਿੱਥੇ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਸੈਂਟਰਲ ਹਾਲ ਵਿੱਚ ਹਾਜ਼ਰ ਸਨ। ਇਸ ਮੌਕੇ ਸ੍ਰੀ ਕੋਵਿੰਦ ਨੇ ਅੱਜ ਮੁਲਕ ਦੀਆਂ ਰਾਜਸੀ ਪਾਰਟੀਆਂ ਨੂੰ ਕੌਮੀ ਹਿੱਤਾਂ ਖਾਤਰ ਕੱਟੜ ਰਾਜਨੀਤੀ ਤੋਂ ਉੱਪਰ ਉੱਠਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦਾ ਫ਼ੈਸਲਾ ਕਰਨ ਕਿ ਲੋਕਾਂ ਦੀ ਭਲਾਈ ਲਈ ਕੀ ਜ਼ਰੂਰੀ ਹੈ। ਸੰਸਦ ਦੇ ਸੈਂਟਰਲ ਹਾਲ ਵਿੱਚ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਪਣੇ ਵਿਦਾਇਗੀ ਭਾਸ਼ਣ ’ਚ ਸ੍ਰੀ ਕੋਵਿੰਦ ਨੇ ਸ਼ਾਂਤੀ ਤੇ ਖ਼ੁਸ਼ਹਾਲੀ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਵਿਰੋਧ ਕਰਨ ਤੇ ਦਬਾਅ ਪਾਉਣ ਦਾ ਅਧਿਕਾਰ ਹੈ, ਪਰ ਉਨ੍ਹਾਂ ਦੇ ਤਰੀਕੇ ਗਾਂਧੀਵਾਦੀ ਹੋਣੇ ਚਾਹੀਦੇ ਹਨ। ਉਨ੍ਹਾਂ ਦੀਆਂ ਇਹ ਟਿੱਪਣੀਆਂ ਇਸ ਸਮੇਂ ਹੋਰ ਵੀ ਅਹਿਮ ਹਨ ਕਿਉਂਕਿ ਅੱਜ-ਕੱਲ੍ਹ ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਧਿਰਾਂ ਵੱਲੋਂ ਕੀਤੇ ਜਾਂਦੇ ਮੁਜ਼ਾਹਰਿਆਂ ਕਾਰਨ ਸੰਸਦ ਦੀ ਕਾਰਵਾਈ ’ਚ ਅਕਸਰ ਵਿਘਨ ਪੈ ਜਾਂਦਾ ਹੈ। ਇਸ ਮੌਕੇ ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਤੋਂ ਇਲਾਵਾ ਸਾਬਕਾ ਰਾਜ ਸਭਾ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ ਤੇ ਤਰਲੋਚਨ ਸਿੰਘ ਸਮੇਤ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਸਨ।
Home Page ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੰਸਦ ਭਵਨ ਵਿੱਚ ਵਿਦਾਇਗੀ