ਲਖੀਮਪੁਰ ਖੀਰੀ ਹਿੰਸਾ: ਜ਼ਿਲ੍ਹਾ ਅਦਾਲਤ ਵਿੱਚ ਚਾਰ ਕਿਸਾਨਾਂ ਤੇ ਪੱਤਰਕਾਰ ਦੀ ਮੌਤ ਦੇ ਮਾਮਲੇ ਦੀ ਸੁਣਵਾਈ ਸ਼ੁਰੂ

ਲਖੀਮਪੁਰ ਖੀਰੀ, 12 ਜਨਵਰੀ – ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਅਕਤੂਬਰ 2021 ’ਚ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਦੇ ਮਾਮਲੇ ਦੀ ਸੁਣਵਾਈ ਇੱਥੋਂ ਦੀ ਅਦਾਲਤ ਵਿੱਚ ਅੱਜ ਸ਼ੁਰੂ ਹੋ ਗਈ। ਜ਼ਿਲ੍ਹਾ ਪ੍ਰਸ਼ਾਸਨ ਦੇ ਵਕੀਲ ਅਰਵਿੰਦ ਤ੍ਰਿਪਾਠੀ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਦੀ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਤ੍ਰਿਪਾਠੀ ਨੇ ਦੱਸਿਆ ਕਿ ਸੁਣਵਾਈ ਦੌਰਾਨ ਮੁਦਈ ਪੱਖ ਦੇ ਗਵਾਹ ਜਗਜੀਤ ਸਿੰਘ ਦਾ ਬਿਆਨ ਦਰਜ ਕੀਤਾ ਗਿਆ, ਜਦਕਿ ਬਚਾਅ ਪੱਖ ਦੇ ਵਕੀਲਾਂ ਨੇ ਵੀ ਜਗਜੀਤ ਸਿੰਘ ਨਾਲ ਸਵਾਲ-ਜਵਾਬ ਕੀਤੇ। ਇਹ ਸਿਲਸਿਲਾ ਅਦਾਲਤ ਦੀ ਕਾਰਵਾਈ ਪੂਰੀ ਹੋਣ ਤੱਕ ਜਾਰੀ ਰਿਹਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ 23 ਜਨਵਰੀ ਤੈਅ ਕੀਤੀ ਹੈ।