ਲਖਨਊ, 26 ਜੁਲਾਈ – ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਹੈ। ਇਸ ਹਿੰਸਕ ਘਟਨਾ ’ਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਜਸਟਿਸ ਕ੍ਰਿਸ਼ਨ ਪਹਿਲ ਦੇ ਬੈਂਚ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਸਿਆਸੀ ਤੌਰ ’ਤੇ ਇੰਨਾ ਪ੍ਰਭਾਵਸ਼ਾਲੀ ਹੈ ਕਿ ਉਹ ਗਵਾਹਾਂ ਤੇ ਮਾਮਲੇ ਦੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਬੈਂਚ ਨੇ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੋਂ ਬਾਅਦ 15 ਜੁਲਾਈ ਨੂੰ ਆਪਣਾ ਹੁਕਮ ਰਾਖਵਾਂ ਰੱਖ ਲਿਆ ਸੀ। ਲਖਨਊ ਬੈਂਚ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰਦਿਆਂ ਹਾਈ ਕੋਰਟ ਨੂੰ ਨਿਰਦੇਸ਼ ਦਿੱਤਾ ਸੀ ਕਿ ਪੀੜਤ ਧਿਰ ਨੂੰ ਢੁੱਕਵਾਂ ਮੌਕੇ ਦੇ ਕੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾਵੇ। ਇਸ ਤੋਂ ਬਾਅਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ’ਤੇ ਨਵੇਂ ਸਿਰੇ ਤੋਂ ਸੁਣਵਾਈ ਕੀਤੀ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ’ਚ ਵਾਪਰੀ ਇਸ ਹਿੰਸਕ ਘਟਨਾ ’ਚ ਇੱਕ ਪੱਤਰਕਾਰ ਤੇ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਆਸ਼ੀਸ਼ ਮਿਸ਼ਰਾ ਵੀ ਮੁਲਜ਼ਮ ਹੈ। ਇਸ ਘਟਨਾ ਦੌਰਾਨ ਤੇਜ਼ ਰਫ਼ਤਾਰ ਵਾਹਨਾਂ ਨੇ ਕਈ ਵਿਅਕਤੀਆਂ ਨੂੰ ਦਰੜ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਭੜਕੀ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਦੌਰਾਨ ਦੋ ਭਾਜਪਾ ਵਰਕਰ ਤੇ ਇੱਕ ਗੱਡੀ ਦਾ ਡਰਾਈਵਰ ਮਾਰਿਆ ਗਿਆ ਸੀ। ਇਸ ਮਾਮਲੇ ’ਚ ਦੋ ਐੱਫਆਈਆਰ ਦਰਜ ਕੀਤੀਆਂ ਗਈਆਂ ਸਨ।
Home Page ਲਖੀਮਪੁਰ ਖੀਰੀ ਹਿੰਸਾ: ਅਲਾਹਾਬਾਦ ਹਾਈ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ...