ਲਖੀਮਪੁਰ ਖੀਰੀ ਕੇਸ: ਚਾਰ ਕਿਸਾਨਾਂ ਦੀ ਹੱਤਿਆ ਦੇ ਕੇਸ ‘ਚ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਜ਼ਮਾਨਤ ‘ਤੇ ਜੇਲ੍ਹ ਵਿੱਚੋਂ ਰਿਹਾਅ

ਲਖੀਮਪੁਰ ਖੀਰੀ, 15 ਫਰਵਰੀ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਹੱਤਿਆ ਕਰਨ ਦੇ ਕੇਸ ‘ਚ ਮੁੱਖ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਅੱਜ ਸ਼ਾਮ ਤਿੰਨ ਮਹੀਨਿਆਂ ਬਾਅਦ ਜ਼ਮਾਨਤ ‘ਤੇ ਜੇਲ੍ਹ ਵਿੱਚੋਂ ਰਿਹਾਅ ਹੋ ਗਿਆ। ਅਲਾਹਾਬਾਦ ਹਾਈ ਕੋਰਟ ਵੱਲੋਂ ਮਿਲੀ ਜ਼ਮਾਨਤ ਤੋਂ ਬਾਅਦ ਆਸ਼ੀਸ਼ ਜੇਲ੍ਹ ‘ਚੋਂ ਬਾਹਰ ਆ ਗਿਆ। ਆਸ਼ੀਸ਼ ਮਿਸ਼ਰਾ 10 ਅਕਤੂਬਰ ਤੋਂ ਜੇਲ੍ਹ ਵਿੱਚ ਸੀ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦਾ ਅਮਲ 7 ਗੇੜ ਵਿੱਚ ਹੋ ਰਿਹਾ ਹੈ ਤੇ ਲਖੀਮਪੁਰ ਖੀਰੀ ਦੇ ਅੱਠ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਚੌਥੇ ਗੇੜ ਵਿੱਚ 23 ਫਰਵਰੀ ਨੂੰ ਹੋਣਗੀਆਂ। ਅਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਲਈ ਦਿੱਤੇ ਹੁਕਮਾਂ ਵਿੱਚ ਸੋਮਵਾਰ ਸੋਧ ਕੀਤੀ ਸੀ। ਜਸਟਿਸ ਰਾਜੀਵ ਸਿੰਘ ਦੇ ਬੈਂਚ ਨੇ 10 ਫਰਵਰੀ ਨੂੰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਜ਼ਮਾਨਤ ਦਿੱਤੀ ਸੀ।