ਅੰਮ੍ਰਿਤਸਰ/ ਸ੍ਰੀ ਫਤਹਿਗੜ੍ਹ ਸਾਹਿਬ, 10 ਜਨਵਰੀ – ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਰਾਹੁਲ ਗਾਂਧੀ ਨੇ ਕੇਸਰੀ ਦਸਤਾਰ ਸਜਾਈ ਹੋਈ ਸੀ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ,ਪ੍ਰਤਾਪ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਅਜਨਾਲਾ, ਭਗਵੰਤਪਾਲ ਸਿੰਘ ਸੱਚਰ ਅਤੇ ਹੋਰ ਆਗੂ ਸ਼ਾਮਲ ਹਨ। ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਕੀਤੀ ਅਤੇ ਕੀਰਤਨ ਸੁਣਿਆ। ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ਼ ਵੀ ਭੇਟ ਕੀਤੀ। ਰਾਹੁਲ ਗਾਂਧੀ ਨੇ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਖੜੇ ਹੋ ਕੇ ਮੱਥਾ ਟੇਕਿਆ। ਉਨ੍ਹਾਂ ਮੀਡੀਆ ਨਾਲ ਕੋਈ ਗੱਲ ਕਰਨ ਤੋਂ ਗੁਰੇਜ਼ ਕੀਤਾ। ਕਾਂਗਰਸੀ ਆਗੂ ਸ੍ਰੀ ਸੱਚਰ ਵੱਲੋਂ ਉਨ੍ਹਾਂ ਨੂੰ ਸ੍ਰੀ ਸਾਹਿਬ ਅਤੇ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਰਾਹੁਲ ਗਾਂਧੀ ਅੱਜ ਦੇਰ ਸ਼ਾਮ ਅਨਾਜ ਮੰਡੀ ਸਰਹਿੰਦ ਵਿਖੇ ਪਹੁੰਚੇ, ਜਿੱਥੇ ਉਹ ਰਾਤ ਠਹਿਰਨਗੇ ਤੇ ਭਲਕੇ 11 ਜਨਵਰੀ ਨੂੰ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਅਨਾਜ ਮੰਡੀ ਸਰਹਿੰਦ ਤੋਂ ਆਪਣੀ ਯਾਤਰਾ ਸ਼ੁਰੂ ਕਰਨਗੇ।
ਸਰਹਿੰਦ ਪਹੁੰਚਣ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਦਿੱਗਵਿਜੈ ਸਿੰਘ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਕਾਂਗਰਸ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
Home Page ਰਾਹੁਲ ਗਾਂਧੀ ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹਰਿਮੰਦਰ...