ਲਖੀਮਪੁਰ ਖੀਰੀ ਹਿੰਸਾ: ਜਸਟਿਸ ਰਕੇਸ਼ ਕੁਮਾਰ ਜੈਨ ‘ਸਿਟ ਜਾਂਚ’ ਦੀ ਨਿਗਰਾਨੀ ਕਰਨਗੇ

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਯੁਕਤੀ ਕੀਤੀ
ਨਵੀਂ ਦਿੱਲੀ, 17 ਨਵੰਬਰ –
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ‘ਸਿਟ’ (ਐੱਸਆਈਟੀ) ਵੱਲੋਂ ਕੀਤੀ ਜਾ ਰਹੀ ਜਾਂਚ ਦੀ ਹਰ ਦਿਨ ਦੀ ਨਿਗਰਾਨੀ ਲਈ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ। ਜਸਟਿਸ ਰਾਕੇਸ਼ ਕੁਮਾਰ ਜੈਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਹਨ। ਲਖੀਮਪੁਰ ਖੀਰੀ ਵਿੱਚ ਲੰਘੇ ਮਹੀਨੇ 3 ਅਕਤੂਬਰ ਨੂੰ ਵਾਪਰੀ ਹਿੰਸਕ ਘਟਨਾ ਵਿੱਚ 4 ਕਿਸਾਨਾਂ ਸਣੇ 8 ਜਣੇ ਮਾਰੇ ਗਏ ਸਨ।
ਚੀਫ਼ ਜਸਟਿਸ ਐੱਨ.ਵੀ. ਰਾਮੰਨਾ ਅਤੇ ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਈਪੀਐੱਸ ਅਧਿਕਾਰੀਆਂ ਦੇ ਨਾਵਾਂ ਦਾ ਵੀ ਨੋਟਿਸ ਲਿਆ ਅਤੇ ਤਿੰਨ ਅਧਿਕਾਰੀਆਂ ਨੂੰ ਰਾਜ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨਾਲ ਨਿਯੁਕਤ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਿਟ ਵੱਲੋਂ ਆਪਣੀ ਜਾਂਚ ਪੂਰੀ ਕਰਨ ਅਤੇ ਕੇਸ ਵਿੱਚ ਸਥਿਤੀ ਰਿਪੋਰਟ ਅਤੇ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਕੇਸ ਦੀ ਦੁਬਾਰਾ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ 15 ਨਵੰਬਰ ਨੂੰ ਸੂਬੇ ਦੀ ‘ਸਿਟ’ ਦੀ ਜਾਂਚ ਦੀ ਨਿਗਰਾਨੀ ਲਈ ਸਾਬਕਾ ਜੱਜ ਨੂੰ ਨਿਯੁਕਤ ਕਰਨ ਸਬੰਧੀ ਸੁਪਰੀਮ ਕੋਰਟ ਦੇ ਉਕਤ ਸੁਝਾਅ ‘ਤੇ ਸਹਿਮਤੀ ਜਤਾਈ ਸੀ।