ਵਾਰਿਸ ਸ਼ਾਹ ਫ਼ਾਉਂਡੇਸ਼ਨ ਵੱਲੋਂ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 12 ਮਈ (ਡਾ. ਚਰਨਜੀਤ ਸਿੰਘ ਗੁਮਟਾਲਾ) – ਵਾਰਿਸ ਸ਼ਾਹ ਫ਼ਾਉਂਡੇਸ਼ਨ ਵੱਲੋਂ ਬਹੁਤ ਹੀ ਹਰਮਨ ਪਿਆਰੇ ਪੰਜਾਬੀ ਦੇ ਸਿਰਮੌਰ ਕਵੀ, ਆਲੋਚਕ ਤੇ ਅਧਿਆਪਕ ਸੁਰਜੀਤ ਪਾਤਰ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਫ਼ਾਉਂਡੇਸ਼ਨ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਜਨਰਲ ਸਕੱਤਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਮੂਹ ਮੈਂਬਰਾਨ ਵਲੋਂ ਜਾਰੀ ਇੱਕ ਸਾਂਝੇ ਬਿਆਨਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਦੇ ਅਕਾਲ ਚਲਾਣੇ ਨਾਲ ਇਕ ਯੁੱਗ ਦਾ ਅੰਤ ਹੋ ਗਿਆ।ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ 2012 ਵਿਚ ਪਦਮਸ੍ਰੀ ਨਾਲ ਸਨਮਾਨਿਆ ਜਾਣਾ ਸਾਰੇ ਪੰਜਾਬੀਆਂ ਦਾ ਮਾਣ ਵਾਲੀ ਗਲ ਹੈ। ਏਸੇ ਤਰ੍ਹਾਂ ਉਨ੍ਹਾਂ ਨੂੰ1993 ਵਿਚ ਹਨੇਰੇ ਵਿਚ ਸੁਲਗਦੀ ਵਰਣਮਾਲਾ ‘ਤੇ ਸਾਹਿਤ ਅਕਾਦਮੀ ਪੁਰਸਕਾਰ ਮਿਲਣਾ ਤੇ 1997 ਵਿਚ ਸ਼੍ਰੋਮਣੀ ਕਵੀ ਪੁਰਸਕਾਰ ਮਿਲਣਾ ਵੀ ਸਾਡੇ ਲਈ ਮਾਣ ਵਾਲੀ ਗਲ ਹੈ। ਉਨ੍ਹਾਂ ਨੂੰ ਗਿਆਨਪੀਠ ਤੇ ਕਈ ਹੋਰ ਪੁਰਸਕਾਰਾਂ ਨਾਲ ਨਿਵਾਜਿਆ ਜਾਣਾ ਉਨ੍ਹਾਂ ਦੀ ਉਚ ਕੋਟੀ ਦੀ ਕਾਵਿ ਪ੍ਰਤਿਭਾ ਦਾ ਲਖਾਇਕ ਹੈ।ਉਹ ਇਸ ਸਮੇਂ ਸਭ ਤੋਂ ਵਧ ਹਰਮਨ ਪਿਆਰੇ ਕਵੀ ਹਨ।
ਉਨ੍ਹਾਂ ਨੇ ਕੋਲਾਜ, ਹਵਾ ਵਿਚ ਲਿਖੇ ਹਰਫ਼, ਬਿਰਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਾਜ਼ੇਬ,ਸੁਰ ਜ਼ਮੀਨ, ਚੰਨ ਸੂਰਜ ਦੀ ਵਹਿੰਗੀ ਤੋਂ ਇਲਾਵਾ ਦਰਜਨ ਦੇ ਕਰੀਬ ਪੁਸਤਕਾਂ ਦੇ ਅਨੁਵਾਦ ਪੰਜਾਬੀ ਸਾਹਿਤ ਦੀ ਝੋਲੀ ਵਿਚ ਪਾਏ। ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਲਈ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ ।