ਚੰਡੀਗੜ੍ਹ, 4 ਫਰਵਰੀ – ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ‘ਤੇ ਅਧਾਰਿਤ ਸਿਆਸੀ ਗੱਠਜੋੜ ਨੇ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ 11 ਸੂਤਰੀ ਸੰਕਲਪ ਪ੍ਰੋਗਰਾਮ ਜਾਰੀ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ, ਕੌਮੀ ਸੁਰੱਖਿਆ, ਨਸ਼ਾ ਮੁਕਤ ਤੇ ਮਾਫ਼ੀਆ ਮੁਕਤ ਪੰਜਾਬ ਦੇਣ ਦਾ ਵਾਅਦਾ ਕੀਤਾ ਹੈ।
ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਪ ਪੁਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ 11 ਸੂਤਰੀ ਏਜੰਡਾ ਤੇ ਪ੍ਰੋਗਰਾਮ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਸੁਰੱਖਿਆ ਤੇ ਭੈਅ ਮੁਕਤ ਮਾਹੌਲ ਦਿੱਤਾ ਜਾਵੇਗਾ। ਭਾਜਪਾ ਦੀ ਅਗਵਾਈ ਹੇਠ ਸਾਰੇ ਹਲਕਿਆਂ ਤੋਂ ਉਮੀਦਵਾਰ ਉਤਾਰਨ ਵਾਲੀਆਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਸਮੁੱਚੇ ਵਿਭਾਗਾਂ ਵਿੱਚ ਸਾਰੀਆਂ ਖ਼ਾਲੀ ਅਸਾਮੀਆਂ ਇੱਕ ਸਾਲ ਦੇ ਅੰਦਰ-ਅੰਦਰ ਭਰ ਕੇ ਰੁਜ਼ਗਾਰ ਦੇਣ ਦਾ ਸੁਫ਼ਨਾ ਦਿਖਾਇਆ ਹੈ ਤੇ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਹੈ।
ਭਾਜਪਾ ਦੀ ਅਗਵਾਈ ਵਾਲੇ ਸਿਆਸੀ ਗੱਠਜੋੜ ਨੇ ਜਿੱਥੇ ਸਿੱਖਿਆ ਅਤੇ ਸਿਹਤ ਦਾ ਪੱਧਰ ਉੱਚਾ ਚੁੱਕਣ ਦਾ ਵਾਅਦਾ ਕੀਤਾ ਹੈ, ਉੱਥੇ ਭਾਜਪਾ ਦੇ ਪੁਰਾਣੇ ਨਾਅਰੇ ‘ਸਬ ਕਾ ਸਾਥ ਤੇ ਸਬ ਕਾ ਵਿਕਾਸ’ ਦਾ ਨਾਅਰਾ ਦੇ ਕੇ ਬਜ਼ੁਰਗਾਂ ਦੀ ਪੈਨਸ਼ਨ 3 ਹਜ਼ਾਰ ਰੁਪਏ ਪ੍ਰਤੀ ਮਹੀਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ, ਔਰਤਾਂ ਲਈ 10 ਲੱਖ ਰੁਪਏ ਤੱਕ ਦੇ ਘੱਟ ਵਿਆਜ ਵਾਲੇ ਕਰਜ਼ੇ ਅਤੇ ਆਂਗਣਵਾੜੀ ਵਰਕਰਾਂ ਦਾ ਭੱਤਾ 10 ਹਜ਼ਾਰ ਤੇ ਆਸ਼ਾ ਵਰਕਰਾਂ ਦਾ ਭੱਤਾ 6 ਹਜ਼ਾਰ ਰੁਪਏ ਤੱਕ ਵਧਾਉਣ ਦਾ ਸੰਕਲਪ ਵੀ ਜਾਰੀ ਕੀਤਾ ਹੈ। ਵਿਦਿਆਰਥੀਆਂ ਨੂੰ 5 ਲੱਖ ਰੁਪਏ ਤੱਕ ਕਰਜ਼ੇ ਦੀ ਸਹੂਲਤ ਦਿੱਤੀ ਜਾਵੇਗੀ। ਸਰਹੱਦੀ ਖੇਤਰ ਦੇ ਵਿਕਾਸ ਲਈ ਸਰਹੱਦੀ ਖੇਤਰ ਵਿਕਾਸ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ। ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਅਜਿਹੇ ਮਾਮਲਿਆਂ ਦੇ ਨਿਪਟਾਰੇ ਲਈ ਫਾਸਟ ਟਰੈਕ ਕੋਰਟਾਂ ਸਥਾਪਤ ਕੀਤੀਆਂ ਜਾਣਗੀਆਂ। ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਸੂਬੇ ਵਿੱਚੋਂ ਗੈਂਗ ਸੱਭਿਆਚਾਰ ਦਾ ਖ਼ਾਤਮਾ ਕੀਤਾ ਜਾਵੇਗਾ। ਅਤਿਵਾਦ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੁਲ੍ਹਾ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ ਤੇ ਅਜਿਹੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸਨਅਤੀ ਅਤੇ ਹੋਰਨਾਂ ਖੇਤਰਾਂ ਵਿੱਚ ਵੀ ਪੰਜਾਬ ਨੂੰ ਬੁਲੰਦੀਆਂ ‘ਤੇ ਲਿਜਾਉਣ ਦੇ ਸੁਫ਼ਨੇ ਦਿਖਾਏ।
ਭਾਜਪਾ ਗੱਠਜੋੜ ਨੇ ਲੋਕਾਂ ਨਾਲ ਵਾਅਦਿਆਂ ਦੀ ਝੜੀ ਲਾਉਂਦਿਆਂ ਕਿਹਾ ਕਿ ਜੇਕਰ ਐੱਨਡੀਏ ਸੱਤਾ ‘ਚ ਆਉਂਦਾ ਹੈ ਤਾਂ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਫਲਾਂ, ਸਬਜ਼ੀਆਂ, ਦਾਲਾਂ, ਤੇਲ ਬੀਜਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ। ਬੇਜ਼ਮੀਨੇ ਕਿਸਾਨਾਂ ਨੂੰ ਕਾਸ਼ਤ ਲਈ 1 ਲੱਖ ਏਕੜ ਸ਼ਾਮਲਾਤ ਜ਼ਮੀਨ ਅਲਾਟ ਕੀਤੀ ਜਾਵੇਗੀ। ਸਾਰੇ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਕਸੁਰ ਵਿੱਚ ਕਿਹਾ ਕਿ ਹਾਲ ਦੀ ਘੜੀ ਗੱਠਜੋੜ ਵਿੱਚ ਸ਼ਾਮਲ ਤਿੰਨੋਂ ਪਾਰਟੀਆਂ ਦਾ ਮੁੱਖ ਏਜੰਡਾ ਚੋਣਾਂ ਲੜਨਾ ਅਤੇ ਜਿੱਤਣਾ ਹੈ। ਇਸ ਲਈ ਮੁੱਖ ਮੰਤਰੀ ਕੌਣ ਹੋਵੇਗਾ ਇਸ ਸਬੰਧੀ ਫ਼ੈਸਲਾ ਨਤੀਜਾ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ।
Home Page ਵਿਧਾਨ ਸਭਾ ਚੋਣਾਂ: ਭਾਜਪਾ ਦੀ ਅਗਵਾਈ ਵਾਲੇ ਸਿਆਸੀ ਗੱਠਜੋੜ ਨੇ 11 ਸੂਤਰੀ...